ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ 37 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ
ਗੁਰਦਾਸਪੁਰ, 24 ਅਪ੍ਰੈਲ ( ਬਿਊਰੋ ) – ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਨੇ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ/ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਜਿਨ੍ਹਾਂ ਨੇ ਅਜੇ ਤੱਕ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਅਤੇ ਆਪਣੇ ਕਾਰਡ ਨਹੀਂ ਬਣਾਏ ਉਹ ਤੁਰੰਤ ਆਪਣੇ ਕਾਰਡ ਬਣਵਾ ਲੈਣ ਤਾਂ ਜੋ ਲੋੜ ਪੈਣ ’ਤੇ ਉਹ ਸਿਹਤ ਬੀਮਾ ਯੋਜਨਾ ਦਾ ਲਾਭ ਲੈ ਸਕਣ।
ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਨੇ ਅੱਜ ਆਪਣੇ ਦਫ਼ਤਰ ਵਿਖੇ ਆਯੂਸ਼ਮਾਨ ਭਾਰਤ ਸਿਹਤ ਬੀਮਾਂ ਯੋਜਨਾ ਅਧੀਨ ਬਣੇ ਕਾਰਡਾਂ ਸਬੰਧੀ ਰੀਵਿਊ ਮੀਟਿੰਗ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਯੋਗ ਲਾਭਪਾਤਰੀਆਂ ਦੇ 100 ਫੀਸਦੀ ਬੀਮਾ ਕਾਰਡ ਬਣਾਏ ਜਾਣ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜੇ-ਫਾਰਮ ਹੋਲਡਰ ਕਿਸਾਨਾਂ, ਰਜਿਸਟਰਡ ਉਸਾਰੀ ਕਿਰਤੀਆਂ, ਰਾਸ਼ਨ ਕਾਰਡ ਯੋਜਨਾ ਦੇ ਸਮਾਰਟ ਕਾਰਡ ਹੋਲਡਰ ਵਿਅਕਤੀਆਂ, ਰਜਿਸਟਰਡ ਛੋਟੇ ਵਪਾਰੀਆਂ ਅਤੇ ਯੈਲੋ ਕਾਰਡ ਤੇ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਕਵਰ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਸੂਚੀਬੱਧ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਦਿੱਤੀ ਜਾਂਦੀ ਹੈ।
ਡਾ. ਨਿਧੀ ਕੁਮੁਦ ਬਾਮਬਾ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾਂ ਯੋਜਨਾ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ 37 ਸਰਕਾਰੀ ਤੇ ਨਿੱਜੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ। ਉਨ੍ਹਾਂ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਜਰੂਰ ਬਣਾਉਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਮਨਮੋਹਨ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਕ੍ਰਿਪਾਲ ਸਿੰਘ ਢਿਲੋਂ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।