ਗੁਰਦਾਸਪੁਰ, 30 ਅਪ੍ਰੈਲ ( ਬਿਊਰੋ ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਬਿਜਲੀ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਨਿਭਾਇਆ ਜਾ ਰਿਹਾ ਹੈ। ਰਾਜ ਸਰਕਾਰ ਦੀ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਦਾ ਸਮਾਜ ਦੇ ਹਰ ਵਰਗ ਨੂੰ ਬਿਨ੍ਹਾਂ ਕਿਸੇ ਭੇਦ-ਭਾਵ ਲਾਭ ਪਹੁੰਚ ਰਿਹਾ ਹੈ। ਇਕੱਲੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਦੇ 422396 ਘਰੇਲੂ ਖਪਤਕਾਰਾਂ ਵਿੱਚੋ 381842 (90.40%) ਖਪਤਕਾਰਾਂ ਦੇ ਮਹੀਨਾ 02/2023 ਅਤੇ 03/2023 ਵਿੱਚ ਜ਼ੀਰੋ ਬਿੱਲ ਆਏ ਹਨ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਸੂਬਾ ਵਾਸੀਆਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦੇਣ ਦੀ ਗਾਰੰਟੀ ਦਿੱਤੀ ਸੀ ਅਤੇ ਸਰਕਾਰ ਬਣਦਿਆਂ ਹੀ ਇਸ ਗਰੰਟੀ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਮੁਫ਼ਤ ਬਿਜਲੀ ਸਹੂਲਤ ਹਰ ਕਿਸੇ ਧਰਮ, ਜਾਤ, ਵਰਗ ਤੋਂ ਉੱਪਰ ਉੱਠ ਕੇ ਸਾਰਿਆਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਵਲ ਜ਼ਿਲ੍ਹਾ ਗੁਰਦਾਸਪੁਰ ਦੇ 422396 ਖਪਤਕਾਰਾਂ ਵਿਚੋਂ 381842 ਖਪਤਕਾਰਾਂ ਨੂੰ ਫਰਵਰੀ ਅਤੇ ਮਾਰਚ ਮਹੀਨੇ ਦੇ ਜ਼ੀਰੋ ਬਿੱਲ ਆਏ ਹਨ ਜੋ ਕਿ ਕੁਲ ਖਪਤਕਾਰਾਂ ਦਾ 90.40 ਫੀਸਦੀ ਬਣਦਾ ਹੈ।