- ਵੱਖ-ਵੱਖ ਵਿਭਾਗਾਂ ਦੇ ਸਮੂਹ ਕੈਟਾਗਿਰੀਆਂ ਦੇ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ’ਚ ਮਰਜ ਕਰਕੇ ਰੈਗੂਲਰ ਕਰੇ ਸਰਕਾਰ – ਮੋਰਚਾ ਆਗੂ
- ਜਲੰਧਰ, 14 ਮਈ ( ਬਿਊਰੋ ) – ਵੱਖ-ਵੱਖ ਵਿਭਾਗਾਂ ਵਿਚ ਸਾਲਾਂਬੱਧੀ ਅਰਸ਼ੇ ਤੋਂ ਕੰਮ ਕਰਦੇ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜਮਾਂ ਦੇ ਪੱਕੇ ਰੁਜਗਾਰ ਦੀ ਮੰਗ ਪ੍ਰਤੀ ਅਪਣਾਏ ਜਾ ਰਹੇ ਨਫਰਤੀ ਵਰਗੇ ਮੌਜੂਦਾ ਪੰਜਾਬ ਸਰਕਾਰ ਦੇ ਵਿਹਾਰ ਵਿਰੁੱਧ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਲੋਂ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਹੈ।
ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਠੇਕਾ ਮੁਲਾਜਮ ਸੰਘਰਸ ਮੋਰਚਾ ਪੰਜਾਬ ਦੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ , ਪਵਨਦੀਪ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋਂ, ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਨੇ ਕਿਹਾ ਕਿ ਮੋਜੂਦਾ ਪੰਜਾਬ ਸਰਕਾਰ ਜਿਹੜੀ ਪਿਛਲੀਆਂ ਸਰਕਾਰਾਂ ਦਾ ਬਦਲ ਪੇਸ਼ ਕਰਨ ਦੇ ਦਾਅਵੇ ਕਰਦੀ ਸੀ, ਪਰ ਇਸ ਸਰਕਾਰ ਨੇ ਬਦਲ ਤਾਂ ਪੇਸ਼ ਕੀ ਕਰਨਾ ਸੀ, ਸਗੋਂ ਪਹਿਲੀਆਂ ਸਰਕਾਰਾਂ ਤੋਂ ਵੀ ਅਗਾਂਹ ਮੇਹਨਤਕਸ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਕਾਰਪੋਰੇਟ ਘਰਾਣਿਆਂ ਦੀ ਲੁੱਟ ਅਤੇ ਮੁਨਾਫੇ ਕਮਾਉਣ ਦੇ ਹਿੱਤਾਂ ਦੀ ਪੂਰਤੀ ਲਈ ਸੂਬੇ ਦੇ ਲੋਕ ਨਾਲ ਝੂਠ ਅਤੇ ਧੋਖੇ ਦੀ ਖੇਡ ਨੂੰ ਜਾਰੀ ਰੱਖਿਆ ਗਿਆ ਹੈ ਅਤੇ ਲੋਕ ਸੇਵਾ ਲਈ ਉਸਾਰੇ ਹੋਏ ਅਦਾਰਿਆਂ ਨੂੰ ਕਾਰਪੋਰੇਟਰਾਂ ਦੇ ਹੱਥ ਵਿਚ ਸੌਪ ਕੇ ਅੰਨ੍ਹੀ ਲੁੱਟ ਕਰਵਾਉਣ ਦੀਆਂ ਨੀਤੀਆਂ ਲਾਗੂ ਕੀਤੀਆਂ ਜਾ ਰਹੀਆ ਹਨ ਉਥੇ ਇਸਦੇ ਨਾਲ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਆਊਟਸੋਰਸ ਅਤੇ ਇਨਲਿਸਟਮੈਟ ਦੇ ਰੂਪ ਵਿੱਚ ਕੰਮ ਕਰਦੇ ਕਾਮਿਆਂ ਜੋਕਿ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਕਰਨ, ਆਪਣੇ ਪੱਕੇ ਰੁਜਗਾਰ, ਘੱਟੋ-ਘੱਟ ਉਜਰਤ ਦੇ ਕਾਨੂੰਨ ਅਨੁਸਾਰ ਗੁਜਾਰੇ ਯੋਗ ਤਨਖਾਹ, ਬਰਾਬਰ ਕੰਮ ਲਈ ਬਰਾਬਰ ਤਨਖਾਹ, ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਵਿਰੁੱਧ ਅਤੇ ਹੋਰ ਭੱਖਦੀਆਂ ਅਹਿਮ ਮੰਗਾਂ ਦੀ ਪ੍ਰਾਪਤੀ ਲਈ ਜਦੋ-ਜਹਿਦ ਕਰਦੇਂ ਆ ਰਹੇ ਹਨ, ਇਨ੍ਹਾਂ ਕਾਮਿਆਂ ਦੀਆਂ ‘ਮੰਗਾਂ-ਮਸਲਿਆਂ’ ਦਾ ਹੱਲ ਆਪਸੀ ਗੱਲਬਾਤ ਰਾਹੀ ਹੋਣ ਦੇ ਉਦੇਸ਼ ਨਾਲ ਪਿਛਲੇ 1 ਸਾਲ ਤੋਂ ਮੁੱਖ ਮੰਤਰੀ ਪੰਜਾਬ ਸਰਕਾਰ ਨਾਲ ਮੀਟਿੰਗ ਕਰਨ ਲਈ ਵਾਰ ਵਾਰ ਪੱਤਰ ਲਿੱਖ ਕੇ ਬੇਨਤੀ ਕਰ ਰਹੇ ਹਨ। ਜਿਸ ’ਤੇ ਭਾਵੇ ਕਿ ਮੁੱਖ ਮੰਤਰੀ ਪੰਜਾਬ ਵਲੋਂ 12 ਵਾਰ ਲਿਖਤੀ ਰੂਪ ਵਿਚ ਮੀਟਿੰਗ ਕਰਨ ਲਈ ਸਮਾਂ ਤੈਅ ਕੀਤਾ ਗਿਆ ਪਰ ਐਨ ਮੌਕੇ ਤੇ ਆ ਕੇ ਆਪਣੇ ਜਰੂਰੀ ਰੁਝਵਿਆ ਦਾ ਬਹਾਨਾ ਲਗਾ ਕੇ ਮੁੱਖ ਮੰਤਰੀ ਸਾਹਿਬ ਵਲੋਂ ਹਰ ਵਾਰ ਮੀਟਿੰਗ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਕ ਪਾਸੇ ਮੁਲਾਜਮਾਂ ਮੰਗਾਂ ਦਾ ਹੱਲ ਕਰਨ ਲਈ ਮੁੱਖ ਮੰਤਰੀ ਪੰਜਾਬ ਸਰਕਾਰ ਵਲੋਂ ਅਣਗੌਲਿਆ ਕੀਤਾ ਜਾ ਰਿਹਾ ਹੈ ਉਥੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਆਊਟਸੋਰਸ ਤੇ ਇਨਲਿਸਟਮੈਂਟ ਮੁਲਾਜਮਾਂ ਦੇ ਵਿਰੋਧ ਵਿਚ ਫੈਸਲੇ ਲਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਠੇਕਾ ਮੁਲਾਜਮ ਵਿਰੋਧੀ ਅਪਣਾਏ ਜਾ ਰਹੇ ਰਵੱਈਏ ਦੇ ਕਾਰਨ ਆਪਣੇ ਕੱਚੇ-ਪਿੱਲੇ ਰੁਜਗਾਰ ਨੂੰ ਬਚਾਉਣ ਦੇ ਨਾਲ ਨਾਲ ਆਪਣੇ ਹੱਕਾਂ ਦੀ ਰਾਖੀ ਲਈ ਸਾਡੇ ਕੋਲ ਸੰਘਰਸ਼ ਤੋਂ ਬਿਨਾ ਕੋਈ ਹੋਰ ਰਾਹ ਨਹੀਂ ਹੈ, ਜਿਸਦੇ ਸਬੰਧ ਵਿਚ ਲੋਕ ਸਭਾ ਹਲਕਾ ਜਲੰਧਰ ਦੀ ਹੋਣ ਜਾ ਰਹੀ ਜਿੰਮਨੀ ਦੇ ਦੌਰਾਨ ਪੰਜਾਬ ਸਰਕਾਰ ਦੇ ਖਿਲਾਫ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਤੇ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜਮਾਂ ਵਲੋਂ 17 ਮਈ ਨੂੰ ਜਲੰਧਰ ਪੁੱਜ ਕੇ ਸਰਕਾਰ ਦੀਆਂ ਇਨ੍ਹਾਂ ਵਧੀਕੀਆਂ ਦਾ ਲੋਕ ਸੱਥ ’ਚ ਪਾਜ ਉਘਾੜਨ ਅਤੇ ਵਿਰੋਧ ਪ੍ਰਦਰਸਨ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਸਾਰੇ ਵਿਭਾਗਾਂ ਦੇ ਸਮੂਹ ਕੈਟਾਗਿਰੀਆਂ ਦੇ ਠੇਕਾ ਮੁਲਾਜਮਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਕਾਰਪੋਰੇਟ ਲੁਟੇਰਿਆਂ ਦੀ ਸੇਵਾਦਾਰ ਲੋਕ ਅਤੇ ਮੁਲਾਜਮ ਦੁਸਮਣ ਪੰਜਾਬ ਸਰਕਾਰ ਨੂੰ ਆਪਣੀ ਇਕਜੁੱਟ ਤਾਕਤ ਦਾ ਅਹਿਸਾਸ ਕਰਵਾ ਕੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਅੱਜ ਤੋਂ ਹੀ ਇਸ ਸੰਘਰਸ਼ ਦੀ ਤਿਆਰੀ ਵਿਚ ਲੱਕ ਬੰਨ੍ਹ ਕੇ ਜੁਟ ਜਾਣ ਅਤੇ ਆਪਣੇ ਸੰਘਰਸ਼ ਤਾਕਤ ਦੇ ਜੋਰ ਨਾਲ ਪੰਜਾਬ ਸਰਕਾਰ ਨੂੰ ਮੰਗਾਂ ਪ੍ਰਵਾਨ ਕਰਨ ਲਈ ਮਜਬੂਰ ਕੀਤਾ ਜਾ ਸਕੇ।
ਜਾਰੀ ਕਰਤਾ
ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ