ਚਮਕੌਰ ਸਾਹਿਬ, 2 ਜੁਲਾਈ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬੰਦ ਕਰਕੇ ਗਰੀਬਾਂ ਦੇ ਹੱਕ ਖੋਹ ਰਹੀ ਹੈ। ਉਨ੍ਹਾਂ ਨੇ ਇਹ ਪ੍ਰਗਟਾਵਾ ਇੱਥੇ ਇੰਦਰਾ ਕਾਲੋਨੀ ਦੇ ਵਿੱਚ ਪਹੁੰਚ ਕੇ ਉਨ੍ਹਾਂ ਲੋਕਾਂ, ਜਿਨ੍ਹਾਂ ਦੇ ਆਟਾ ਦਾਲ ਸਕੀਮ ਅਧੀਨ ਕਾਰਡ ਕੱਟ ਦਿੱਤੇ ਗਏ ਹਨ, ਨਾਲ ਗੱਲ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਦੀ ਸਰਕਾਰ ਸਮੇਂ ਸਭ ਤੋਂ ਵੱਧ ਗਰੀਬ ਲੋਕਾਂ ਦੇ ਉਕਤ ਕਾਰਡ ਬਣਾਏ ਸਨ ਤਾਂ ਜੋ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ ਪਰ ਹੁਣ ‘ਆਪ’ ਦੀ ਸਰਕਾਰ ਨੇ ਉਨ੍ਹਾਂ ਦੇ ਕਾਰਡ ਕੱਟ ਦਿੱਤੇ ਹਨ, ਜਿਸ ਕਾਰਨ ਉਹ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਾਲੋਨੀ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦੇ ਕਾਰਡ ਮੁੜ ਤੋਂ ਚਲਾਉਣ ਲਈ ਉਹ ਉਨ੍ਹਾਂ ਦੇ ਧਰਨੇ ਵਿੱਚ ਵੀ ਸ਼ਾਮਲ ਹੋਣਗੇ। ਸ੍ਰੀ ਚੰਨੀ ਆਖਿਆ ਕਿ ਪੰਜਾਬ ਸਰਕਾਰ ਉਨ੍ਹਾਂ ਲੋਕਾਂ ਨਾਲ ਧੱਕਾ ਕਰ ਰਹੀ ਹੈ, ਜਿਨ੍ਹਾਂ ਨੇ ਸਰਕਾਰ ਨੂੰ ਵੋਟਾਂ ਨਹੀਂ ਪਾਈਆਂ ਪਰ ਇਹ ਸਭ ਬਰਦਾਸ਼ਤ ਨਹੀਂ ਕੀਤਾ ਜਾਵੇਗਾ।