* ਮੁਹਾਲੀ ਤੇ ਖਰੜ ਦੇ ਲੋਕਾਂ ਤੋਂ ਹਾਲਾਤ ਬਾਰੇ ਜਾਣਕਾਰੀ ਲਈ
* ਮੁੱਖ ਮੰਤਰੀ ਨੇ ਮੀਂਹ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਕਰਾਉਣ ਦਾ ਐਲਾਨ ਕੀਤਾ
ਮੁਹਾਲੀ/ਖਰੜ, 10 ਜੁਲਾਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੁਹਾਲੀ ਸਮੇਤ ਮੀਂਹ ਤੋਂ ਪ੍ਰਭਾਵਿਤ ਹੋਰਨਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਮੌਜੂਦਾ ਹਾਲਾਤ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਨਿਾਂ ਤੋਂ ਲਗਾਤਾਰ ਪੈ ਰਹੇ ਭਰਵੇਂ ਮੀਂਹ ਕਾਰਨ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ, ਜਿਸ ਕਰਕੇ ਸਥਾਨਕ ਵਸਨੀਕ ਸਹਿਮ ਵਿੱਚ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੀਂਹ ਕਾਰਨ ਪੈਦਾ ਹੋਏ ਹਾਲਾਤ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ ਹੋਰਨਾਂ ਸਮਰੱਥ ਅਧਿਕਾਰੀਆਂ ਤੋਂ ਪਲ-ਪਲ ਦੀ ਖ਼ਬਰ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਸੂਬਾ ਸਰਕਾਰ ਹਰ ਕਦਮ ’ਤੇ ਲੋਕਾਂ ਨਾਲ ਖੜ੍ਹੀ ਹੈ ਤੇ ਮੀਂਹ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਪੰਜਾਬ ਵਿੱਚ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਸਾਰੇ ਵਿਧਾਇਕਾਂ ਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਉਹ ਸਾਰੇ ਕੰਮ ਛੱਡ ਕੇ ਪੀੜਤਾਂ ਦੀ ਮਦਦ ਲਈ ਪਹੁੰਚਣ। Punjabi Akhar