
ਚੰਡੀਗੜ੍ਹ, 31 ਜੁਲਾਈ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਅਤੇ ਕਿਸਾਨਾਂ ਦੀਆਂ ਹੋਰ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ ਨਾਲ ਵਿਚਾਰ-ਚਰਚਾ ਕੀਤੀ। ਪੰਜਾਬ ਵਿਧਾਨ ਸਭਾ ’ਚ ਹੋਈ ਇਸ ਮੀਟਿੰਗ ’ਚ ਪੰਜਾਬ ਦੇ ਸਿੰਜਾਈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਕੇਏਪੀ ਸਿਨਹਾ, ਪ੍ਰਮੁੱਖ ਸਕੱਤਰ ਸਿੰਜਾਈ ਵਿਭਾਗ ਕ੍ਰਿਸ਼ਨ ਕੁਮਾਰ, ਪੀਐੱਸਪੀਸੀਐੱਲ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਅਤੇ ਹੋਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸੰਧਵਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਯੋਗ ਹੱਲ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸਰਕਾਰ ਸੂਬੇ ਦੇ ਲਿਫ਼ਟ ਪੰਪਾਂ ਦੀ ਵਰਤੋਂ ਨਾਲ ਸਿੰਜਾਈ ਕਰਨ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ ਹੈ। ਸੂਬੇ ਦੇ ਹਰ ਕਿਸਾਨ ਦੇ ਖੇਤ ਤੱਕ ਸਿੰਜਾਈ ਸੰਭਵ ਬਣਾਉਣਾ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਾਰਜ ਲਈ ਪਹਿਲਾਂ ਹੀ ਲਗਾਤਾਰ ਉਪਰਾਲੇ ਕਰ ਰਹੀ ਹੈ। ਸਿੰਜਾਈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਧਾਨ ਸਭਾ ਸਪੀਕਰ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਸਿੰਜਾਈ ਸਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਣੀ ਦੇਵੇਗੀ। Punjabi Akhar





















