ਕਰਾਚੀ, 6 ਅਗਸਤ
ਪਾਕਿਸਤਾਨ ਸਰਕਾਰ ਨੇ ਦੇਸ਼ ਦੀ ਸੀਨੀਅਰ ਪੁਰਸ਼ ਕ੍ਰਿਕਟ ਟੀਮ ਨੂੰ ਵਿਸ਼ਵ ਕੱਪ-2023 ਵਿੱਚ ਹਿੱਸਾ ਲੈਣ ਲਈ ਭਾਰਤ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਕਦਮ ਨਾਲ ਪਾਕਿਸਤਾਨ ਕ੍ਰਿਕਟ ਟੀਮ ਦੇ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਸਬੰਧੀ ਬਣੀ ਬੇਯਕੀਨੀ ਵੀ ਖ਼ਤਮ ਹੋ ਗਈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਮੁਤਾਬਕ ਪਾਕਿਸਤਾਨ ਇਸ ਗੱਲ ’ਤੇ ਕਾਇਮ ਹੈ ਕਿ ਖੇਡ ਨੂੰ ਸਿਆਸਤ ਨਾਲ ਨਹੀਂ ਜੋੜਨਾ ਚਾਹੀਦਾ। ਇਸ ਲਈ ਦੇਸ਼ ਦੀ ਟੀਮ ਨੂੰ ਅਗਾਮੀ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਲਈ ਭਾਰਤ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਬਿਆਨ ਵਿੱਚ ਕਿਹਾ ਗਿਆ, ‘‘ਪਾਕਿਸਤਾਨ ਦਾ ਮੰਨਣਾ ਹੈ ਕਿ ਭਾਰਤ ਨਾਲ ਦੁਵੱਲੇ ਸਬੰਧਾਂ ਦੀ ਸਥਿਤੀ ਆਪਣੀਆਂ ਕੌਮਾਂਤਰੀ ਖੇਡ ਪ੍ਰਤੀ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਅੜਿੱਕਾ ਨਹੀਂ ਬਣਨੀ ਚਾਹੀਦੀ। ਸਾਨੂੰ ਉਮੀਦ ਹੈ ਕਿ ਭਾਰਤ ਯਾਤਰਾ ਦੌਰਾਨ ਪਾਕਿਸਤਾਨ ਕ੍ਰਿਕਟ ਟੀਮ ਦੀ ਪੂਰੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।’’ Punjabi Akhar