Code Of Ethics

Download app

Subscribe To Print Edition

ਤੋਸ਼ਾਖਾਨਾ ਮਾਮਲਾ: ਪੀਟੀਆਈ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ

ਪਟੀਸ਼ਨ ਦਾਇਰ ਕਰ ਕੇ ਮਾਮਲੇ ਦੀ ਮੁੜ ਸੁਣਵਾਈ ਮੰਗੀ; ਇਮਰਾਨ ਨੂੰ ਅਡਿਆਲਾ ਜੇਲ੍ਹ ’ਚ ਤਬਦੀਲ ਕਰਨ ਲਈ ਇਸਲਾਮਾਬਾਦ ਹਾਈ ਕੋਰਟ ’ਚ ਪਟੀਸ਼ਨ

ਇਸਲਾਮਾਬਾਦ, 7 ਅਗਸਤ

ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਨੇ ਅੱਜ ਆਪਣੇ ਚੇਅਰਮੈਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰਿਹਾਈ ਲਈ ਕਾਨੂੰਨੀ ਲੜਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪਾਰਟੀ ਨੇ ਤੋਸ਼ਾਖਾਨਾ ਮਾਮਲੇ ਵਿੱਚ ਮੁੜ ਸੁਣਵਾਈ ਦੀ ਮੰਗ ਲਈ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਹੈ। ਸੰਵਿਧਾਨ ਦੀ ਧਾਰਾ 184 (2) ਤਹਿਤ ਦਾਇਰ ਕੀਤੀ ਗਈ ਇਸ ਪਟੀਸ਼ਨ ’ਚ ਮਾਮਲੇ ਦੀ ਨਿਰਪੱਖ ਸੁਣਵਾਈ ਨਾ ਹੋਣ ਦੇ ਆਧਾਰ ’ਤੇ ਇਹ ਮੰਗ ਕੀਤੀ ਗਈ ਹੈ। ਉਨ੍ਹਾਂ ਅਨੁਸਾਰ ਇਹ ਫੈਸਲਾ ਜਲਦਬਾਜ਼ੀ ਅਤੇ ਇਮਰਾਨ ਦੀ ਗੈਰ-ਹਾਜ਼ਰੀ ’ਚ ਸੁਣਾਇਆ ਗਿਆ। ਅਜਿਹਾ ਕਰ ਕੇ ਇਸਲਾਮਾਬਾਦ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਅਣਦੇਖੀ ਕੀਤੀ ਗਈ ਹੈ। ਇਸ ਦੌਰਾਨ ਇਮਰਾਨ ਦੇ ਵਕੀਲ ਨਈਮ ਹੈਦਰ ਪੰਜੋਥਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਨਾਲ ਅਟਕ ਜੇਲ੍ਹ ਵਿੱਚ 1:45 ਮਿੰਟ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਇਮਰਾਨ ਖਾਨ ਮਾੜੇ ਹਾਲਾਤ ਦੇ ਬਾਵਜੂਦ ਚੜ੍ਹਦੀ ਕਲਾ ਵਿੱਚ ਹਨ।

ਇਸੇ ਦੌਰਾਨ ਪੀਟੀਆਈ ਨੇ ਇਸਲਾਮਾਬਾਦ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਸਾਬਕਾ ਪ੍ਰਧਾਨ ਮੰਤਰੀ ਨੂੰ ਅਟਕ ਜੇਲ੍ਹ ਤੋਂ ਰਾਵਲਪਿੰਡੀ ਦੀ ਉੱਚ ਸੁਰੱਖਿਆ ਵਾਲੀ ਅਡਿਆਲਾ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਪਾਰਟੀ ਵੱਲੋਂ ਇਮਰਾਨ ਦੇ ਅਮੀਰ ਪਰਿਵਾਰਕ ਪਿਛੋਕੜ, ਸਮਾਜਿਕ ਅਤੇ ਸਿਆਸੀ ਹਾਲਾਤ ਨੂੰ ਧਿਆਨ ’ਚ ਰੱਖਦਿਆਂ ਇਹ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਦੇ ਵਕੀਲ ਨੇ ਇਮਰਾਨ ਨੂੰ ਏ-ਕਲਾਸ ਦੀਆਂ ਸਹੂਲਤਾਂ ਵਾਲੀ ਜੇਲ੍ਹ ਵਿੱਚ ਭੇਜਣ ਅਤੇ ਉਸ ਦੇ ਪਰਿਵਾਰ, ਵਕੀਲਾਂ ਅਤੇ ਡਾਕਟਰ ਫੈਜ਼ਲ ਸੁਲਤਾਨ ਨੂੰ ਮਿਲਣ ਦੀ ਇਜਾਜ਼ਤ ਦੇਣ ਦੀ ਬੇਨਤੀ ਕੀਤੀ ਹੈ। ‘ਜੀਓ ਨਿਊਜ਼’ ਦੀ ਰਿਪੋਰਟ ਅਨੁਸਾਰ ਇਮਰਾਨ ਨੂੰ ਅਟਕ ਜੇਲ੍ਹ ਦੇ ਸੈੱਲ ਨੰਬਰ-2 ਵਿੱਚ ਤਬਦੀਲ ਕਰ ਦਿੱਤਾ ਗਿਆ ਹੈ, ਜਿੱਥੇ ਉੱਚ ਸੁਰੱਖਿਆ ਤੇ ‘ਬਿਹਤਰ ਸਹੂਲਤਾਂ’ ਹਨ। -ਪੀਟੀਆਈ

ਪੀਟੀਆਈ ਨੇ ਇਮਰਾਨ ਦੀ ਸਿਹਤ ਤੇ ਸੁਰੱਖਿਆ ਬਾਰੇ ਚਿੰਤਾ ਜਤਾਈ

ਲਾਹੌਰ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਜੇਲ੍ਹ ਵਿੱਚ ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਉਨ੍ਹਾਂ ਨੂੰ ਕਾਲ ਕੋਠੜੀ ਵਿੱਚ ਇਕੱਲਿਆਂ ਰੱਖੇ ਜਾਣ ਦਾ ਵਿਰੋਧ ਕੀਤਾ ਹੈ। ਤਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੀ ਕੋਰ ਕਮੇਟੀ ਨੇ ਬੀਤੇ ਦਿਨ ਪਾਰਟੀ ਆਗੂ ਸ਼ਾਹ ਮਹਿਮੂਦ ਕੁਰੈਸ਼ੀ ਦੀ ਅਗਵਾਈ ਹੇਠ ਕੀਤੀ ਅਹਿਮ ਮੀਟਿੰਗ ਵਿੱਚ ਅਧਿਕਾਰੀਆਂ ’ਤੇ ਇਮਰਾਨ ਨੂੰ ਅਦਾਲਤ ਦੇ ਕੰਮ ਲਈ ਲੋੜੀਂਦੇ ਕਾਗਜ਼ਾਂ ’ਤੇ ਦਸਤਖਤ ਕਰਨ ਵਾਸਤੇ ਆਪਣੇ ਵਕੀਲਾਂ ਨੂੰ ਮਿਲਣ ਦੀ ਇਜਾਜ਼ਤ ਨਾ ਦੇਣ ਦਾ ਦੋਸ਼ ਲਗਾਇਆ ਸੀ। ‘ਐਕਸਪ੍ਰੈਸ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਕੋਰ ਕਮੇਟੀ ਦੀ ਮੀਟਿੰਗ ਵਿੱਚ ਪੀਟੀਆਈ ਨੇ ਧਾਰਾ 144 ਲਗਾਉਣ ਦੇ ਸਰਕਾਰ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ। ਮੀਟਿੰਗ ਵਿੱਚ ਇਮਰਾਨ ਨੂੰ ਕਾਲ ਕੋਠੜੀ ਵਿੱਚ ਰੱਖਣ ਸਬੰਧੀ ਵੀ ਚਿੰਤਾ ਜ਼ਾਹਰ ਕੀਤੀ ਗਈ। ਰਿਪੋਰਟ ਮੁਤਾਬਕ ਕਮੇਟੀ ਨੇ ਇਮਰਾਨ ਦੀ ਸਿਹਤ ਅਤੇ ਸੁਰੱਖਿਆ ਬਾਰੇ ਜਾਣਕਾਰੀ ਨਾ ਦਿੱਤੇ ਜਾਣ ਦੀ ਨਿਖੇਧੀ ਕੀਤੀ ਅਤੇ ਸਾਬਕਾ ਪ੍ਰਧਾਨ ਮੰਤਰੀ ਨੂੰ ਜੇਲ੍ਹ ਵਿੱਚ ਪਰੋਸੇ ਜਾ ਰਹੇ ਖਾਣੇ ਦੀ ਗੁਣਵੱਤਾ ਬਾਰੇ ਵੀ ਖ਼ਦਸ਼ਾ ਪ੍ਰਗਟਾਇਆ ਹੈ। -ਪੀਟੀਆਈ

Advertisment