ਗੁਰਦਾਸਪੁਰ, 21 ਸਤੰਬਰ
ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਅਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਜਾਗਰੂਕਤਾ ਮੁਹਿੰਮ ਤਹਿਤ ਬਲਾਕ ਕਾਹਨੂੰਵਾਨ ਦੇ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਦੀ ਅਗਵਾਈ ਹੇਠ ਪਿੰਡ ਜਾਗੋਵਾਲ ਬੇਟ ਦੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣੀ ਜਿਥੇ ਜ਼ਮੀਨ ਦੀ ਸਿਹਤ ਲਈ ਨੁਕਸਾਨਦਾਇਕ ਹੈ ਓਥੇ ਇਹ ਮਨੁੱਖਾਂ ਅਤੇ ਹੋਰ ਜੀਵ-ਜੰਤੂਆਂ ਲਈ ਵੀ ਬੇਹੱਦ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਵਿਗਿਆਨਿਕ ਢੰਗ ਅਤੇ ਖੇਤੀ ਸੰਦਾਂ ਨਾਲ ਬੜੀ ਅਸਾਨੀ ਨਾਲ ਕੀਤੀ ਜਾ ਸਕਦੀ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਪ੍ਰਣ ਦਿਵਾਇਆ ਗਿਆ ਕਿ ਉਹ ਘਰਾਂ ਵਿੱਚ ਜਾ ਕੇ ਆਪਣੇ ਮਾਪਿਆਂ ਅਤੇ ਆਸ-ਪਾਸ ਦੇ ਲੋਕਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਤੇ ਪ੍ਰੇਰਿਤ ਕਰਨਗੇ।ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਅਮਨਦੀਪ ਕੌਰ ਅਤੇ ਖੇਤੀਬਾੜੀ ਸਬ ਇੰਸਪੈਕਟਰ ਰਜਵਿੰਦਰ ਕੌਰ ਵੱਲੋਂ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।