Code Of Ethics

Download app

Subscribe To Print Edition

ਪਰਵਾਸੀਆਂ ਦੇ ਕੇਸਾਂ ਨੂੰ ਨਿਪਟਾਉਣ ਲਈ ਚੀਫ਼ ਜਸਟਿਸ ਨੂੰ ਬੇਨਤੀ ਕਰਾਂਗੇ: ਧਾਲੀਵਾਲ

ਅਜਨਾਲਾ, 23 ਅਕਤੂਬਰ

ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਵਿੱਚ ਵਸੇ ਪਰਵਾਸੀ ਭਾਰਤੀਆਂ ਦੇ ਅਦਾਲਤੀ ਕੇਸਾਂ ਨੂੰ ਸਮਾਂਬੱਧ ਨਿਪਟਾਉਣ ਲਈ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਮਿਲਣਗੇ। ਉਹ ਉਨ੍ਹਾਂ ਨੂੰ ਸੂਬੇ ਅੰਦਰ ਵੱਖ-ਵੱਖ ਅਦਾਲਤਾਂ ਵਿੱਚ ਪਰਵਾਸੀ ਭਾਰਤੀਆਂ ਦੇ ਚਲਦੇ ਕੇਸਾਂ ਨੂੰ ਜਲਦ ਨਿਪਟਾਉਣ ਦੀ ਬੇਨਤੀ ਕਰਨਗੇ ਤਾਂ ਜੋ ਪਰਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਅਜਨਾਲਾ ਸ਼ਹਿਰ ਦੀ ਬਾਰ ਕੌਂਸਲ ਵਿੱਚ ਪੁੱਜੇ। ਇਸ ਦੌਰਾਨ ਉਨ੍ਹਾਂ ਬਾਰ ਕੌਂਸਲ ਦੇ ਅਹੁਦੇਦਾਰਾਂ ਨੂੰ ਦੋ ਲੱਖ ਰੁਪਏ ਦਾ ਚੈੱਕ ਦਿੱਤਾ।

ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਰਵਾਸੀ ਪੰਜਾਬੀ ਭਰਾਵਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਦਾ ਸਥਾਈ ਹੱਲ ਕਰਦੇ ਹੋਏ ਇਕ ਵਟਸਐਪ ਨੰਬਰ 90560-09884 ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨੰਬਰ ’ਤੇ ਪ੍ਰਾਪਤ ਹੋਈ ਸ਼ਿਕਾਇਤ ਨੂੰ ਸਬੰਧਿਤ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ ਅਤੇ ਸ਼ਿਕਾਇਤ ਦੀ ਅਪਡੇਟ ਵੀ ਸਬੰਧਤ ਪਰਵਾਸੀ ਪੰਜਾਬੀ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪਰਵਾਸੀਆਂ ਦੀਆਂ ਜਾਇਦਾਦਾਂ ’ਤੇ ਕਬਜ਼ੇ ਨਹੀਂ ਹੋਣ ਦੇਵੇਗੀ ਅਤੇ ਸ਼ਰਾਰਤੀ ਅਨਸਰਾਂ ’ਤੇ ਨੱਥ ਪਾਈ ਜਾਵੇਗੀ। ਉਨ੍ਹਾਂ ਅਜਨਾਲਾ ਦੇ ਬਾਰ ਕੌਂਸਲ ਦੇ ਵਕੀਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਵਾਸੀ ਪੰਜਾਬੀਆਂ ਦੇ ਕੇਸਾਂ ਨੂੰ ਪਹਿਲ ਦੇ ਆਧਾਰ ’ਤੇ ਦੇਖਣ ਤਾਂ ਜੋ ਉਨ੍ਹਾਂ ਦੇ ਕੇਸਾਂ ਨੂੰ ਜ਼ਿਆਦਾ ਸਮਾਂ ਨਾ ਲੱਗੇ। ਇਸ ਮੌਕੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐੱਡਵੋਕੇਟ ਹਰਪਾਲ ਸਿੰਘ ਨਿੱਝਰ, ਐੱਡਵੋਕੇਟ ਰਾਜੀਵ ਮਦਾਨ ਆਦਿ ਹਾਜ਼ਰ ਸਨ। Punjabi Akhar

Advertisment