ਨਵੀਂ ਦਿੱਲੀ, 31 ਅਕਤੂਬਰ
ਆਮ ਆਦਮੀ ਪਾਰਟੀ (ਆਪ) ਦੀ ਨੇਤਾ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਤਿ ਆਬਕਾਰੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਤੋਂ ਬਾਅਦ 2 ਨਵੰਬਰ ਨੂੰ ਗ੍ਰਿਫਤਾਰ ਕਰ ਸਕਦਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਭਾਜਪਾ ਪਾਰਟੀ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਪਾ ਕੇ ਇਸ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸ੍ਰੀ ਕੇਜਰੀਵਾਲ ਨੂੰ ਕਾਲੇ ਧਨ ਨੂੰ ਸਫ਼ੈਦ ਕਰ ਤੋਂ ਰੋਕੂ ਕਾਨੂੰਨ (ਪੀਐੱਮਐੱਲਏ) ਤਹਤਿ ਸੰਮਨ ਜਾਰੀ ਕੀਤਾ ਗਿਆ ਹੈ ਅਤੇ ਸੂਤਰਾਂ ਅਨੁਸਾਰ ਈਡੀ 2 ਨਵੰਬਰ ਨੂੰ ਸਵੇਰੇ 11 ਵਜੇ ਉਸ ਦੇ ਦਿੱਲੀ ਦਫ਼ਤਰ ਵਿੱਚ ਪੇਸ਼ ਹੋਣ ਤੋਂ ਬਾਅਦ ਮੁੱਖ ਮੰਤਰੀ ਦਾ ਬਿਆਨ ਦਰਜ ਕਰੇਗੀ। ਇਹ ਪਹਿਲੀ ਵਾਰ ਹੈ ਜਦੋਂ ਈਡੀ ਨੇ ਕੇਜਰੀਵਾਲ ਨੂੰ ਸੰਮਨ ਭੇਜਿਆ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅਪਰੈਲ ਵਿਚ ਇਸ ਮਾਮਲੇ ਵਿਚ ਉਨ੍ਹਾਂ ਤੋਂ ਪੁੱਛ ਪੜਤਾਲ ਕੀਤੀ ਸੀ। ਮੰਤਰੀ ਆਤਿਸ਼ੀ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਦਾਅਵਾ ਕੀਤਾ ਕਿ ਭਾਜਪਾ ‘ਆਪ’ ਨੂੰ ਨਿਸ਼ਾਨਾ ਬਣਾਉਣ ਲਈ ਇਨ੍ਹਾਂ ਚਾਲਾਂ ਚੱਲ ਰਹੀ ਹੈ, ਕਿਉਂਕਿ ਉਹ ਜਾਣਦੀ ਹੈ ਕਿ ਚੋਣਾਂ ‘ਚ ਕੇਜਰੀਵਾਲ ਨੂੰ ਹਰਾਇਆ ਨਹੀਂ ਜਾ ਸਕਦਾ।