ਸੰਗਰੂਰ, 16 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਅੱਗੇ ਅੱਜ 8736 ਕੱਚੇ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਜ਼ੋਰਦਾਰ ਝੜਪ ਹੋਈ। ਕੱਚੇ ਅਧਿਆਪਕਾਂ ਨੇ ਜਦੋਂ ਮੁੱਖ ਮੰਤਰੀ ਦੇ ਘਰ ਵੱਲ ਵਧਣ ਦਾ ਯਤਨ ਕੀਤਾ ਤਾਂ ਉਥੇ ਤਾਇਨਾਤ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਦੌਰਾਨ ਪੁਲੀਸ ਤੇ ਕੱਚੇ ਅਧਿਆਪਕਾ ਵਿਚਾਲੇ ਝੜਪ ਹੋ ਗਈ ਜਿਸ ਕਾਰਨ ਕਈ ਅਧਿਆਪਕਾਂ ਦੀਆਂ ਪੱਗਾਂ ਲੱਥ ਗਈਆਂ। ਜਾਣਕਾਰੀ ਅਨੁਸਾਰ 8736 ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਅੱਜ ਸੈਂਕੜੇ ਅਧਿਆਪਕ ਆਪਣੀਆਂ ਸੇਵਾਵਾਂ ਰੈਗੂਲਰ ਕੀਤੇ ਜਾਣ ਦੀ ਮੰਗ ਪੂਰੀ ਕਰਵਾਉਣ ਲਈ ਕੌਮੀ ਮਾਰਗ ਦੇ ਪਟਿਆਲਾ ਬਾਈਪਾਸ ਓਵਰਬ੍ਰਿੱਜ ਹੇਠ ਇਕੱਠੇ ਹੋਏ, ਜਿਥੇ ਰੋਸ ਰੈਲੀ ਕਰਨ ਮਗਰੋਂ ਮਾਰਚ ਕਰਦੇ ਹੋਏ ਉਹ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੇ। ਇਥੇ ਪਹਿਲਾਂ ਤੋਂ ਤਾਇਨਾਤ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ ਜਿਸ ਮਗਰੋਂ ਦੋਵੇਂ ਧਿਰਾਂ ਵਿਚਾਲੇ ਖਿੱਚ-ਧੂਹ ਹੋਈ। ਜਦੋਂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਮੁੱਖ ਮੰਤਰੀ ਦੀ ਕੋਠੀ ਵੱਲ ਨਾ ਜਾਣ ਦਿੱਤਾ ਤਾਂ ਉਨ੍ਹਾਂ ਰੋਸ ਮਾਰਚ ਕਰਦਿਆਂ ਪਿੰਡ ਖੁਰਾਣਾ ਨੇੜੇ ਕੌਮੀ ਮਾਰਗ-7 ’ਤੇ ਪੁੱਜ ਕੇ ਦੋਵੇਂ ਪਾਸਿਆਂ ਤੋਂ ਆਵਾਜਾਈ ਰੋਕ ਦਿੱਤੀ। ਇਸ ਮੌਕੇ ਤਿੰਨ ਪ੍ਰਦਰਸ਼ਨਕਾਰੀ ਗੁਰਲਾਲ ਸਿੰਘ, ਹਰਮੀਤ ਸਿੰਘ ਤੇ ਜਸਵਿੰਦਰ ਸਿੰਘ ਨੇੜਲੇ ਮੋਬਾਈਲ ਟਾਵਰ ’ਤੇ ਚੜ੍ਹ ਗਏ। ਗੌਰਤਲਬ ਹੈ ਕਿ ਨੇੜਲੇ ਪਿੰਡ ਖੁਰਾਣਾ ਵਿੱਚ ਅਧਿਆਪਕ ਇੰਦਰਜੀਤ ਸਿੰਘ ਮਾਨਸਾ ਪਿਛਲੇ ਪੰਜ ਮਹੀਨਿਆਂ ਤੋਂ ਟੈਂਕੀ ’ਤੇ ਮੋਰਚਾ ਲਾ ਕੇ ਡਟਿਆ ਹੋਇਆ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਮਨਪ੍ਰੀਤ ਸਿੰਘ ਮੋਗਾ ਤੇ ਜਨਰਲ ਸਕੱਤਰ ਗੁਰਮੀਤ ਸਿੰਘ ਪੱਡਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸਿਰਫ਼ ਕੱਚੇ ਅਧਿਆਪਕਾਂ ਦੀ ਤਨਖਾਹ ਵਿੱਚ ਵਾਧਾ ਕਰ ਕੇ ਹੀ ਉਨ੍ਹਾਂ ਨੂੰ ਪੱਕੇ ਕਰਨ ਦਾ ਪ੍ਰਚਾਰ ਕਰ ਰਹੀ ਹੈ ਜਦਕਿ ਪੱਕੇ ਕਰਨ ਲਈ ਬਣਾਈ 10 ਸਾਲਾ ਪਾਲਿਸੀ ਨੂੰ ਸਰਕਾਰ ਨੇ ਠੰਢੇ ਬਸਤੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 8736 ਕੱਚੇ ਅਧਿਆਪਕਾਂ ਨੂੰ ਹੁਣ ਤੱਕ ਤਨਖ਼ਾਹਾਂ ਵਿੱਚ ਵਾਧੇ ਤੋਂ ਬਿਨਾਂ ਹੋਰ ਕੋਈ ਸਰਕਾਰੀ ਲਾਭ ਨਹੀਂ ਮਿਲਿਆ ਹੈ। ਪਿਛਲੇ ਪੰਜ ਮਹੀਨਿਆਂ ਤੋਂ ਟੈਂਕੀ ’ਤੇ ਡਟੇ ਹੋਏ ਇੰਦਰਜੀਤ ਸਿੰਘ ਮਾਨਸਾ ਦੀ ਵੀ ਸਰਕਾਰ ਵੱਲੋਂ ਹੁਣ ਤੱਕ ਸਾਰ ਨਹੀਂ ਲਈ ਗਈ। ਖ਼ਬਰ ਲਿਖੇ ਜਾਣ ਤੱਕ ਪ੍ਰਦਰਸ਼ਨਕਾਰੀਆਂ ਦਾ ਧਰਨਾ ਜਾਰੀ ਸੀ।