ਦੇਸ਼ ਦੀ ਰੱਖਿਆ ’ਚ ਸਿੱਖਾਂ ਦਾ ਵੱਡਾ ਯੋਗਦਾਨ: ਯੋਗੀ

ਲਖਨਊ, 19 ਨਵੰਬਰ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਇੱਥੇ ਦੇਸ਼ ਲਈ ਸਿੱਖ ਗੁਰੂਆਂ ਦੇ ਯੋਗਦਾਨ ਅੱਗੇ ਸਿਰ ਝੁਕਾਉਂਦਿਆਂ ਕਿਹਾ ਕਿ ਸਿੱਖ ਗੁਰੂਆਂ ਦਾ ਤਿਆਗ ਅਤੇ ਬਲੀਦਾਨ ਦੇਸ਼-ਧਰਮ ਦੀ ਰੱਖਿਆ ਦੀ ਪ੍ਰੇਰਨਾ ਦਿੰਦਾ ਹੈ। ਮੁੱਖ ਮੰਤਰੀ ਯੋਗੀ ਨੇ ਅੱਜ ਇੱਥੇ ਆਲਮਬਾਗ ਵਿੱਚ ਖ਼ਾਲਸਾ ਚੌਕ ਦਾ ਉਦਘਾਟਨ ਕੀਤਾ। ਉੱਤਰ ਪ੍ਰਦੇਸ਼ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ ਕਿ ਟੇਢੀ ਪੁਲੀਆ ਦੇ ਨਾਂ ਨਾਲ ਜਾਣਿਆ ਜਾਣ ਵਾਲਾ ਇਹ ਚੌਕ ਹੁਣ ਖ਼ਾਲਸਾ ਚੌਕ ਦੇ ਨਾਂ ਨਾਲ ਜਾਣਿਆ ਜਾਵੇਗਾ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ, ‘‘ਖ਼ਾਲਸਾ ਪੰਥ ਨੇ ਦੇਸ਼ ਅਤੇ ਧਰਮ ਦੀ ਰੱਖਿਆ ਲਈ ਲਗਾਤਾਰ ਮੋਹਰੀ ਭੂਮਿਕਾ ਨਿਭਾਈ ਹੈ। ਖ਼ਾਲਸਾ ਚੌਕ ਦੀ ਸਥਾਪਨਾ ਇਤਿਹਾਸ ਦੀਆਂ ਯਾਦਾਂ ਨੂੰ ਤਾਜ਼ਾ ਕਰਨ ਦਾ ਮੌਕਾ ਹੈ।’’ ਉਨ੍ਹਾਂ ਕਿਹਾ, ‘‘ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨ ਮਗਰੋਂ ਮੁੱਖ ਮੰਤਰੀ ਦਫ਼ਤਰ ਵਿੱਚ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ।’’ ਸਿੱਖ ਧਰਮ ਦੇ ਦਸਵੇਂ ਗੁਰੂ ਅਤੇ ਖ਼ਾਲਸਾ ਪੰਥ ਦੇ ਸੰਸਥਾਪਕ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਸਮਾਰੋਹ ਨੂੰ ਸੰਬੋਧਨ ਕਰਦਿਆਂ ਯੋਗੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਭਾਰਤ ਦੇ ਧਰਮ ਅਤੇ ਸੱਭਿਆਚਾਰ ਨੂੰ ਵਿਦੇਸ਼ੀ ਹਮਲਾਵਰਾਂ ਤੋਂ ਬਚਾਉਣ ਲਈ 1699 ਵਿੱਚ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਨੇ ਮਾਤ ਭੂਮੀ ਦੀ ਰਾਖੀ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਯੋਗੀ ਨੇ ਕਿਹਾ ਕਿ ਸਿੱਖ ਗੁਰੂਆਂ ਦਾ ਤਿਆਗ ਅਤੇ ਬਲੀਦਾਨ ਸਾਨੂੰ ਸਭ ਨੂੰ ਦੇਸ਼ ਅਤੇ ਧਰਮ ਦੀ ਰੱਖਿਆ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਦਾ ਇਤਿਹਾਸ ਸਾਨੂੰ ਭਾਰਤ ਦੀ ਗੌਰਵਮਈ ਗਾਥਾ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਸਿੱਖ ਕੌਮ ਦੀ ਕੁਰਬਾਨੀ, ਤਿਆਗ, ਧਰਮ ਪ੍ਰਤੀ ਸਮਰਪਣ ਅਤੇ ਸਮਾਜ ਪ੍ਰਤੀ ਸੇਵਾ ਭਾਵਨਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ ਅਤੇ ਹੋਰ ਆਗੂ ਵੀ ਮੌਜੂਦ ਸਨ।

Leave a Comment

[democracy id="1"]

You May Like This