ਜੰਮੂ, 13 ਦਸੰਬਰ
ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਆਨੰਦ ਮੈਰਿਜ ਐਕਟ ਤਹਿਤ ਵਿਆਹਾਂ ਦੀ ਰਜਿਸਟ੍ਰੇਸ਼ਨ ਲਈ ਨਿਯਮ ਬਣਾਏ ਗਏ ਹਨ, ਜੋ ਸਿੱਖਾਂ ਦੇ ਵਿਆਹਾਂ ਨੂੰ ਮਾਨਤਾ ਦਿੱਤੀ ਜਾਵੇਗੀ। ਇਸ ਨਾਲ ਸਿੱਖਾਂ ਦੀ ਲੰਬੇ ਸਮੇਂ ਦੀ ਮੰਗ ਪੂਰੀ ਹੋ ਗਈ ਹੈ। ਵਿਆਹਾਂ ਦੀ ਰਜਿਸਟ੍ਰੇਸ਼ਨ ਲਈ ‘ਜੰਮੂ ਅਤੇ ਕਸ਼ਮੀਰ ਆਨੰਦ ਮੈਰਿਜ ਰਜਿਸਟ੍ਰੇਸ਼ਨ ਨਿਯਮ, 2023’ ਬਣਾਏ ਗਏ ਹਨ, ਜਿਸ ਤਹਿਤ ਜਾਰੀ ਕੀਤੇ ਸਰਕਾਰੀ ਨੋਟੀਫਿਕੇਸ਼ਨ ਅਨੁਸਾਰ ਸਬੰਧਤ ਤਹਿਸੀਲਦਾਰ ਆਪਣੇ ਖੇਤਰੀ ਅਧਿਕਾਰ ਖੇਤਰ ਦੇ ਅੰਦਰ ਅਜਿਹੇ ਵਿਆਹਾਂ ਦੇ ਰਜਿਸਟਰਾਰ ਹੋਣਗੇ। ਕਾਨੂੰਨ, ਨਿਆਂ ਅਤੇ ਸੰਸਦੀ ਮਾਮਲਿਆਂ ਬਾਰੇ ਵਿਭਾਗ ਵੱਲੋਂ 30 ਨਵੰਬਰ ਨੂੰ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, ‘ਸਿੱਖ ਜੋੜੇ ਆਪਣੇ ਵਿਆਹ ਤੋਂ ਬਾਅਦ ਤਿੰਨ ਮਹੀਨਿਆਂ ਦੇ ਅੰਦਰ ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਸਕਦੇ ਹਨ ਪਰ ਜੇ ਸਮਾਂ ਸੀਮਾ ਖਤਮ ਹੋਣ ਤੋਂ ਬਾਅਦ ਰਸਮੀ ਕਾਰਵਾਈਆਂ ਪੂਰੀਆਂ ਹੋ ਜਾਂਦੀਆਂ ਹਨ ਤਾਂ ਲੇਟ ਫੀਸ ਭਰਨੀ ਪਵੇਗੀ। ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਜੰਮੂ ਦੇ ਮੀਤ ਪ੍ਰਧਾਨ ਬਲਵਿੰਦਰ ਨੇ ਦੱਸਿਆ, ‘ਇਹ ਲੰਬੇ ਸਮੇਂ ਦੀ ਮੰਗ ਸੀ ਅਤੇ ਅਸੀਂ ਉਪ ਰਾਜਪਾਲ ਦੇ ਆਪਣੇ ਵਾਅਦੇ ਨੂੰ ਨਿਭਾਉਣ ਲਈ ਧੰਨਵਾਦੀ ਹਾਂ।’