ਬਟਾਲਾ, 15 ਦਸੰਬਰ
ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਬਟਾਲਾ ਦੇ ਐਸ.ਐਸ.ਪੀ ਮੈਡਮ ਅਸ਼ਵਨੀ ਗੋਟਿਆਲ ਵਲੋਂ ਗਾਂਧੀ ਕੈਂਪ ਵਿਖੇ ਨਸ਼ਾ ਤਸਕਰਾਂ ਨੂੰ ਨਕੇਲ ਪਾਉਣ ਲਈ ਅਹਿਮ ਮੀਟਿੰਗ ਕਰਕੇ ਲੋਕਾਂ ਦੇ ਵਿਚਾਰ ਲਏ ਗਏ। ਇਸ ਮੌਕੇ ਡੀਐਸ.ਪੀ ਲਲਿਤ ਕੁਮਾਰ, ਵਾਰਡ ਇੰਚਾਰਜਾਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੋਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਅਤੇ ਸੂਬੇ ਵਿੱਚੋਂ ਇਸ ਲਾਹਨਤ ਦਾ ਖੁਰਾ-ਖੋਜ ਮਿਟਾ ਦਿੱਤਾ ਜਾਵੇਗਾ। ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਪੁਲਿਸ ਨੂੰ ਸਮੱਗਲਰਾਂ ਦੀ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਲਈ ਕਿਹਾ ਗਿਆ ਹੈ। ਉਨਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਦੁਸ਼ਮਣ ਤਾਕਤਾਂ ਨੂੰ ਨੱਥ ਪਾ ਕੇ ਸੂਬੇ ਦੀ ਅਮਨ-ਸਾਂਤੀ ਨੂੰ ਕਾਇਮ ਰੱਖਣਾ ਸਮੇਂ ਦੀ ਲੋੜ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਨਸ਼ਾ ਇੱਕ ਵੱਡੀ ਸਮਾਜਿਕ ਬੁਰਾਈ ਹੈ ਅਤੇ ਇਸ ਨੂੰ ਸਮਾਜ ਵਿੱਚੋਂ ਖਤਮ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨਾਂ ਦੁਹਰਾਇਆ ਕਿ ਨਸ਼ਾ ਤਸਕਰਾਂ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਗੱਲ ਕਰਦਿਆਂ ਐਸ.ਐਸ.ਪੀ ਬਟਾਲਾ ਅਸ਼ਵਨੀ ਗੋਟਿਆਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾੜੇ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਣ ਦੀ ਨੀਤੀ ਤਹਿਤ ਡੀਜੀਪੀ ਸ੍ਰੀ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਜ਼ਿਲ੍ਹਾ ਬਟਾਲਾ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਲਈ ਸਮੇਂ ਸਮੇਂ ’ਤੇ ਸਪੈਸ਼ਲ ਸਰਚ ਅਭਿਆਨ ਚਲਾ ਕੇ ਵੱਖ-ਵੱਖ ਸਥਾਨਾ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਐਸ.ਐਸਪੀ ਬਟਾਲਾ ਨੇ ਕਿਹਾ ਕਿ ਪੁਲਿਸ ਜ਼ਿਲ੍ਹਾ ਬਟਾਲਾ ਵੱਲੋਂ ਮਾੜੇ ਅਨਸਰਾਂ ਖਿਲਾਫ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਪੁਲਿਸ ਨਾਕਿਆਂ ਦੇ ਨਾਲ ਨਾਲ ਜ਼ਿਲ੍ਹੇ ਦੇ ਅੰਦਰ ਹਰ ਸੰਵੇਦਨਸ਼ੀਲ ਸਥਾਨ ਅਤੇ ਸ਼ੱਕੀ ਵਿਅਕਤੀਆਂ ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਖਿਲਾਫ ਪੁਲਿਸ ਨੂੰ ਨਿਰਭੈਅ ਹੋ ਕੇ ਜਾਣਕਾਰੀ ਦੇਣ। ਸੂਚਨਾ ਦੇਣ ਵਾਲੇ ਦੇ ਪਹਿਚਾਣ ਗੁਪਤਾ ਰੱਖੀ ਜਾਵੇਗੀ।