ਨਵੀਂ ਦਿੱਲੀ, 16 ਦਸੰਬਰ
ਦਿੱਲੀ ਮਹਿਲਾ ਕਮਿਸ਼ਨ ਨੇ ਰਾਸ਼ਟਰੀ ਰਾਜਧਾਨੀ ਦੇ ਲਲਿਤਾ ਪਾਰਕ ਬੱਸ ਸਟੈਂਡ ਅਤੇ ਕਈ ਹੋਰ ਥਾਵਾਂ ‘ਤੇ ਸੜਕਾਂ ’ਤੇ ਸਟਰੀਟ ਲਾਈਟਾਂ ਦੀ ਅਣਹੋਂਦ ਕਾਰਨ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਦੱਸਿਆ ਕਿ ਕਮਿਸ਼ਨ ਨੇ ਕਈ ਥਾਵਾਂ ‘ਤੇ ਅਚਨਚੇਤ ਨਿਰੀਖਣ ਕੀਤਾ ਅਤੇ ਦੇਖਿਆ ਕਿ ਸਟਰੀਟ ਲਾਈਟਾਂ ਕੰਮ ਨਹੀਂ ਕਰ ਰਹੀਆਂ, ਜਿਸ ਕਾਰਨ ਹਨੇਰਾ ਹੈ। ਮਾਲੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, ‘ਸ਼ਿਕਾਇਤਾਂ ਮਿਲਣ ਤੋਂ ਬਾਅਦ ਬੀਤੀ ਸ਼ਾਮ ਲਲਿਤਾ ਪਾਰਕ ਬੱਸ ਸਟੈਂਡ ਅਤੇ ਹੋਰ ਕਈ ਥਾਵਾਂ ‘ਤੇ ਅਚਨਚੇਤ ਜਾਂਚ ਕੀਤੀ ਗਈ। ਛਾਣਬੀਣ ਦੌਰਾਨ ਪਤਾ ਲੱਗਾ ਕਿ ਕਈ ਬੱਸ ਅੱਡਿਆਂ ਦੇ ਘੁੱਪ ਹਨੇਰਾ ਸੀ। ਇਹ ਔਰਤਾਂ ਲਈ ਬੇਹੱਦ ਅਸੁਰੱਖਿਅਤ ਹੈ। ਇਸ ਸਬੰਧੀ ਦਿੱਲੀ ਸਰਕਾਰ ਦੇ ਵਿਭਾਗ ਨੂੰ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ।’