ਅੰਮ੍ਰਿਤਸਰ, 14 ਜਨਵਰੀ

ਰਾਮ ਮੰਦਰ ਦੇ ਸਥਾਪਨਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜ ਤਖ਼ਤਾਂ ਦੇ ਜਥੇਦਾਰਾਂ ਅਤੇ ਹੋਰ ਸਿੱਖ ਆਗੂਆਂ ਨੂੰ ਦਿੱਤੇ ਗਏ ਸੱਦਾ ਪੱਤਰ ਬਾਰੇ ਗੱਲ ਕਰਦਿਆਂ ਹਵਾਰਾ ਕਮੇਟੀ ਨੇ ਆਖਿਆ ਕਿ ਇਹ ਇੱਕ ਸਿਆਸੀ ਸਮਾਗਮ ਹੈ, ਜੋ ਲੋਕ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕਰਵਾਇਆ ਜਾ ਰਿਹਾ ਹੈ। ਇਸ ਲਈ ਜਥੇਦਾਰਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਅਕਾਲ ਤਖ਼ਤ ਦੇ ਹਵਾਲੇ ਨਾਲ ਗੁੰਮਰਾਹਕੁਨ ਪ੍ਰਚਾਰ ਨਾ ਕਰੇ। ਹਵਾਰਾ ਕਮੇਟੀ ਦੇ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਬਾਪੂ ਗੁਰਚਰਨ ਸਿੰਘ, ਬਲਦੇਵ ਸਿੰਘ ਨਵਾਂ ਪਿੰਡ, ਮਹਾਂਵੀਰ ਸਿੰਘ ਸੁਲਤਾਨਵਿੰਡ ਆਦਿ ਨੇ ਆਖਿਆ ਕਿ ਅਯੁੱਧਿਆ ਵਿੱਚ ਬਣੇ ਰਾਮ ਮੰਦਰ ’ਚ 22 ਜਨਵਰੀ ਨੂੰ ਮੂਰਤੀ ਸਥਾਪਨਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ। ਇਹ ਸਮਾਗਮ ਦੀ ਕਮਾਂਡ ਆਰਐੱਸਐੱਸ ਅਤੇ ਭਾਜਪਾ ਦੇ ਹੱਥਾਂ ਵਿੱਚ ਹੈ, ਜਿਨ੍ਹਾਂ ਦਾ ਮੁੱਖ ਮੰਤਵ ਆ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਵੋਟਾਂ ਦਾ ਧਰੁਵੀਕਰਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਸਮਾਗਮ ਹੋਣ ਕਾਰਨ ਤਖ਼ਤਾਂ ਦੇ ਜਥੇਦਾਰਾਂ ਨੂੰ ਵੀ ਪੰਥਕ ਹਿੱਤਾਂ ਦੀ ਰਾਖੀ ਕਰਦੇ ਹੋਏ ਇਸ ਉਦਘਾਟਨ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਾ ਚਾਹੀਦਾ।
ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਿਹਾ ਜਾਵੇ: ਜਥੇਦਾਰ ਰਘਬੀਰ ਸਿੰਘ਼
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਧਿਆਨ ਵਿੱਚ ਆਇਆ ਹੈ ਕਿ ਸੋਸ਼ਲ ਮੀਡੀਆ ’ਤੇ ਕੁਝ ਲੋਕ ਸ੍ਰੀ ਅਕਾਲ ਤਖ਼ਤ ਦੇ ਹਵਾਲੇ ਨਾਲ ਰਾਮ ਮੰਦਰ ਉਦਘਾਟਨ ਮੁੱਦੇ ’ਤੇ ਵੱਖ-ਵੱਖ ਤਰ੍ਹਾਂ ਦਾ ਗੁੰਮਰਾਹਕੁਨ ਪ੍ਰਚਾਰ ਕਰ ਰਹੇ ਹਨ। ਇਸ ਤਰ੍ਹਾਂ ਦੀਆਂ ਅਫ਼ਵਾਹਾਂ ਦਾ ਮੰਤਵ ਪੰਥ ਵਿੱਚ ਦੁਬਿਧਾ ਪੈਦਾ ਕਰਨਾ ਹੈ। ਉਨ੍ਹਾਂ ਨੇ ਸੰਗਤ ਨੂੰ ਅਜਿਹੇ ਪ੍ਰਚਾਰ ਤੋਂ ਸੁਚੇਤ ਰਹਿਣ ਲਈ ਕਿਹਾ।





















