ਨਵੀਂ ਦਿੱਲੀ, 3 ਫਰਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਭਾਜਪਾ ਦੇ ਉੱਘੇ ਆਗੂ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ (96) ਨੂੰ ਦੇਸ਼ ਦੇ ਸਭ ਤੋਂ ਵੱਕਾਰੀ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਨਿਵਾਜਿਆ ਜਾਵੇਗਾ। ਮੋਦੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਭਾਵੁਕ ਪਲ ਹੈ। ਪ੍ਰਧਾਨ ਮੰਤਰੀ ਨੇ ‘ਐਕਸ’ ’ਤੇ ਕਿਹਾ,‘‘ਸਾਡੇ ਸਮੇਂ ਦੇ ਸਭ ਤੋਂ ਸਤਿਕਾਰਤ ਰਾਜਨੇਤਾਵਾਂ ’ਚੋਂ ਇਕ ਅਡਵਾਨੀ ਜੀ ਦਾ ਭਾਰਤ ਦੀ ਤਰੱਕੀ ’ਚ ਮਹਾਨ ਯੋਗਦਾਨ ਰਿਹਾ ਹੈ। ਉਨ੍ਹਾਂ ਆਪਣੇ ਜੀਵਨ ਦੀ ਸ਼ੁਰੂਆਤ ਜ਼ਮੀਨੀ ਪੱਧਰ ਤੋਂ ਕਰਕੇ ਉਪ ਪ੍ਰਧਾਨ ਮੰਤਰੀ ਵਜੋਂ ਦੇਸ਼ ਦੀ ਸੇਵਾ ਕੀਤੀ।’’ ਉਨ੍ਹਾਂ ਕਿਹਾ ਕਿ ਅਡਵਾਨੀ ਨੇ ਆਪਣੇ ਜਨਤਕ ਜੀਵਨ ’ਚ ਦਹਾਕਿਆਂ ਤੱਕ ਸੇਵਾ ਕਰਦਿਆਂ ਪਾਰਦਰਸ਼ਤਾ ਤੇ ਅਖੰਡਤਾ ਪ੍ਰਤੀ ਅਟੁੱਟ ਵਚਨਬੱਧਤਾ ਜਤਾਈ ਅਤੇ ਸਿਆਸੀ ਨੈਤਿਕਤਾ ’ਚ ਇਕ ਮਿਸਾਲੀ ਮਿਆਰ ਸਥਾਪਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਡਵਾਨੀ ਨੇ ਕੌਮੀ ਏਕਤਾ ਤੇ ਸੱਭਿਆਚਾਰਕ ਸੁਰਜੀਤੀ ਲਈ ਬੇਮਿਸਾਲ ਕੋਸ਼ਿਸ਼ਾਂ ਕੀਤੀਆਂ ਹਨ। ‘ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਣਾ ਮੇਰੇ ਲਈ ਬਹੁਤ ਹੀ ਭਾਵੁਕ ਪਲ ਹੈ। ਮੈਂ ਇਸ ਨੂੰ ਹਮੇਸ਼ਾ ਆਪਣੀ ਖੁਸ਼ਕਿਸਮਤੀ ਮੰਨਾਂਗਾ ਕਿ ਮੈਨੂੰ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਤੋਂ ਸਿੱਖਣ ਦੇ ਕਈ ਮੌਕੇ ਮਿਲੇ।’ ਮੋਦੀ ਨੇ ਸਭ ਤੋਂ ਲੰਬੇ ਸਮੇਂ ਤੱਕ ਭਾਜਪਾ ਦੇ ਪ੍ਰਧਾਨ ਰਹੇ ਆਡਵਾਨੀ ਨਾਲ ਗੱਲ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਦੇ ਐਲਾਨ ਮਗਰੋਂ ਰਾਸ਼ਟਰਪਤੀ ਭਵਨ ਤੋਂ ਜਾਰੀ ਸੁਨੇਹੇ ’ਚ ਕਿਹਾ ਗਿਆ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਡਵਾਨੀ ਨੂੰ ਭਾਰਤ ਰਤਨ ਦਿੱਤੇ ਜਾਣ ’ਤੇ ਖੁਸ਼ੀ ਜ਼ਾਹਰ ਕੀਤੀ ਹੈ। ਇਸ ਐਲਾਨ ਮਗਰੋਂ ਅਡਵਾਨੀ ਨੇ ਆਪਣੀ ਰਿਹਾਇਸ਼ ਤੋਂ ਮੀਡੀਆ ਕਰਮੀਆਂ ਦਾ ਪਿਆਰ ਕਬੂਲਿਆ ਅਤੇ ਉਨ੍ਹਾਂ ਦੀ ਧੀ ਪ੍ਰਤਿਭਾ ਅਡਵਾਨੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਦੇ ਪਿਤਾ ਦੇਸ਼ ਦਾ ਸਭ ਤੋਂ ਵੱਡਾ ਸਨਮਾਨ ਦਿੱਤੇ ਜਾਣ ਦੇ ਐਲਾਨ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ,‘‘ਅਡਵਾਨੀ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਦੇਸ਼ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।’’ ਸਰਕਾਰ ਨੇ ਪਿਛਲੇ ਮਹੀਨੇ ਸਮਾਜਵਾਦੀ ਆਗੂ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਕਰਪੂਰੀ ਠਾਕੁਰ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ। ਕਈ ਸਿਆਸੀ ਮਾਹਿਰ ਠਾਕੁਰ ਦੇ 1988 ’ਚ ਦੇਹਾਂਤ ਦੇ ਕਈ ਸਾਲਾਂ ਬਾਅਦ ਉਨ੍ਹਾਂ ਨੂੰ ਇਹ ਸਨਮਾਨ ਦਿੱਤੇ ਜਾਣ ਨੂੰ ਆਰਥਿਕ ਤੌਰ ’ਤੇ ਪੱਛੜੇ ਵਰਗਾਂ ਵਿਚਕਾਰ ਆਪਣੀਆਂ ਜੜ੍ਹਾਂ ਮਜ਼ਬੂਤ ਕਰਨ ਦੀ ਭਾਜਪਾ ਦੀਆਂ ਕੋਸ਼ਿਸ਼ਾਂ ਵਜੋਂ ਦੇਖ ਰਹੇ ਹਨ। ਉਧਰ ਅਡਵਾਨੀ ਨੂੰ ਇਹ ਸਨਮਾਨ ਦਿੱਤਾ ਜਾਣਾ ਭਾਜਪਾ ਦੀ ਮੂਲ ਵਿਚਾਰਧਾਰਾ ਨੂੰ ਆਕਾਰ ਦੇਣ ’ਚ ਉਨ੍ਹਾਂ ਦੀ ਅਹਿਮ ਭੂਮਿਕਾ ਪ੍ਰਤੀ ਸਨਮਾਨ ਵਜੋਂ ਦੇਖਿਆ ਜਾ ਰਿਹਾ ਹੈ। ਅਡਵਾਨੀ ਨੂੰ ਉਸੇ ਸਾਲ ਭਾਰਤ ਰਤਨ ਨਾਲ ਨਿਵਾਜਿਆ ਜਾ ਰਿਹਾ ਹੈ ਜਦੋਂ ਅਯੁੱਧਿਆ ’ਚ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਹੋਈ ਹੈ। ਅਡਵਾਨੀ ਨੇ ਰਾਮ ਮੰਦਰ ਦੇ ਮੁੱਦੇ ਨੂੰ ਚੁੱਕਣ ਲਈ 1990 ’ਚ ‘ਰੱਥ ਯਾਤਰਾ’ ਕੱਢੀ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਐੱਨਸੀਪੀ ਪ੍ਰਧਾਨ ਸ਼ਰਦ ਪਵਾਰ ਸਮੇਤ ਹੋਰ ਆਗੂਆਂ ਨੇ ਅਡਵਾਨੀ ਨੂੰ ਭਾਰਤ ਰਤਨ ਦੇਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਮੇਰੇ ਆਦਰਸ਼ਾਂ ਅਤੇ ਸਿਧਾਂਤਾਂ ਦਾ ਸਨਮਾਨ: ਅਡਵਾਨੀ

ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਭਾਰਤ ਰਤਨ ਨਾਲ ਸਨਮਾਨੇ ਜਾਣ ਲਈ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਕ ਵਿਅਕਤੀ ਵਜੋਂ ਨਾ ਸਿਰਫ਼ ਉਨ੍ਹਾਂ ਦਾ ਸਗੋਂ ਉਨ੍ਹਾਂ ਆਦਰਸ਼ਾਂ ਅਤੇ ਸਿਧਾਤਾਂ ਦਾ ਵੀ ਸਨਮਾਨ ਹੈ, ਜਿਨ੍ਹਾਂ ਦਾ ਪਾਲਣ ਕਰਨ ਦੀ ਉਨ੍ਹਾਂ ਕੋਸ਼ਿਸ਼ ਕੀਤੀ। ਸਾਬਕਾ ਉਪ ਪ੍ਰਧਾਨ ਮੰਤਰੀ ਨੇ ਕਿਹਾ,‘‘ਆਰਐੱਸਐੱਸ ’ਚ ਸ਼ਾਮਲ ਹੋਣ ਮਗਰੋਂ ਜ਼ਿੰਦਗੀ ’ਚ ਮੈਨੂੰ ਜੋ ਵੀ ਜ਼ਿੰਮੇਵਾਰੀ ਮਿਲੀ, ਉਸ ਨੂੰ ਨਿਭਾਉਂਦਿਆਂ ਆਪਣੇ ਪਿਆਰੇ ਮੁਲਕ ਦੀ ਪੂਰੇ ਸਮਰਪਣ ਅਤੇ ਬਿਨਾਂ ਕਿਸੇ ਸੁਆਰਥ ਦੇ ਸੇਵਾ ਕਰਨ ’ਚ ਹੀ ਮੈਨੂੰ ਖੁਸ਼ੀ ਮਿਲੀ।’’ ਉਨ੍ਹਾਂ ਆਪਣੇ ਪਰਿਵਾਰਕ ਮੈਂਬਰਾਂ ਦਾ ਵੀ ਧੰਨਵਾਦ ਕੀਤਾ।