ਪੰਜਾਬ ਸਰਕਾਰ ’ਤੇ ਬਜਟ ’ਚ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕਰਨ ਦਾ ਦੋਸ਼
ਚੰਡੀਗੜ੍ਹ, 5 ਮਾਰਚ
ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਵਿੱਤੀ ਵਰ੍ਹੇ 2024-25 ਦੇ ਤੀਜੇ ਬਜਟ ਨੂੰ ਪੂਰੀ ਤਰ੍ਹਾਂ ਅਸਫਲ ਅਤੇ ਅਵਿਸ਼ਵਾਸਯੋਗ ਕਰਾਰ ਦਿੱਤਾ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਦੋ ਸਾਲ ਬਾਅਦ ਵੀ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਰਜ਼ਾ ਘਟਾਉਣ ਦਾ ਦਾਅਵਾ ਕਰਦੀ ਸੀ, ਪਰ ਪੰਜਾਬ ਸਿਰ ਕਰਜ਼ਾ ਲਗਾਤਾਰ ਵਧਦਾ ਜਾ ਰਿਹਾ ਹੈ। ‘ਆਪ’ ਸਰਕਾਰ ਨੇ ਜਨਵਰੀ 2024 ਦੇ ਅੰਤ ਤੱਕ 60,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਸੀ। ਇਸ ਤੋਂ ਇਲਾਵਾ ਫਰਵਰੀ ਤੇ ਮਾਰਚ ’ਚ ’ਆਪ’ ਨੇ 7000 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ’ਚ ਕਾਂਗਰਸ ਨੇ ਬਜ਼ੁਰਗਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਸੀ।