Code Of Ethics

Download app

Subscribe To Print Edition

ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਕੁਰੂਕਸ਼ੇਤਰ ਤੋਂ ਚੋਣ ਮੁਹਿੰਮ ਸ਼ੁਰੂ

ਭਾਜਪਾ ਨੇ ਕਿਸਾਨਾਂ ਨੂੰ ਗੋਲੀਆਂ ਅਤੇ ਲਾਠੀਆਂ ਦਿੱਤੀਆਂ: ਕੇਜਰੀਵਾਲ

ਚੰਡੀਗੜ੍ਹ, 10 ਮਾਰਚ

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਰਿਆਣਾ ਦੇ ਲੋਕ ਸਭਾ ਹਲਕਾ ਕੁਰੂਕਸ਼ੇਤਰ ਤੋਂ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਇਸ ਮੌਕੇ ‘ਆਪ’ ਦੇ ਦੋਵੇਂ ਸੀਨੀਅਰ ਆਗੂਆਂ ਨੇ ‘ਬਦਲਾਂਗੇ ਕੁਰੂਕਸ਼ੇਤਰ, ਬਦਲਾਂਗੇ ਹਰਿਆਣਾ, ਇਬਕੇ ਇੰਡੀਆ ਕੋ ਜਿਤਾਨਾ’ ਦਾ ਨਾਅਰਾ ਦਿੱਤਾ। ਇਸ ਮੌਕੇ ਇੰਡੀਆ ਗੱਠਜੋੜ ਦੇ ਲੋਕ ਸਭਾ ਹਲਕਾ ਕੁਰੂਕਸ਼ੇਤਰ ਤੋਂ ਉਮੀਦਵਾਰ ਡਾ. ਸੁਸ਼ੀਲ ਗੁਪਤਾ, ‘ਆਪ’ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਨੁਰਾਗ ਢਾਂਡਾ ਤੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸੈਣੀ ਮੌਜੂਦ ਸਨ।

ਸ੍ਰੀ ਕੇਜਰੀਵਾਲ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ 75 ਸਾਲਾਂ ਤੋਂ ਦੇਸ਼ ਨੂੰ ਲੁੱਟਿਆ ਹੈ, ਜਦੋਂ ਕਿ ਭਾਜਪਾ ਨੇ ਪਿਛਲੇ 10 ਸਾਲਾਂ ਵਿੱਚ ਲੋਕਾਂ ਨੂੰ ਲੁੱਟਿਆ ਅਤੇ ਕੁੱਟਿਆ ਵੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਲਈ ਦਿੱਲੀ ਸੰਘਰਸ਼ ਕਰਨ ਜਾ ਰਿਹਾ ਹੈ ਤਾਂ ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਰੋਕ ਲਈ ਵੱਡੀਆਂ-ਵੱਡੀਆਂ ਰੋਕਾਂ ਲਗਾ ਦਿੱਤੀਆਂ। ਇਸ ਦੇ ਨਾਲ ਹੀ ਭਾਜਪਾ ਨੇ ਕਿਸਾਨਾਂ ਨੂੰ ਫ਼ਸਲਾਂ ਦੇ ਮੁੱਲ ਦੀ ਥਾਂ ਅੱਥਰੂ ਗੈਸ ਦੇ ਗੋਲੇ, ਗੋਲੀਆਂ ਤੇ ਲਾਠੀਆਂ ਦਿੱਤੀਆਂ ਸਨ, ਜਿਸ ਕਰ ਕੇ ਇਕ ਨੌਜਵਾਨ ਕਿਸਾਨ ਸ਼ਹੀਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਭਾਜਪਾ ਨੇ ਆਪਣੇ ਸੰਘਰਸ਼ ਲਈ ਲੜਾਈ ਲੜ ਰਹੀਆਂ ਪਹਿਲਵਾਨ ਖਿਡਾਰਨਾਂ ’ਤੇ ਜ਼ੁਲਮ ਕੀਤੇ ਸਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਨਾਲ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋ ਗਈਆਂ ਸਨ ਪਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੁਰੂਕਸ਼ੇਤਰ ਦੀ ਪਵਿੱਤਰ ਧਰਤੀ ’ਤੇ ਧਰਮ ਯੁੱਧ ਲੜਿਆ ਗਿਆ ਸੀ, ਜਿਸ ਨੇ ਅਧਰਮੀਆਂ ਦਾ ਖਾਤਮਾ ਕਰ ਦਿੱਤਾ ਸੀ। ਹਰਿਆਣਾ ਵਿੱਚ ਬਦਲਾਅ ਦੀ ਸ਼ੁਰੂਆਤ ਵੀ ਕੁਰੂਕਸ਼ੇਤਰ ਦੀ ਧਰਤੀ ਤੋਂ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਦਿੱਲੀ ਤੇ ਪੰਜਾਬ ਵਾਸੀਆਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਤੇ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਅੱਜ ਲੋਕ ਨਿੱਜੀ ਦੀ ਥਾਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣਾ ਚਾਹੁੰਦੇ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਚਾਹੁੰਦੇ ਹਨ। ਇਸ ਲਈ ਹਰਿਆਣਾ ਵਿੱਚ ਵੀ ਇੰਡੀਆ ਗੱਠਜੋੜ ਦੇ ਉਮੀਦਵਾਰ ਦੀ ਜਿੱਤ ਤੋਂ ਬਾਅਦ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਤੇ ਸਿੱਖਿਆ ਪ੍ਰਣਾਲੀ ਮੁਹੱਈਆ ਕਰਵਾਈ ਜਾਵੇਗੀ।

Advertisment

You May Like This