Code Of Ethics

Download app

Subscribe To Print Edition

ਸੁਖਬੀਰ ਨੇ ਪ੍ਰਕਾਸ਼ ਸਿੰਘ ਬਾਦਲ ਦੇ ਯੋਗਦਾਨ ਨੂੰ ਕੀਤਾ ਯਾਦ

ਪਹਿਲੀ ਬਰਸੀ ’ਤੇ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਦਿੱਤੀਆਂ ਸ਼ਰਧਾਂਜਲੀਆਂ

ਲੰਬੀ, 10 ਮਾਰਚ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਉਨ੍ਹਾਂ ਦੀ ਹਲੀਮੀ, ਨਿਮਰ ਸੁਭਾਅ ਤੋਂ ਇਲਾਵਾ ਉਨ੍ਹਾਂ ਵੱਲੋਂ ਦੇਸ਼, ਕੌਮ ਤੇ ਪੰਜਾਬ ਦੇ ਹਿੱਤਾਂ ਲਈ ਪਾਏ ਗਏ ਯੋਗਦਾਨ ਨੂੰ ਸਮਰਪਿਤ ਰਹੀ। ਇਸ ਮੌਕੇ ਪਿੰਡ ਬਾਦਲ ਵਿੱਚ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਵਿੱਚ ਪੰਜਾਬ, ਹਰਿਆਣਾ ਅਤੇ ਦਿੱਲੀ ਤੋਂ ਵੱਡੀ ਗਿਣਤੀ ਸਿਆਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਪਹੁੰਚ ਕੇ ਮਰਹੂਮ ਆਗੂ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਚੌਟਾਲਾ ਪਰਿਵਾਰ ਵੱਲੋਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਮੌਜੂਦ ਸਨ। ਬਰਸੀ ਸਮਾਗਮ ਮੌਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਸਮੁੱਚਾ ਜੀਵਨ ਕਿਸਾਨਾਂ ਤੇ ਮਜ਼ਦੂਰ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਲੇਖੇ ਲੱਗਿਆ। ਉਨ੍ਹਾਂ ਚੌਟਾਲਾ ਤੇ ਬਾਦਲ ਪਰਿਵਾਰ ਦੇ ਆਪਸੀ ਸਬੰਧਾਂ ਨੂੰ ਵੀ ਚੇਤੇ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਵੱਡੇ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਆਖਿਆ ਕਿ ਪ੍ਰਕਾਸ਼ ਸਿੰਘ ਬਾਦਲ ਵਰਗਾ ਬਣਨਾ ਬਹੁਤ ਔਖਾ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਵੱਡੇ ਬਾਦਲ ਦੇ ਗੁਣਾਂ ਨੂੰ ਗ੍ਰਹਿਣ ਕਰਨ ਲਈ ਪ੍ਰੇਰਿਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਦਲ ਸਾਹਿਬ ਰਾਸ਼ਟਰਪ੍ਰਸਤ, ਸੱਚੇ ਲੋਕਤੰਤਰੀ ਤੇ ਧਰਮ ਨਿਰਪੱਖ ਸਨ। ਉਨ੍ਹਾਂ ਹਮੇਸ਼ਾਂ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਤੇ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਭ ਨੂੰ ਨਾਲ ਲਿਆ। ਉਨ੍ਹਾਂ ਕਿਹਾ ਕਿ ਬੇਸ਼ੱਕ ਬਾਦਲ ਸਾਹਿਬ ਵਰਗਾ ਬਣਨਾ ਅਸੰਭਵ ਹੈ ਪਰ ਉਹ ਭਰੋਸਾ ਦਿਵਾਉਂਦੇ ਹਨ ਕਿ ਕੌਮ ਤੇ ਪੰਜਾਬ ਲਈ ਉਹ ਵੱਡੇ ਬਾਦਲ ਵਾਂਗ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੱਡੇ ਬਾਦਲ ਨੂੰ ਸ਼ਿਸ਼ਟਾਚਾਰ ਦੀ ਜਿਊਂਦੀ ਜਾਗਦੀ ‘ਕਿਤਾਬ’ ਦੱਸਦੇ ਹੋਏ ਕਿਹਾ ਕਿ ਉਹ ਸਿਆਸਤ ਵਿੱਚ ਲੰਬਾ ਜੀਵਨ ਬਤੀਤ ਕਰਨ ਦੇ ਬਾਵਜੂਦ ਹਮੇਸ਼ਾ ਹਊਮੈ-ਹੰਕਾਰ ਤੋਂ ਕੋਹਾਂ ਦੂਰ ਰਹੇ। ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਸ੍ਰੀ ਬਾਦਲ ਦਾ ਚੌਟਾਲਾ ਪਰਿਵਾਰ ਵਿੱਚ ਬਹੁਤ ਸਤਿਕਾਰ ਸੀ। ਉਨ੍ਹਾਂ ਕਿਹਾ ਕਿ ਕਿਸਾਨ ਹਿੱਤਾਂ ਲਈ ਪੰਜਾਬ ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਸਭ ਤੋਂ ਵੱਧ ਸੰਘਰਸ਼ ਕੀਤਾ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਅੱਜ ਚੌਧਰੀ ਦੇਵੀ ਲਾਲ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਸੰਘਰਸ਼ ਸਦਕਾ ਹੀ ਇਹ ਸੰਭਵ ਹੋ ਸਕਿਆ ਹੈ ਕਿ ਹਰੇਕ ਸਿਆਸੀ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਕਿਸਾਨ ਸ਼ਬਦ ਸਭ ਤੋਂ ਪਹਿਲਾਂ ਆਉਂਦਾ ਹੈ। ਉਨ੍ਹਾਂ ਮਰਹੂਮ ਬਾਦਲ ਨੂੰ ਭਾਰਤ ਦਾ ਨੈਲਸਨ ਮੰਡੇਲਾ ਦੱਸਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਸਾਰੀਆਂ ਸਿਆਸੀ ਪਾਰਟੀਆਂ ਮਹਿਸੂਸ ਕਰ ਰਹੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਸੀਪੀਆਈ (ਐੱਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੇਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਬਤੌਰ ਵਿਧਾਨਕਾਰ ਦੂਜੀਆਂ ਸਿਆਸੀ ਧਿਰਾਂ ਨਾਲ ਵਿਵਹਾਰ ਦੀਆਂ ਉੱਚੀਆਂ ਕਦਰਾਂ-ਕੀਮਤਾਂ ਨੂੰ ਕਾਇਮ ਕੀਤਾ। ਸੀਪੀਆਈ ਦੇ ਸੂਬਾ ਸਕੱਤਰ ਬੰਤ ਬਰਾੜ ਨੇ ਸ੍ਰੀ ਬਾਦਲ ਵੱਲੋਂ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਾਏ ਗਏ ਯੋਗਦਾਨ ’ਤੇ ਚਾਨਣਾ ਪਾਇਆ। ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਬੀਬੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਅਨੰਤਬੀਰ ਸਿੰਘ ਬਾਦਲ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਪਰਮਜੀਤ ਸਿੰਘ ਸਰਨਾ, ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਵਿਧਾਇਕ ਹਰਦੇਵ ਅਰਸ਼ੀ ਆਦਿ ਨੇ ਸੰਬੋਧਨ ਕੀਤਾ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।