ਚੰਡੀਗੜ੍ਹ, 9 ਮਾਰਚ
ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਸੂਬਾ ਚੋਣ ਕਮੇਟੀ ਦੇ ਆਗੂਆਂ ਨਾਲ ਚੰਡੀਗੜ੍ਹ ਪਾਰਟੀ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਸ੍ਰੀ ਜਾਖੜ ਨੇ ਕਿਹਾ ਕਿ ਭਾਜਪਾ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸ੍ਰੀ ਜਾਖੜ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ‘ਆਪ’ ਤੇ ਕਾਂਗਰਸ ਗੱਠਜੋੜ ਤੋਂ ਨਿਰਾਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਤੇ ਕਾਂਗਰਸ ਦੀ ਭਾਈਵਾਲੀ ਖ਼ਿਲਾਫ਼ ਹਨ ਤੇ ਉਹ ਲੋਕ ਸਭਾ ਚੋਣਾਂ ਵਿਚ ਦੋਵਾਂ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ ਜੋ ਚੋਣ ਜ਼ਾਬਤਾ ਲੱਗਦੇ ਹੀ ‘ਆਪ’ ਤੇ ਕਾਂਗਰਸ ਵਿਰੁੱਧ ਖੁੱਲ੍ਹ ਕੇ ਸਾਹਮਣੇ ਆਉਣਗੇ।
ਸ੍ਰੀ ਜਾਖੜ ਨੇ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ ਜੋ ਕੇਂਦਰ ਵਿੱਚ ਵਾਪਸੀ ਕਰਕੇ ਪੰਜਾਬ ਦੇ ਲੰਬੇ ਸਮੇਂ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ। ਭਾਜਪਾ ਦੇ ਅਗਵਾਈ ਹੇਠ ਪਿਛਲੇ 10 ਸਾਲਾਂ ਵਿੱਚ ਭਾਰਤ ਨੇ ਤੇਜ਼ ਰਫ਼ਤਾਰ ਨਾਲ ਵਿਕਾਸ ਦੇਖਿਆ ਹੈ ਅਤੇ ਪੂਰੀ ਦੁਨੀਆ ਇਸ ਗਤੀ ਨੂੰ ਅੱਗੇ ਵਧਾਉਣ ਲਈ ਭਾਜਪਾ ਵੱਲ ਦੇਖ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ’ਚ ਸਾਰੀਆਂ ਸੀਟਾਂ ’ਤੇ ਭਾਜਪਾ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਸਾਨਾਂ ਨੂੰ ‘ਆਪ’ ਦੇ ਧੋਖੇਬਾਜ਼ੀ ਵਾਲੇ ਏਜੰਡਿਆਂ ਬਾਰੇ ਵੀ ਜਾਗਰੂਕ ਕਰਦਿਆਂ ਕਿਹਾ ਕਿ ਉਹ ਨੌਜਵਾਨਾਂ ਨੂੰ ਸਿਆਸੀ ਮੰਤਵਾਂ ਲਈ ਉਕਸਾ ਰਹੇ ਹਨ।