ਚੰਡੀਗੜ੍ਹ, 9 ਮਾਰਚ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ 168 ਡੀਪੀਆਈ ਅਧਿਆਪਕਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਅਧਿਆਪਕਾਂ ਨੇ ਟੈਂਕੀਆਂ ’ਤੇ ਚੜ੍ਹ ਕੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਝੂਠੇ ਦਾਅਵਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਸ੍ਰੀ ਬਾਜਵਾ ਨੇ ਸੂਬਾ ਸਰਕਾਰ ’ਤੇ ਡੀਪੀਆਈ ਦੇ 168 ਅਧਿਆਪਕਾਂ ਨਾਲ ਧੋਖਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਕੋਲ ਨਿਯੁਕਤੀਆਂ ਤੇ ਸਕੂਲ ਅਲਾਟਮੈਂਟ ਪੱਤਰ ਹਨ ਪਰ ‘ਆਪ’ ਸਰਕਾਰ ਉਨ੍ਹਾਂ ਨੂੰ ਸਕੂਲਾਂ ਵਿੱਚ ਦਾਖ਼ਲ ਹੋਣ ਦੀ ਆਗਿਆ ਨਹੀਂ ਦੇ ਰਹੀ ਇਸੇ ਕਰਕੇ ਅਧਿਆਪਕ ਧੂਰੀ ਵਿਧਾਨ ਸਭਾ ਹਲਕੇ ਵਿੱਚ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਮਸਲੇ ਸੁਣ ਕੇ ਪਹਿਲ ਦੇ ਆਧਾਰ ’ਤੇ ਹੱਲ ਕਰਨੇ ਚਾਹੀਦੇ ਹਨ। ਸ੍ਰੀ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਅਕਸਰ ਅਧਿਆਪਕ ਦਾ ਪੁੱਤਰ ਹੋਣ ਦਾ ਮਾਣ ਕਰਦੇ ਹਨ ਹਾਲਾਂਕਿ ਉਨ੍ਹਾਂ ਆਪਣੇ ਪਿਤਾ ਦੇ ਪੇਸ਼ੇ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ। ਧੂਰੀ ਉਨ੍ਹਾਂ ਦਾ ਆਪਣਾ ਖੇਤਰ ਹੈ। ਉਨ੍ਹਾਂ ਨੂੰ ਉੱਥੇ ਜਾ ਕੇ ਅਧਿਆਪਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਨਾਲ ਪੁਲੀਸ ਨੇ ਕੁੱਟਮਾਰ ਕੀਤੀ। ਇਸ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਜੋ ਕੁਝ ਵੀ ਕਿਹਾ ਉਹ ਸਿਰਫ ਝੂਠ ਸੀ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 40,000 ਨੌਜਵਾਨਾਂ ਨੂੰ ਰੁਜ਼ਗਾਰ ਦੇਣ ਬਾਰੇ ਝੂਠੇ ਦਾਅਵੇ ਕੀਤੇ ਸਨ।