ਲੰਬੀ, 16 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਗੜ੍ਹ ਲੰਬੀ ਵਿਚ ਅੱਜ ‘ਪੰਜਾਬ ਬਚਾਓ ਯਾਤਰਾ’ ਪੁੱਜੀ। ਇਹ ਯਾਤਰਾ ਸਰਾਵਾਂ ਜ਼ੈਲ ਦੇ ਪਿੰਡ ਕੋਲਿਆਂਵਾਲੀ ਤੋਂ ਸ਼ੁਰੂ ਹੋਈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਅਤੇ ‘ਆਪ’ ਦਾ ਪੰਜਾਬ ਵਿੱਚ ਗੈਰ ਰਸਮੀ ਗੱਠਜੋੜ ਹੈ। ਇਹ ਅਸਿੱਧੀ ਜੰਗ ਲੜ ਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਲਈ ਪੱਬਾਂ ਭਾਰ ਹਨ। ਜਦੋਂਕਿ ਕੌਮੀ ਪੱਧਰ ’ਤੇ ਇਨ੍ਹਾਂ ਦਾ ਰਸਮੀ ਗੱਠਜੋੜ ਹੋ ਚੁੱਕਿਆ ਹੈ। ਇਸ ਕਰ ਕੇ ‘ਆਪ’ ਨੇ ਸੀਨੀਅਰ ਕਾਂਗਰਸੀ ਆਗੂਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਕਾਰਵਾਈ ਵੀ ਠੰਢੇ ਬਸਤੇ ਪਾ ਦਿੱਤੀ ਹੈ। ਇਸ ਤੋਂ ਪਹਿਲਾਂ ਲੰਬੀ ਵਿੱਚ ਮਹਿਲਾ ਅਕਾਲੀ ਦਲ ਦੀਆਂ ਵਰਕਰਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਫਲਸਫੇ ਅਨੁਸਾਰ ਸਭ ਨੂੰ ਨਾਲ ਲੈ ਕੇ ਵਿਕਾਸ ਦੇ ਰਾਹ ’ਤੇ ਚੱਲਣ ਲਈ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਹੁਣ ਖੇਤਰੀ ਪਾਰਟੀ ਦੀ ਲੋੜ ਮਹਿਸੂਸ ਕਰ ਰਹੇ ਹਨ, ਜੋ ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰ ਸਕਦੀ ਹੋਵੇ। ਲੋਕਾਂ ਨੇ ਵੇਖ ਲਿਆ ਹੈ ਕਿ ਦਿੱਲੀ ਦੀ ਪਾਰਟੀ ਨੇ ਆਪਣੇ ਸਿਆਸੀ ਟੀਚਿਆਂ ਦੀ ਪੂਰਤੀ ਲਈ ਸੂਬੇ ਦਾ ਸਰਮਾਇਆ ਲੁੱਟਿਆ ਹੈ। ਬਾਦਲ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਨੇ ਵਿਕਾਸ ਕਾਰਜਾਂ ਤੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਪੈਸਾ ਪ੍ਰਾਪੇਗੰਡੇ ਆਦਿ ’ਤੇ ਖਰਚ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਕਾਂਗਰਸ ਤੇ ਹੁਣ ‘ਆਪ’ ਸਰਕਾਰ ਨੇ ਲੰਬੀ ਹਲਕੇ ਨੂੰ ਅਣਗੌਲਿਆ ਕੀਤਾ ਹੈ।
ਕਾਂਗਰਸ ਤੇ ‘ਆਪ’ ਨੇ ਹੁਣ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ: ਹਰਸਿਮਰਤ
ਤਲਵੰਡੀ ਸਾਬੋ (ਜਗਜੀਤ ਸਿੰਘ ਸਿੱਧੂ): ਕੇਂਦਰੀ ਸਾਬਕਾ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਬਾਦਲ ਪਰਿਵਾਰ ’ਤੇ ਬੇਅਦਬੀ ਦੇ ਝੂਠੇ ਦੋਸ਼ ਲਾ ਕੇ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਚੋਣਾਂ ਦੌਰਾਨ ਵਾਅਦੇ ਕਰਦੀਆਂ ਰਹੀਆਂ ਕਿ ਉਨ੍ਹਾਂ ਦੀਆਂ ਸਰਕਾਰਾਂ ਬਣਨ ’ਤੇ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਫੜ ਕੇ ਉਨ੍ਹਾਂ ਨੂੰ ਸਜ਼ਾਵਾਂ ਦੇਣਗੀਆਂ ਪਰ ਨਾ ਤਾਂ ਕਾਂਗਰਸ ਸਰਕਾਰ ਪੰਜ ਸਾਲ ਵਿੱਚ ਅਤੇ ਨਾ ਹੀ ‘ਆਪ’ ਸਰਕਾਰ ਹੁਣ ਤੱਕ ਇਹ ਵਾਅਦਾ ਪੂਰਾ ਕਰ ਸਕੀ ਹੈ। ਬੀਬੀ ਬਾਦਲ ਨੇ ਕਿਹਾ ਕਿ ਦੋਵਾਂ ਪਾਰਟੀਆਂ ਨੇ ਸੱਤਾ ਵਿੱਚ ਰਹਿੰਦਿਆਂ ਕੋਈ ਵਾਅਦਾ ਪੂਰਾ ਨਹੀਂ ਕੀਤਾ ਜਦਕਿ ਬਾਦਲ ਸਰਕਾਰ ਨੇ ਹਰ ਵਰਗ ਨੂੰ ਸਹੂਲਤਾਂ ਤੇ ਸਕੀਮਾਂ ਦੇ ਕੇ ਖਿਆਲ ਰੱਖਿਆ। ਉਨ੍ਹਾਂ ਕਿਹਾ ਕਿ ਗੜੇਮਾਰੀ ਨਾਲ ਕਿਸਾਨਾਂ ਦੀਆਂ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਤੋਂ ਮਾਨ ਸਰਕਾਰ ਨੇ ਮੌਨ ਧਾਰਿਆ ਹੋਇਆ ਹੈ।