Search
Close this search box.

ਮਾਝੇ ’ਚ ਵੀ ਭਾਜਪਾ ਉਮੀਦਵਾਰਾਂ ਨੂੰ ਕਰਨਾ ਪਵੇਗਾ ਕਿਸਾਨਾਂ ਦੇ ਰੋਹ ਦਾ ਸਾਹਮਣਾ

ਅੰਮ੍ਰਿਤਸਰ, 6 ਅਪ੍ਰੈਲ

ਮਾਲਵਾ ਤੋਂ ਬਾਅਦ ਹੁਣ ਮਾਝੇ ਵਿੱਚ ਵੀ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਦਾ ਖੁਲਾਸਾ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵਿਰੋਧ ਸਬੰਧੀ ਪੋਸਟਰ ਤੇ ਬੈਨਰ ਵੀ ਜਾਰੀ ਕੀਤੇ। ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵੱਲੋਂ ਵੀ ਭਾਜਪਾ ਦੇ ਉਮੀਦਵਾਰਾਂ ਦੇ ਵਿਰੋਧ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਸ਼ੰਭੂ ਸਰਹੱਦ ’ਤੇ ਭਾਜਪਾ ਦੀ ਕੇਂਦਰ ਸਰਕਾਰ ਖ਼ਿਲਾਫ਼ ਪੱਕਾ ਮੋਰਚਾ ਲਾਇਆ ਹੋਇਆ।

ਇੱਥੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ, ਗੁਰਲਾਲ ਸਿੰਘ ਮਾਨ ਤੇ ਹੋਰਨਾਂ ਨੇ ਪੱਤਰਕਾਰ ਸੰਮੇਲਨ ਦੌਰਾਨ ਖੁਲਾਸਾ ਕੀਤਾ ਕਿ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਆਉਣ ਵਾਲੇ ਭਾਜਪਾ ਆਗੂਆਂ ਨੂੰ ਘੇਰ ਕੇ ਕਿਸਾਨ ਅੰਦੋਲਨ ਦੀਆਂ ਮੰਗਾਂ ਸਬੰਧੀ ਸਵਾਲ ਕੀਤੇ ਜਾਣਗੇ । ਇਨ੍ਹਾਂ ਮੰਗਾਂ ਸਬੰਧੀ ਫਲੈਕਸ ਬੋਰਡ ਤਿਆਰ ਕਰਵਾਏ ਗਏ ਹਨ ਜੋ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਲਾਏ ਜਾਣਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਖ਼ਿਲਾਫ਼ ਕਿਸਾਨ ਜਥੇਬੰਦੀ ਵੱਲੋਂ 7 ਅਪਰੈਲ ਨੂੰ ਜ਼ਿਲ੍ਹਾ ਪੱਧਰ ’ਤੇ ਰੋਸ ਵਿਖਾਵੇ ਕੀਤੇ ਜਾਣਗੇ ਅਤੇ ਪੁਤਲੇ ਸਾੜੇ ਜਾਣਗੇ। ਇਸੇ ਲੜੀ ਤਹਿਤ 9 ਅਪਰੈਲ ਨੂੰ ਸ਼ੰਭੂ ਸਰਹੱਦ ’ਤੇ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦਾ ਵਿਕਾਸ ਕਰਨ ਦਾ ਦਾਅਵਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜ ਕਾਲ ਦੌਰਾਨ ਦੇਸ਼ ਦਾ ਕਰਜ਼ਾ ਵਧਿਆ, ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਵਧੀਆਂ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਰੁਪਏ ਦੀ ਕੀਮਤ ਘਟੀ ਹੈ। ਇਸ ਦੌਰਾਨ ਮਹਿੰਗਾਈ ਵਧੀ ਹੈ।

ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਭਾਜਪਾ ਉਮੀਦਵਾਰਾਂ ਦੇ ਵਿਰੋਧ ਸਬੰਧੀ ਤਿਆਰ ਕੀਤੇ ਫਲੈਕਸ ’ਤੇ 12 ਮੰਗਾਂ ਦਾ ਜ਼ਿਕਰ ਕੀਤਾ ਗਿਆ। ਇਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਭਾਜਪਾ ਆਗੂਆਂ ਤੇ ਨੁਮਾਇੰਦਿਆਂ ਦਾ ਚੋਣ ਪ੍ਰਚਾਰ ਵੇਲੇ ਵਿਰੋਧ ਕੀਤਾ ਜਾਵੇਗਾ। ਭਾਜਪਾ ਦੇ ਉਮੀਦਵਾਰਾਂ ਦੇ ਵਿਰੋਧ ਸਬੰਧੀ ਰਣਨੀਤੀ ਤਿਆਰ ਕਰਨ ਲਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਲਦੀ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦਾ ਸਮੁੱਚੇ ਪੰਜਾਬ ਵਿੱਚ ਹੀ ਵਿਰੋਧ ਹੋਵੇਗਾ।

Leave a Comment

[democracy id="1"]

You May Like This