
ਚੰਡੀਗੜ੍ਹ/ ਅੰਮ੍ਰਿਤਸਰ, 7 ਅਪ੍ਰੈਲ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਫਸਲਾਂ ਦੀ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਸ਼ੰਭੂ ਤੇ ਖਨੌਰੀ ਦੀ ਹੱਦ ’ਤੇ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਅੰਦੋਲਨ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਤੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਨਾ ਕਰਨ ਦੇ ਰੋਸ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਪੰਜਾਬ ਵਿੱਚ 50 ਤੋਂ ਵੱਧ ਥਾਵਾਂ ’ਤੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ। ਕਿਸਾਨਾਂ ਨੇ ਤਾਮਿਲਨਾਡੂ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਅਮਨੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ, ਹਰਵਿੰਦਰ ਸਿੰਘ ਮਸਾਣੀਆਂ ਸਣੇ ਹੋਰਨਾਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।
ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਦਿੱਤੇ ਗਏ ਧਰਨਿਆਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਬੀਬੀਆਂ ਵੱਲੋਂ ਰੋਸ ਮਾਰਚ ਕਰਕੇ ਕਿਸਾਨ ਮਜ਼ਦੂਰ ਵਿਰੋਧੀ ਕਾਰਪੋਰੇਟ ਪੱਖੀ ਮੋਦੀ ਸਰਕਾਰ ਦੇ ਜ਼ੁਲਮ ਜਬਰ ਵਿਰੁੱਧ ਡੀਸੀ ਦਫ਼ਤਰਾਂ ਅੱਗੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਅੱਜ ਪੰਜਾਬ ਦੇ ਮੋਗਾ, ਫਿਰੋਜ਼ਪੁਰ, ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ, ਲੁਧਿਆਣਾ, ਪਟਿਆਲਾ, ਫ਼ਤਹਿਗੜ੍ਹ ਸਾਹਿਬ ਤੇ ਮੁਹਾਲੀ ਆਦਿ ਵਿੱਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤੇ।
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜੇ ਮੋਦੀ ਸਰਕਾਰ ਨੇ ਹਰਿਆਣਾ ’ਚ ਗ੍ਰਿਫਤਾਰ ਕੀਤੇ 3 ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਸਣੇ ਮੰਗਾਂ ਨਾ ਮੰਨੀਆਂ ਤਾਂ 9 ਅਪਰੈਲ ਨੂੰ ਸ਼ੰਭੂ ਰੇਲਵੇ ਸਟੇਸ਼ਨ ਉੱਤੇ ਅਣਮਿੱਥੇ ਸਮੇਂ ਲਈ ਰੇਲ ਮਾਰਗ ਜਾਮ ਕਰ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਤੇ ਉਸ ਦੇ ਭਾਈਵਾਲ ਆਗੂਆਂ ਨੂੰ ਕਾਲੇ ਝੰਡੇ ਵਿਖਾਉਣ ’ਤੇ ਜ਼ੋਰ ਦਿੱਤਾ। ਇਸ ਮੌਕੇ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ , ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਹਰਪ੍ਰੀਤ ਸਿੰਘ ਸਿੱਧਵਾਂ, ਧਰਮ ਸਿੰਘ ਸਿੱਧੂ, ਗੁਰਲਾਲ ਸਿੰਘ ਮਾਨ, ਗੁਰਦੇਵ ਸਿੰਘ ਸਾਹ ਵਾਲਾ, ਸ਼ੇਰ ਸਿੰਘ ਕਪੂਰਥਲਾ, ਹਰਦੀਪ ਸਿੰਘ ਗੁਰਦਾਸਪੁਰ, ਸੰਤੋਖ ਸਿੰਘ ਲੁਧਿਆਣਾ, ਸਲਵਿੰਦਰ ਸਿੰਘ ਜਲੰਧਰ ਨੇ ਵੀ ਰੋਸ ਮੁਜ਼ਾਹਰਿਆਂ ਨੂੰ ਸੰਬੋਧਨ ਕੀਤਾ।





















