ਰਮਦਾਸ, 10 ਅਪ੍ਰੈਲ
ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਵੱਲੋਂ ਭਾਜਪਾ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ‘ਵਾਈ ਪਲੱਸ’ ਸੁਰੱਖਿਆ ਦੇਣ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਭਾਜਪਾ ਲੋਕਾਂ ਦਾ ਪਿਆਰ ਹਾਸਲ ਕਰਨ ਦੀ ਥਾਂ ਵਾਧੂ ਸੁਰੱਖਿਆ ਦੇ ਨਾਂ ’ਤੇ ਲੋਕਾਂ ਨੂੰ ਡਰਾਉਣਾ ਚਾਹੁੰਦੀ ਹੈ।
ਅੱਜ ਸਰਹੱਦੀ ਪਿੰਡ ਜਸਰਾਊਰ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਲੋਕਾਂ ਦਾ ਰੋਸ ਵੇਖ ਕੇ ਭਾਜਪਾ ਆਪਣੇ ਉਮੀਦਵਾਰਾਂ ਨੂੰ ਵਾਧੂ ਸੁਰੱਖਿਆ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸਾਰੇ ਉਮੀਦਵਾਰਾਂ ਸਮੇਤ ਪਿਛਲੇ ਦਿਨੀਂ ਤਰਨਜੀਤ ਸਿੰਘ ਸੰਧੂ ਦਾ ਵੀ ਸਰਹੱਦੀ ਖੇਤਰ ਦੇ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਦਿੱਲੀ ਸਮੇਤ ਹੋਰਨਾਂ ਬਾਰਡਰਾਂ ’ਤੇ ਲਗਪਗ 740 ਕਿਸਾਨਾਂ ਦੀ ਸ਼ਹਾਦਤ ਦਾ ਖ਼ਮਿਆਜ਼ਾ ਭਾਜਪਾ ਨੂੰ ਇਨ੍ਹਾਂ ਚੋਣਾਂ ਵਿਚ ਹਾਰ ਦੇ ਰੂਪ ਵਿਚ ਭੁਗਤਣਾ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਆਪਣੇ ਦਾਦੇ ਤੇਜਾ ਸਿੰਘ ਸਮੁੰਦਰੀ ਦੇ ਨਾਂ ’ਤੇ ਵੋਟਾਂ ਮੰਗ ਰਹੇ ਹਨ, ਜੋ ਪੰਜਾਬ ਦੇ ਹੱਕਾਂ ਲਈ ਅੰਗਰੇਜ਼ਾਂ ਖ਼ਿਲਾਫ਼ ਲੜੇ ਸਨ। ਉਨ੍ਹਾਂ ਕਿਹਾ ਕਿ ਅੱਜ ਸੰਧੂ ਤਾਨਾਸ਼ਾਹ ਭਾਜਪਾ ਵੱਲੋਂ ਚੋਣ ਲੜ ਰਹੇ ਹਨ। ਜੇਕਰ ਅੱਜ ਤੇਜਾ ਸਿੰਘ ਸਮੁੰਦਰੀ ਜਿਊਂਦੇ ਹੁੰਦੇ ਤਾਂ ਉਨ੍ਹਾਂ ਦੀਆਂ ਅੱਖਾਂ ਵਿਚ ਅੱਥਰੂ ਆ ਜਾਂਦੇ।
ਪਿੰਡ ਸੁਧਾਰ ਵਿੱਚ ਕਰਵਾਏ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸੁਧਾਰ, ਮੱਧੂਸਾਂਗਾ ਅਤੇ ਕੋਟ ਮੁਗਲ ’ਚ ਕਾਂਗਰਸ, ਅਕਾਲੀ ਦਲ ਬਾਦਲ ਤੇ ਭਾਜਪਾ ਨਾਲ ਜੁੜੇ ਲਗਪਗ 200 ਪਰਿਵਾਰ ‘ਆਪ’ ਵਿੱਚ ਸ਼ਾਮਲ ਹੋ ਗਏ। ਹਲਕਾ ਅੰਮ੍ਰਿਤਸਰ ਤੋਂ ‘ਆਪ’ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ।