
ਬਟਾਲਾ, 10 ਅਪ੍ਰੈਲ
‘ਆਪ’ ਦੇ ਸੂਬਾਈ ਉਪ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵੱਖ ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਵਿੱਚ ਸਿੱਖਿਆ ਅਤੇ ਸਿਹਤ ਕ੍ਰਾਂਤੀ ਲਿਆ ਕੇ ਦੇਸ਼ ਦੀ ਰਾਜਨੀਤੀ ਨੂੰ ਨਵਾਂ ਮੋੜਾ ਦਿੱਤਾ ਹੈ ਜੋ ਵਿਰੋਧੀ ਧਿਰਾਂ ਨੂੰ ਰਾਸ ਨਹੀਂ ਆ ਰਿਹਾ। ਇਸ ਮੌਕੇ ਉਨ੍ਹਾਂ ਹਲਕੇ ਦੇ ਵੱਖ-ਵੱਖ ਪਿੰਡਾਂ ’ਚ ਆਗਾਮੀ ਲੋਕ ਸਭਾ ਚੋਣਾਂ ਲਈ ਲੋਕਾਂ ਨੂੰ ‘ਆਪ’ ਦੇ ਹੱਕ ’ਚ ਭੁੱਗਤਣ ਦਾ ਸੱਦਾ ਦਿੱਤਾ। ਸ਼੍ਰੀ ਕਲਸੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਿਆਸੀ ਪਾਰਟੀ ਦੇ ਮੁਖੀ ਨੇ ਦੇਸ਼ ਵਾਸੀਆਂ ਦੀ ਸਿਹਤ ਅਤੇ ਸਿੱਖਿਆ ਵੱਲ ਉਚੇਚੇ ਤੌਰ ’ਤੇ ਧਿਆਨ ਦਿੱਤਾ ਹੈ। ਉਨ੍ਹਾਂ ਪਾਰਟੀ ਮੁਖੀ ਸ੍ਰੀ ਕੇਜਰੀਵਾਲ ਦੀ ਸੋਚ ਦਾ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਦੋ ਸਾਲਾਂ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਲਾਮਿਸਾਲ ਪ੍ਰਾਪਤੀਆਂ ਨੂੰ ਗਿਣਾਉਂਦਿਆਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਨੁਹਾਰ ਬਦਲ ਦਿੱਤੀ ਗਈ ਹੈ।





















