Code Of Ethics

Download app

Subscribe To Print Edition

ਪਰਮਿੰਦਰ ਢੀਂਡਸਾ ਨੂੰ ਟਿਕਟ ਨਾ ਦੇਣ ’ਤੇ ਸੰਗਰੂਰ ਦੀ ਸਿਆਸਤ ’ਚ ‘ਘੁਸਰ-ਮੁਸਰ’

ਸੰਗਰੂਰ, 13 ਅਪ੍ਰੈਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਲੋਕ ਸਭਾ ਹਲਕੇ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਪਾਰਟੀ ਦੀ ਟਿਕਟ ਦੇਣ ਦਾ ਐਲਾਨ ਹੁੰਦਿਆਂ ਹੀ ਜ਼ਿਲ੍ਹਾ ਸੰਗਰੂਰ ਦੀ ਅਕਾਲੀ ਸਿਆਸਤ ਵਿੱਚ ਮੁੜ ਘੁਸਰ-ਮੁਸਰ ਸ਼ੁਰੂ ਹੋਣ ਲੱਗੀ ਹੈ। ਭਾਵੇਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਮੁਕੰਮਲ ਏਕਤਾ ਹੋਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਟਿਕਟ ਲਗਪਗ ਤੈਅ ਮੰਨੀ ਜਾ ਰਹੀ ਸੀ ਪਰ ਅੱਜ ਇਕਬਾਲ ਸਿੰਘ ਝੂੰਦਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਏ ਜਾਣ ਕਾਰਨ ਸਿਆਸੀ ਹਲਕੇ ਹੈਰਾਨ ਹਨ। ਇਸ ਸੰਸਦੀ ਹਲਕੇ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਨਾ ਬਣਾਏ ਜਾਣ ਕਾਰਨ ਸੋਸ਼ਲ ਮੀਡੀਆ ’ਤੇ ਵੀ ਸਿਆਸੀ ਚਰਚਾ ਪੂਰੇ ਜ਼ੋਰਾਂ ’ਤੇ ਹੈ। ਇਸ ਪਾਸੇ ਜਿੱਥੇ ਇਕਬਾਲ ਸਿੰਘ ਝੂੰਦਾਂ ਦੇ ਸਮਰਥਕ ਸ਼੍ਰੋਮਣੀ ਅਕਾਲੀ ਦਲ ਦੇ ਇਸ ਫ਼ੈਸਲੇ ਨਾਲ ਬਾਗੋਬਾਗ਼ ਨਜ਼ਰ ਆ ਰਹੇ ਹਨ, ਉੱਥੇ ਹੀ ਢੀਂਡਸਾ ਸਮਰਥਕ ਆਪਣੀ ਨਾਰਾਜ਼ਗੀ ਪ੍ਰਗਟ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਇਸ ਫ਼ੈਸਲੇ ਨਾਲ ਸਿਆਸੀ ਹਲਕਿਆਂ ਵਿੱਚ ਤਰ੍ਹਾਂ-ਤਰ੍ਹਾਂ ਦੀਆਂ ਕਿਆਸਅਰਾਈਆਂ ਦਾ ਦੌਰ ਸ਼ੁਰੂ ਹੋ ਗਿਆ ਹੈ ਕਿਉਂਕਿ ਭਾਜਪਾ ਵੱਲੋਂ ਅਜੇ ਤੱਕ ਸੰਗਰੂਰ ਸੰਸਦੀ ਹਲਕੇ ਤੋਂ ਆਪਣਾ ਉਮੀਦਵਾਰ ਨਹੀਂ ਐਲਾਨਿਆ ਗਿਆ ਹੈ। ਜਿਸ ਤਰ੍ਹਾਂ ਭਾਜਪਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਕਮਲ ਦੇ ਫੁੱਲ ਦੀ ਖੁਸ਼ਬੋ ਨਾਲ ਆਪਣੇ ਵੱਲ ਖਿੱਚਣ ਦੀ ਸਮਰੱਥਾ ਰੱਖਦੀ ਹੈ, ਉਸ ਨਾਲ ਕੁੱਝ ਵੀ ਸੰਭਵ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਵਿਚ ਕੋਈ ਸ਼ੱਕ ਨਹੀਂ ਕਿ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸੰਗਰੂਰ ਸੰਸਦੀ ਹਲਕੇ ਦੇ ਵੱਖ-ਵੱਖ ਅਸੈਂਬਲੀ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ ਅਤੇ ਅਕਾਲੀ ਤੇ ਗੈਰ ਅਕਾਲੀ ਹਲਕਿਆਂ ਵਿਚ ਪਰਮਿੰਦਰ ਸਿੰਘ ਢੀਂਡਸਾ ਦੀ ਟਿਕਟ ਲਗਭਗ ਤੈਅ ਮੰਨੀ ਜਾ ਰਹੀ ਸੀ।

ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਪੋਸਟ ਪਾ ਕੇ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਬਣਾਉਣ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ ਅਤੇ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਹੈ ਕਿ ਇਸ ਚੋਣ ਨੂੰ ਜਿੱਤ ਕੇ ਪਾਰਟੀ ਦੀ ਝੋਲੀ ਪਾ ਕੇ ਚੜ੍ਹਦੀ ਕਲਾ ਕਰੀਏੇ। ਢੀਂਡਸਾ ਸਮਰਥਕ ਵਿਸ਼ਾਲ ਬਾਂਸਲ ਅਤੇ ਹੋਰ ਕਈਆਂ ਨੇ ਪਰਮਿੰਦਰ ਢੀਂਡਸਾ ਦੀ ਫੋਟੋ ਸਣੇ ਪੋਸਟਾਂ ਪਾਈਆਂ ਹਨ, ਜਿਸ ’ਤੇ ਲਿਖਿਆ ਹੈ, ‘‘ਤੇਰੇ ਨਾਲ ਆਂ ਜੱਟਾ, ਡਟਿਆ ਰਹਿ।’’

Advertisment