ਐਸ.ਏ.ਐਸ. ਨਗਰ (ਮੁਹਾਲੀ), 16 ਅਪ੍ਰੈਲ
ਆਮ ਆਦਮੀ ਪਾਰਟੀ (ਆਪ) ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਮਗਰੋਂ ਦੋਵਾਂ ਪਾਰਟੀਆਂ ਦੇ ਆਗੂਆਂ ਨੇ ਚੋਣ ਪ੍ਰਚਾਰ ਭਖਾ ਦਿੱਤਾ ਹੈ ਜਦਕਿ ਮੁੱਖ ਵਿਰੋਧੀ ਧਿਰ ਕਾਂਗਰਸ ਅਤੇ ਭਾਜਪਾ ਦੇ ਉਮੀਦਵਾਰਾਂ ਦੀ ਹਾਲੇ ਉਡੀਕ ਕੀਤੀ ਜਾ ਰਹੀ ਹੈ। ਬਸਪਾ ਨੇ ਵੀ ਹਾਲੇ ਆਪਣੇ ਪੱਤੇ ਨਹੀਂ ਖੋਲ੍ਹੇ। ‘ਆਪ’ ਨੇ ਮਲਵਿੰਦਰ ਸਿੰਘ ਕੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ ਜਦੋਂਕਿ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ’ਤੇ ਮੁੜ ਭਰੋਸਾ ਪ੍ਰਗਟਾਇਆ ਹੈ।
ਪੰਥਕ ਹਲਕਾ ਹੋਣ ਕਰਕੇ ਦੋਵੇਂ ਪਾਰਟੀਆਂ ਨੇ ਸਿੱਖ ਚਿਹਰੇ ਮੈਦਾਨ ਵਿੱਚ ਉਤਾਰੇ ਹਨ। ਇਨ੍ਹਾਂ ਦੋਵੇਂ ਉਮੀਦਵਾਰਾਂ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋ ਕੇ ਚੋਣ ਪ੍ਰਚਾਰ ਮੁਹਿੰਮ ਭਖਾ ਦਿੱਤੀ ਹੈ। ਉਨ੍ਹਾਂ ਵੱਲੋਂ ਰੋਜ਼ਾਨਾ ਵਰਕਰਾਂ ਤੇ ਆਮ ਲੋਕਾਂ ਨਾਲ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ। ਕੰਗ ਪਹਿਲੀ ਵਾਰ ਚੋਣ ਲੜ ਰਹੇ ਹਨ ਜਦੋਂਕਿ ਚੰਦੂਮਾਜਰਾ ਚੋਣ ਪਿੜ ਦੇ ਪੁਰਾਣੇ ਖਿਡਾਰੀ ਹਨ।
ਭਾਜਪਾ, ਕਾਂਗਰਸ ਅਤੇ ਬਸਪਾ ਆਪਣੇ ਉਮੀਦਵਾਰਾਂ ਬਾਰੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲੈ ਸਕੀਆਂ। ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਚੰਡੀਗੜ੍ਹ ਜਾਣ ਨਾਲ ਹੁਣ ਆਨੰਦਪੁਰ ਸਾਹਿਬ ਹਲਕੇ ਤੋਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਰਾਣਾ ਗੁਰਜੀਤ ਸਿੰਘ ਤੇ ਅੰਗਦ ਸਿੰਘ ਸੈਣੀ ਕਾਂਗਰਸ ਦੀ ਟਿਕਟ ਲੈਣ ਲਈ ਭੱਜ-ਦੌੜ ਕਰ ਰਹੇ ਹਨ। ਸਿੱਧੂ ਅਤੇ ਰਾਣਾ ਵਿੱਚ ਪੇਚ ਫਸ ਗਿਆ ਹੈ। ਔਖੇ ਵੇਲੇ ਕਾਂਗਰਸ ਛੱਡ ਕੇ ਭਾਜਪਾ ਵਿੱਚ ਜਾਣ ਕਾਰਨ ਸਿੱਧੂ ਦਾ ਪੱਤਾ ਕੱਟ ਸਕਦਾ ਹੈ ਪਰ ਇਲਾਕੇ ਵਿੱਚ ਪਕੜ ਮਜ਼ਬੂਤ ਹੋਣ ਕਾਰਨ ਉਨ੍ਹਾਂ ਨੂੰ ਉਮੀਦਵਾਰ ਵੀ ਐਲਾਨਿਆ ਜਾ ਸਕਦਾ ਹੈ।
ਭਾਜਪਾ ਵੱਲੋਂ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ, ਸੁਖਵਿੰਦਰ ਗੋਲਡੀ ਅਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਪਰਿਵਾਰ ਚੋਣ ਲੜਨ ਦਾ ਚਾਹਵਾਨ ਹੈ। ਉਂਜ ਭਾਜਪਾ ਦੀਆਂ ਤਿੰਨ ਬੀਬੀਆਂ ਅਮਨਜੋਤ ਕੌਰ ਰਾਮੂਵਾਲੀਆ, ਲਖਵਿੰਦਰ ਕੌਰ ਗਰਚਾ ਅਤੇ ਰਮਦੀਪ ਕੌਰ ਵੀ ਟਿਕਟ ਲੈਣ ਦੀ ਦੌੜ ਵਿੱਚ ਸ਼ਾਮਲ ਹਨ। ਜੇ ਬਸਪਾ ਦੀ ਗੱਲ ਕਰੀਏ ਤਾਂ ਇਸ ਵਾਰ ਇੱਥੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਚੋਣ ਲੜ ਸਕਦੇ ਹਨ। ਇਸ ਸਬੰਧੀ ਇੱਕ-ਦੋ ਦਿਨਾਂ ਵਿੱਚ ਐਲਾਨ ਹੋ ਸਕਦਾ ਹੈ। ਬਸਪਾ ਦੇ ਸੂਬਾ ਜਨਰਲ ਸਕੱਤਰ ਤੇ ਚੰਡੀਗੜ੍ਹ ਦੇ ਚੋਣ ਇੰਚਾਰਜ ਰਾਜਾ ਰਜਿੰਦਰ ਸਿੰਘ ਨਨਹੇੜੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਾਰਟੀ ਵਰਕਰਾਂ ਨੇ ਵੀ ਸੂਬਾ ਪ੍ਰਧਾਨ ਗੜ੍ਹੀ ਨੂੰ ਚੋਣ ਲੜਨ ਦੀ ਅਪੀਲ ਕੀਤੀ ਹੈ। ਬਸਪਾ ਦਾ ਹਲਕੇ ਵਿੱਚ ਚੰਗਾ ਆਧਾਰ ਹੈ।