ਲੋਕ ਸਭਾ ਚੋਣਾਂ: ‘ਆਪ’ ਵੱਲੋਂ ਅਮਨਸ਼ੇਰ, ਅਸ਼ੋਕ, ਜਗਦੀਪ ਅਤੇ ਟੀਨੂੰ ਨੂੰ ਟਿਕਟ

ਚੰਡੀਗੜ੍ਹ 17 ਅਪ੍ਰੈਲ

ਆਮ ਆਦਮੀ ਪਾਰਟੀ (ਆਪ) ਨੇ ਅੱਜ ਪੰਜਾਬ ਦੀਆਂ ਬਾਕੀ ਚਾਰ ਲੋਕ ਸਭਾ ਸੀਟਾਂ ਲਈ ਵੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੀਜੀ ਸੂਚੀ ਵਿੱਚ ‘ਆਪ’ ਨੇ ਲੋਕ ਸਭਾ ਹਲਕਾ ਗੁਰਦਾਸਪੁਰ, ਲੁਧਿਆਣਾ ਤੇ ਫਿਰੋਜ਼ਪੁਰ ਤੋਂ ਤਿੰਨ ਮੌਜੂਦਾ ਵਿਧਾਇਕਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਮੁਕਤਸਰ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੂੰ ਫ਼ਿਰੋਜ਼ਪੁਰ, ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਗੁਰਦਾਸਪੁਰ, ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੂੰ ਲੁਧਿਆਣਾ ਅਤੇ ਚਾਰ ਦਿਨ ਪਹਿਲਾਂ ਹੀ ਪਾਰਟੀ ਵਿੱਚ ਸ਼ਾਮਲ ਹੋਏ ਪਵਨ ਕੁਮਾਰ ਟੀਨੂੰ ਨੂੰ ਲੋਕ ਸਭਾ ਹਲਕਾ ਜਲੰਧਰ(ਰਾਖਵੇਂ) ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੋ ਸਾਲ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਬਟਾਲਾ ਹਲਕੇ ਤੋਂ ਕਾਂਗਰਸ ਦੇ ਅਸ਼ਵਨੀ ਸੇਖੜੀ, ਅਕਾਲੀ ਦਲ ਦੇ ਸੁੱਚਾ ਸਿੰਘ ਛੋਟੇਪੁਰ ਅਤੇ ਭਾਜਪਾ ਦੇ ਫਤਿਹਜੰਗ ਸਿੰਘ ਬਾਜਵਾ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਸੀ। ਮੁਕਤਸਰ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਅਸੈਂਬਲੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ 34 ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾਇਆ ਸੀ ਇਸੇ ਤਰ੍ਹਾਂ ਲੁਧਿਆਣਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪ੍ਰਾਸ਼ਰ ਪੱਪੀ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਸੁਰਿੰਦਰ ਕੁਮਾਰ ਡਾਬਰ ਨੂੰ ਹਰਾਇਆ ਸੀ। ‘ਆਪ’ ਨੇ ਅੱਜ ਇਨ੍ਹਾਂ ਚਾਰ ਉਮੀਦਵਾਰਾਂ ਦੇ ਐਲਾਨ ਦੇ ਨਾਲ ਹੀ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਸਾਰੀਆਂ 13 ਸੀਟਾਂ ’ਤੇ ਵੋਟਿੰਗ ਪਹਿਲੀ ਜੂਨ ਨੂੰ ਹੋਵੇਗੀ, ਜਦੋਂ ਕਿ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

Leave a Comment

[democracy id="1"]

You May Like This