ਗੁਰਦਾਸਪੁਰ, 11 ਅਕਤੂਬਰ ( ਪੰਜਾਬੀ ਅਖਰ ) ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਖਰੀਦ ਕੀਤੀ ਫਸਲ ਦੀ ਚੁਕਾਈ ਦਾ ਕੰਮ ਵੀ ਚੱਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਲਰ ਮਾਲਕਾਂ ਵਲੋਂ ਖਰੀਦ ਏਜੰਸੀਆਂ ਨਾਲ ਐਗਰੀਮੈਂਟ ਕੀਤੇ ਜਾ ਰਹੇ ਹਨ ਅਤੇ ਝੋਨੇ ਦੀ ਖਰੀਦ ਕਰਨ ਤੋਂ ਬਾਅਦ ਚੁਕਾਈ ਵੀ ਚੱਲ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਲਿਆਉਣ ਸਮੇਂ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਮੂਹ ਧਿਰਾਂ ਦੇ ਸਹਿਯੋਗ ਨਾਲ ਮੰਡੀਆਂ ਵਿਚ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਵਿੱਚ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਤ ਸਮੇਂ ਫਸਲ ਦੀ ਕਟਾਈ ਨਾ ਕਰਨ। ਮੰਡੀਆਂ ਵਿੱਚ ਸੁੱਕੀ ਫਸਲ ਲਿਆਂਦੀ ਜਾਵੇ। ਝੋਨੇ ਦੀ ਕਟਾਈ ਕਰਨ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਪਰਾਲੀ/ਨਾੜ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕੀਤੀ ਜਾਵੇ।
ਇਸ ਮੌਕੇ ਗੱਲ ਕਰਦਿਆਂ ਸੁਖਜਿੰਦਰ ਸਿੰਘ,ਡੀਐਫਐਸਸੀ ਨੇ ਦੱਸਿਆ ਕਿ ਪਨਗਰੇਨ ਵਲੋਂ 1053 ਮੀਟਰਕ ਟਨ, ਮਾਰਕਫੈੱਡ ਵਲੋਂ 581, ਪਨਸਪ ਵਲੋਂ 370 ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 205 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 11 ਅਕਤੂਬਰ ਤੱਕ 2200 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ।