ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ
ਗ੍ਰਾਮ ਪੰਚਾਇਤਾਂ ਨੂੰ ਜਮਹੂਰੀ ਢਾਂਚੇ ਦੀ ਨੀਂਹ ਦੱਸਿਆ
•ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਕਰਨ ਦਾ ਸੱਦਾ
•ਪੰਚਾਇਤਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ, ਕਾਰਜਕੁਸ਼ਲਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਗ੍ਰਾਮ ਸਭਾਵਾਂ ਦੇ ਇਜਲਾਸ ਸੱਦਣ ਦੀ ਵਕਾਲਤ
ਸੰਗਰੂਰ, 19 ਨਵੰਬਰ 2024 ( ਪੰਜਾਬੀ ਅੱਖਰ ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਪ੍ਰੇਰਕ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ, ਜਿਸ ਨਾਲ ਸੂਬੇ ਦੇ ਅਰਥਚਾਰੇ ਨੂੰ ਵੱਡਾ ਹੁਲਾਰਾ ਮਿਲੇਗਾ।

ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹੀ ਆਧਾਰ ਉਤੇ ਵੰਡਣਾ ਚਾਹੀਦਾ ਹੈ ਤਾਂ ਕਿ ਸੂਬਾ ਸਰਕਾਰ ਕੰਮ ਸ਼ੁਰੂ ਕਰਵਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਚਾਇਤਾਂ ਪਿੰਡਾਂ ਦੇ ਸਮੁੱਚੇ ਵਿਕਾਸ ਲਈ ਮਤੇ ਜ਼ਰੂਰ ਪਾਸ ਕਰਨ, ਜਿਸ ਲਈ ਸੂਬਾ ਸਰਕਾਰ ਹਰ ਹਰਬਾ ਵਰਤੇਗੀ। ਉਨ੍ਹਾਂ ਨਵੇਂ ਚੁਣੇ ਪੰਚਾਂ ਨੂੰ ਪਿੰਡ ਵਾਸੀਆਂ ਦੀ ਤਰੱਕੀ ਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਦੇ ਨਾਲ-ਨਾਲ ਆਪਣੇ ਪਿੰਡਾਂ ਨੂੰ ‘ਵਿਕਾਸ ਧੁਰੇ’ ਵਿੱਚ ਤਬਦੀਲ ਕਰਨ ਲਈ ਨਵੇਂ ਕਦਮ ਚੁੱਕਣ ਲਈ ਆਖਿਆ।


ਮੁੱਖ ਮੰਤਰੀ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਜਮਹੂਰੀ ਢਾਂਚੇ ਦੀ ਨੀਂਹ ਹੁੰਦੀਆਂ ਹਨ ਅਤੇ ਨਵੇਂ ਚੁਣੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਾ ਇਕ ਇਤਿਹਾਸਕ ਮੌਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਚਾਂ ਨੂੰ ਲੋਕਾਂ ਨੇ ਚੁਣਿਆ ਹੈ ਅਤੇ ਅੱਜ ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਅਜਿਹੇ ਸਮਾਰੋਹ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ 10031 ਨਵੇਂ ਚੁਣੇ ਸਰਪੰਚਾਂ ਨੂੰ ਲੁਧਿਆਣਾ ਵਿਖੇ 8 ਨਵੰਬਰ ਨੂੰ ਹੋਏ ਸਮਾਰੋਹ ਦੌਰਾਨ ਅਹੁਦੇ ਦੀ ਸਹੁੰ ਚੁਕਾਈ ਗਈ ਸੀ।


ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਚੁਣਿਆ ਜਾਣਾ ਮਾਣ ਵਾਲੀ ਗੱਲ ਹੈ ਕਿਉਂਕਿ ਇਸ ਤੋਂ ਪਤਾ ਲੱਗਦਾ ਹੈ ਕਿ ਉਸ ਆਗੂ ਪ੍ਰਤੀ ਲੋਕਾਂ ਵਿੱਚ ਕਿੰਨਾ ਵਿਸ਼ਵਾਸ ਤੇ ਸੱਚਾਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਵੱਡੀ ਜ਼ਿੰਮੇਵਾਰੀ ਹੈ, ਜੋ ਲੋਕਾਂ ਵੱਲੋਂ ਇਨ੍ਹਾਂ ਆਗੂਆਂ ਉੱਤੇ ਪਾਈ ਜਾਂਦੀ ਹੈ ਕਿਉਂਕਿ ਇਹ ਲੋਕਾਂ ਦੀ ਬਹੁਤ ਵੱਡੀ ਸੇਵਾ ਹੈ। ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਪੰਚਾਂ ਨੂੰ ਭਰੋਸਾ ਦਿੱਤਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Leave a Comment

[democracy id="1"]

You May Like This