ਜ਼ਿਲ੍ਹਾ ਹਸਪਤਾਲ ਵਿਖੇ ਆਰ.ਟੀ.ਪੀ.ਸੀ.ਆਰ. ਲੈਬਾਰਟਰੀ ਦਾ ਉਦਘਾਟਨ ਵੀ ਕੀਤਾ
ਬੀਤੇ 2 ਸਾਲਾਂ `ਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸਹੂਲਤਾਂ ਲਈ 32 ਕਰੋੜ ਰੁਪਏ ਦੇ ਪ੍ਰੋਜੈਕਟ ਲਿਆਂਦੇ – ਰਮਨ ਬਹਿਲ
ਗੁਰਦਾਸਪੁਰ, 2 ਦਸੰਬਰ ( ਪੰਜਾਬੀ ਅੱਖਰ / ਬਿਊਰੋ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਸਮੁੱਚੇ ਸੂਬੇ ਦੇ ਨਾਲ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਮਿਆਰੀ ਸਿਹਤ ਸੇਵਾਵਾਂ ਦੇਣ ਦੀਆਂ ਕੋਸ਼ਿਸ਼ਾਂ ਵੀ ਲਗਾਤਾਰ ਜਾਰੀ ਹਨ। ਸ੍ਰੀ ਬਹਿਲ ਦੇ ਯਤਨਾਂ ਸਦਕਾ ਬੀਤੇ 2 ਸਾਲਾਂ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਆਲਹਾ-ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਵੱਲੋਂ 32 ਕਰੋੜ ਰੁਪਏ ਖਰਚ ਕੀਤੇ ਗਏ ਹਨ।
ਮਿਆਰੀ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ (ਬੱਬਰੀ) ਵਿਖੇ ਆਰ.ਟੀ.ਪੀ.ਸੀ.ਆਰ ਲੈਬਾਰਟਰੀ ਸਥਾਪਿਤ ਕੀਤੀ ਗਈ ਹੈ ਜਿਸਦਾ ਸ਼ੁਭ-ਆਰੰਭ ਅੱਜ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਵਲ ਹਸਪਤਾਲ ਵਿਖੇ ਡਿਸਟਰਿਕਟ ਅਰਲੀ ਇੰਟਰਵੈਂਸ਼ਨ ਸੈੰਟਰ ਦਾ ਨੀਹ ਪੱਥਰ ਵੀ ਰੱਖਿਆ।
ਇਸ ਮੌਕੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਫਰਜ਼ ਨਿਭਾਉਂਦਿਆਂ ਬੀਤੇ 2 ਸਾਲਾਂ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ `ਚ ਮਿਆਰੀ ਸਿਹਤ ਸੇਵਾਵਾਂ ਦੇਣ ਲਈ 32 ਕਰੋੜ ਰੁਪਏ ਦੀ ਲਾਗਤ ਦੇ ਪ੍ਰੋਜੈਕਟ ਲਿਆਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਜੋ ਆਰ.ਟੀ.ਪੀ.ਸੀ.ਆਰ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ ਹੈ ਇਸ ਉੱਪਰ 1.34 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਲੈਬ ਵਿੱਚ ਕੋਵਿਡ-19, ਐਚ ਵਨ ਐਨ ਵਨ, ਇੰਫਲੂਐੰਜਾ, ਵਾਇਰਲ ਇੰਫੈਕਸ਼ਨ ਦੇ ਕਰੀਬ 50 ਟੈਸਟ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕੋਵਿਡ-19, ਸਵਾਈਨ ਫਲੂ ਆਦਿ ਦੇ ਟੈਸਟ ਸੈੰਪਲ ਅੰਮ੍ਰਿਤਸਰ ਮੈਡੀਕਲ ਕਾਲਜ ਭੇਜੇ ਜਾਂਦੇ ਸਨ। ਇਸ ਲੈਬ ਦੇ ਸ਼ੁਰੂ ਹੋਣ ਨਾਲ ਹੁਣ ਇਹ ਸਾਰੇ ਟੈਸਟ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਹੋ ਜਾਣਗੇ ਜਿਸ ਨਾਲ ਮਰੀਜਾਂ ਦੀ ਮੁਸ਼ਕਲ ਖਤਮ ਹੋ ਜਾਵੇਗੀ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਡਿਸਟਰਿਕਟ ਅਰਲੀ ਇੰਟਰਵੇਂਸ਼ਨ ਸੈੰਟਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸਿਹਤ ਸਹੂਲਤਾਂ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਬਾਲ ਸਵਾਸਥ ਕਾਰਇਆਕ੍ਰਮ ਦੇ ਤਹਿਤ ਡੀ.ਈ.ਆਈ.ਸੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੈਂਟਰ ਉੱਪਰ ਕੁੱਲ 1.30 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਅਗਲੇ 10 ਮਹੀਨਿਆਂ ਵਿੱਚ ਇਹ ਸੈਂਟਰ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿੱਚ 6 ਸਾਲ ਤੱਕ ਦੇ ਬੱਚਿਆਂ ਦੇ ਇਲਾਜ ਦਾ ਪ੍ਰਬੰਧ ਹੋਵੇਗਾ। ਵੱਖ-ਵੱਖ ਸਿਹਤ ਸੰਸਥਾਵਾਂ ਅਤੇ ਆਰ.ਬੀ.ਐਸ.ਕੇ. ਟੀਮਾਂ ਵੱਲੋਂ ਜਿਨ੍ਹਾਂ ਬੱਚਿਆਂ ਦੀ ਬੀਮਾਰੀਆਂ ਅਤੇ ਸਰੀਰਕ ਕਮੀ ਦੀ ਸ਼ਨਾਖਤ ਕੀਤੀ ਜਾਵੇਗੀ ਅਤੇ ਉਨ੍ਹਾਂ ਦਾ ਇਲਾਜ ਵੀ ਏਥੇ ਕੀਤਾ ਜਾਵੇਗਾ ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਨਿਰਮਾਣ ਅਧੀਨ ਐਮ.ਸੀ.ਐਚ (ਮਦਰ ਐੰਡ ਚਾਇਲਡ ਹੈਲਥ) ਵਿੰਗ ਦੀ ਬਿਲਡਿੰਗ ਵੀ ਆਉਂਦੀ ਫਰਵਰੀ ਮਹੀਨੇ ਮੁਕੰਮਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਹੀ ਇਹ ਵਿੰਗ ਵੀ ਇਲਾਜ ਲਈ ਉਪਲੱਬਧ ਹੋਵੇਗਾ। ਉਨ੍ਹਾਂ ਕਿਹਾ ਕਿ ਕ੍ਰਿਟੀਕਲ ਕੇਅਰ ਸੈਂਟਰ ਵੀ ਜਲਦ ਪੂਰਾ ਹੋ ਜਾਵੇਗਾ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਲੋਕਾਂ ਦੀ ਭਲਾਈ ਲਈ ਉਠਾਈ ਗਈ ਹਰ ਮੰਗ ਨੂੰ ਸੂਬਾ ਸਰਕਾਰ ਨੇ ਪੂਰਾ ਕੀਤਾ ਹੈ ਜਿਸ ਲਈ ਉਹ ਰਾਜ ਸਰਕਾਰ ਦੇ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰਾਂ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਜਿਸ ਕਾਰਨ ਸਾਡਾ ਜ਼ਿਲ੍ਹਾ ਗੁਰਦਾਸਪੁਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਵੀ ਬਹੁਤ ਪੱਛੜ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਮਾਨ ਸਰਕਾਰ ਦੀ ਅਗਵਾਈ ਹੇਠ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਰਿਕਾਰਡ ਕੰਮ ਹੋ ਰਹੇ ਹਨ ਅਤੇ ਉਨ੍ਹਾਂ ਵੱਲੋਂ ਬੀਤੇ ਦੋ ਸਾਲਾਂ ਵਿੱਚ ਹੀ 32 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟ ਆਪਣੇ ਹਕਲਕੇ ਲਈ ਲਿਆਂਦੇ ਗਏ ਹਨ।
ਸ੍ਰੀ ਬਹਿਲ ਨੇ ਦੱਸਿਆ ਕਿ 32 ਕਰੋੜ ਰੁਪਏ ਦੇ ਪ੍ਰੋਜੈਕਟਾਂ ਵਿੱਚ ਮੁੱਖ ਤੌਰ `ਤੇ ਅਰਬਨ ਕਮਿਊਨਿਟੀ ਸੈਂਟਰ (ਪੁਰਾਣਾ ਸਿਵਲ ਹਸਪਤਾਲ) ਗੁਰਦਾਸਪੁਰ ਨੂੰ ਅਪਗਰੇਡ ਕਰਨ ਉੱਪਰ 3.50 ਕਰੋੜ ਰੁਪਏ, ਐਕਸ-ਰੇ ਰੂਮ ਉੱਪਰ 5 ਲੱਖ ਰੁਪਏ, ਫੂਡ ਐਂਡ ਡਰੱਗ ਜ਼ੋਨਲ ਦਫ਼ਤਰ ਗੁਰਦਾਸਪੁਰ ਲਈ 60 ਲੱਖ ਰੁਪਏ, 50 ਬੈੱਡਡ ਜੱਚਾ-ਬੱਚਾ ਹਸਪਤਾਲ ਲਈ 10.50 ਕਰੋੜ ਰੁਪਏ, ਜ਼ਿਲ੍ਹਾ ਹਸਪਤਾਲ ਦੀ ਮੁਰੰਮਤ ਉੱਪਰ 2.50 ਲੱਖ ਰੁਪਏ, ਕ੍ਰਿਟੀਕਲ ਕੇਅਰ ਯੂਨਿਟ ਉੱਪਰ 16.75 ਕਰੋੜ ਰੁਪਏ, ਆਈ.ਪੀ.ਐੱਚ.ਐੱਲ. ਲੈਬ ਗੁਰਦਾਸਪੁਰ ਲਈ 38 ਲੱਖ ਰੁਪਏ ਅਤੇ ਅਲਟਰਾ ਸਾਊਂਡ ਮਸ਼ੀਨ ਲਈ 25 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਪ੍ਰੋਜੈਕਟ ਲਿਆਂਦੇ ਜਾਣਗੇ।
ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਭਾਰਤ ਭੂਸ਼ਨ ਨੇ ਕਿਹਾ ਕਿ ਜਿਲਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰੀ ਹਸਪਤਾਲਾਂ ਵਿੱਚ ਮਿਲ ਰਹੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ, ਅੱੈਸ.ਐੱਮ.ਓ. ਡਾ. ਅਰਵਿੰਦ ਮਹਾਜਨ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਸੀਨੀਅਰ ਆਗੂ ਨੀਰਜ ਸਲੋਤਰਾ, ਗੁਰਦੇਵ ਸਿੰਘ ਟਿੰਕੂ ਬੱਬਰੀ, ਬਲਾਕ ਪ੍ਰਧਾਨ ਰਣਜੀਤ ਸਿੰਘ ਬੱਬਰੀ, ਤਲਵਿੰਦਰ ਸਿੰਘ, ਗੁਰਦੇਵ ਸਿੰਘ, ਮਨਜਿੰਦਰ ਸਿੰਘ ਮੰਨਾ, ਸੁਖਵੰਤ ਰਾਜ, ਨਵੀਨ ਕੁਮਾਰ ਜੀਵਨਵਾਲ, ਸਿਹਤ ਵਿਭਾਗ ਦੇ ਮਾਸ ਮੀਡੀਆ ਅਫ਼ਸਰ ਪਰਮਿੰਦਰ ਸਿੰਘ ਹਾਜ਼ਰ ਸਨ।