ਚੰਡੀਗੜ੍ਹ, 8 ਦਸੰਬਰ { ਪੰਜਾਬੀ ਅੱਖਰ / ਬਿਊਰੋ } :- ਪੰਜਾਬ ਵਿੱਚ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ 21 ਦਸੰਬਰ ਨੂੰ ਪੈਣਗੀਆਂ। ਸੂਬਾਈ ਚੋਣ ਕਮਿਸ਼ਨ ਨੇ ਅੱਜ ਇਹ ਜਾਣਕਾਰੀ ਦਿੱਤੀ। ਕਮਿਸ਼ਨ ਮੁਤਾਬਕ ਨਗਰ ਨਿਗਮ ਚੋਣਾਂ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਪੂਰੀ ਕਰ ਲਈਆਂ ਗਈਆਂ ਹਨ।
ਸੂਬੇ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇੱਥੇ ਮੀਡੀਆ ਨੂੰ ਦੱਸਿਆ ਕਿ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।
ਉਨ੍ਹਾਂ ਦੱਸਿਆ, ‘‘ਅੱਜ ਤੋਂ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।’’ ਪੰਜਾਬ ਦੀਆਂ ਜਿਨ੍ਹਾਂ ਪੰਜ ਨਗਰ ਨਿਗਮਾਂ ਲਈ ਚੋਣਾਂ ਹੋ ਰਹੀਆਂ ਹਨ ਉਨ੍ਹਾਂ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਸ਼ਾਮਲ ਹਨ। ਚੌਧਰੀ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ ਹੋਵੇਗੀ ਅਤੇ ਆਖ਼ਰੀ ਤਰੀਕ 12 ਦਸੰਬਰ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 37.32 ਲੱਖ ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਦੇ ਹਨ, ਜਿਨ੍ਹਾਂ ਵਿੱਚੋਂ 17.75 ਲੱਖ ਔਰਤਾਂ ਹਨ।