ਕਾਂਗਰਸ ਵਰਕਿੰਗ ਕਮੇਟੀ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ’ਤੇ ਦੁੱਖ ਜਤਾਇਆ
ਨਵੀਂ ਦਿੱਲੀ, 27 ਦਸੰਬਰ ( ਪੰਜਾਬੀ ਅੱਖਰ / ਬਿਊਰੋ ) :- ਕਾਂਗਰਸ ਵਰਕਿੰਗ ਕਮੇਟੀ (ਸੀਡਬਲਿਊਸੀ) ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਭਾਰਤ ਨੇ ਇਕ ਅਜਿਹਾ ਸੱਚਾ ਰਾਜਨੇਤਾ ਗੁਆ ਦਿੱਤਾ ਹੈ ਜਿਨ੍ਹਾਂ ਦੇ ਜੀਵਨ ਅਤੇ ਕੰਮਾਂ ਨੇ ਮੁਲਕ ਦੇ ਭਵਿੱਖ ਨੂੰ ਸੇਧ ਦਿਖਾਈ ਸੀ। ਵਰਕਿੰਗ ਕਮੇਟੀ ਦੀ ਮੀਟਿੰਗ ’ਚ ਪਾਸ ਕੀਤੇ ਮਤੇ ’ਚ ਇਹ ਵੀ ਕਿਹਾ ਗਿਆ ਕਿ ਕਾਂਗਰਸ ਮਨਮੋਹਨ ਸਿੰਘ ਦੀ ਯਾਦ ਨੂੰ ਸੰਭਾਲਣ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਅੱਗੇ ਵਧਾਉਣ ਦਾ ਅਹਿਦ ਲੈਂਦੀ ਹੈ। ਮੀਟਿੰਗ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਕੇਸੀ ਵੇਣੂਗੋਪਾਲ, ਜੈਰਾਮ ਰਮੇਸ਼ ਅਤੇ ਹੋਰ ਕਈ ਸੀਨੀਅਰ ਆਗੂ ਹਾਜ਼ਰ ਸਨ। ਮਤੇ ’ਚ ਕਿਹਾ ਗਿਆ ਹੈ, ‘‘ਕਾਂਗਰਸ ਵਰਕਿੰਗ ਕਮੇਟੀ ਦੇਸ਼ ਦੇ ਸੱਚੇ ਰਾਜਨੇਤਾ ਡਾਕਟਰ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਡੂੰਘਾ ਅਫ਼ਸੋਸ ਪ੍ਰਗਟ ਕਰਦੀ ਹੈ ਜਿਨ੍ਹਾਂ ਦੇ ਜੀਵਨ ਅਤੇ ਕੰਮਾਂ ਨੇ ਭਾਰਤ ਦੇ ਭਵਿੱਖ ਨੂੰ ਸੇਧ ਦਿਖਾਈ। ਡਾਕਟਰ ਸਿੰਘ, ਭਾਰਤੀ ਸਿਆਸਤ ਅਤੇ ਅਰਥਚਾਰੇ ਦੇ ਖੇਤਰ ’ਚ ਇਕ ਵਿਸ਼ਾਲ ਹਸਤੀ ਸਨ ਜਿਨ੍ਹਾਂ ਦੇ ਯੋਗਦਾਨ ਨੇ ਦੇਸ਼ ਨੂੰ ਬਦਲਿਆ ਅਤੇ ਉਨ੍ਹਾਂ ਨੂੰ ਦੁਨੀਆ ਭਰ ’ਚ ਸਨਮਾਨ ਹਾਸਲ ਹੋਇਆ।’’ ਸੀਡਬਲਿਊਸੀ ਨੇ ਕਿਹਾ ਕਿ 1990 ਦੇ ਦਹਾਕੇ ਦੇ ਸ਼ੁਰੂ ’ਚ ਵਿੱਤ ਮੰਤਰੀ ਵਜੋਂ ਮਨਮੋਹਨ ਸਿੰਘ ਭਾਰਤ ਦੇ ਆਰਥਿਕ ਉਦਾਰੀਕਰਨ ਦੇ ਮੋਢੀ ਸਨ। ਉਨ੍ਹਾਂ ਮੁਤਾਬਕ ਡਾਕਟਰ ਸਿੰਘ ਵੱਲੋਂ ਕੀਤੇ ਗਏ ਨਿੱਜੀਕਰਨ ਅਤੇ ਵਿਦੇਸ਼ੀ ਨਿਵੇਸ਼ ਨੂੰ ਹੱਲਾਸ਼ੇਰੀ ਦੇਣ ਵਾਲੇ ਨੀਤੀਗਤ ਕਦਮਾਂ ਨੇ ਭਾਰਤ ਦੇ ਤੇਜ਼ੀ ਨਾਲ ਵਿਕਾਸ ਦੀ ਨੀਂਹ ਰੱਖੀ ਅਤੇ ਉਨ੍ਹਾਂ ਦੀ ਅਗਵਾਈ ਹੇਠ ਭਾਰਤ ਦੁਨੀਆ ਦੇ ਸਭ ਤੋਂ ਤੇਜ਼ੀ ਨਾਲ ਵਧਦੇ ਅਰਥਚਾਰਿਆਂ ’ਚ ਸ਼ਾਮਲ ਹੋ ਗਿਆ। ਉਨ੍ਹਾਂ ਦੀ ਅਗਵਾਈ ਹੇਠ ਮਗਨਰੇਗਾ, ਸਿੱਖਿਆ ਦੇ ਅਧਿਕਾਰ, ਇਤਿਹਾਸਕ ਭਾਰਤ-ਅਮਰੀਕਾ ਸਿਵਲ ਪਰਮਾਣੂ ਸਮਝੌਤੇ, ਕੌਮੀ ਖੁਰਾਕ ਸੁਰੱਖਿਆ ਐਕਟ, ਜ਼ਮੀਨ ਐਕੁਆਇਰ ਐਕਟ, ਖੇਤੀ ਕਰਜ਼ਾ ਮੁਆਫ਼ੀ ਤੇ ਕਰਜ਼ਾ ਰਾਹਤ ਯੋਜਨਾ ਅਤੇ 93ਵੀਂ ਸੰਵਿਧਾਨਕ ਸੋਧ ਜਿਹੇ ਫ਼ੈਸਲਿਆਂ ਦੀ ਵੀ ਸ਼ਲਾਘਾ ਕੀਤੀ ਗਈ। ਵਰਕਿੰਗ ਕਮੇਟੀ ਨੇ ਕਿਹਾ ਕਿ ਇਕ ਆਗੂ ਵਜੋਂ ਆਪਣੇ ਯੋਗਦਾਨ ਤੋਂ ਇਲਾਵਾ ਮਨਮੋਹਨ ਸਿੰਘ ਇਕ ਸਨਮਾਨਿਤ ਸਿੱਖਿਆ ਸ਼ਾਸਤਰੀ ਵੀ ਸਨ। ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਨੂੰ ‘ਨਿੱਜੀ ਘਾਟਾ’ ਕਰਾਰ ਦਿੰਦਿਆਂ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਆਪਣਾ ਦੋਸਤ, ਦਾਰਸ਼ਨਿਕ ਅਤੇ ਮਾਰਗਦਰਸ਼ਕ ਗੁਆ ਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਅਜਿਹਾ ਆਗੂ ਗੁਆ ਲਿਆ ਹੈ ਜੋ ਗਿਆਨ, ਵਡੱਪਣ ਅਤੇ ਨਰਮ ਸੁਭਾਅ ਦੇ ਪ੍ਰਤੀਕ ਸਨ। ਸੋਨੀਆ ਨੇ ਆਪਣੇ ਸੋਗ ਸੁਨੇਹੇ ’ਚ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਦੇ ਦੇਹਾਂਤ ਨਾਲ ਅਜਿਹਾ ਖਲਾਅ ਪੈਦਾ ਹੋ ਗਿਆ ਹੈ ਜੋ ਕਦੇ ਵੀ ਪੂਰਿਆ ਨਹੀਂ ਜਾ ਸਕਦਾ ਹੈ।
ਸਸਕਾਰ ਅਜਿਹੀ ਥਾਂ ’ਤੇ ਹੋਵੇ ਜਿਥੇ ਯਾਦਗਾਰ ਬਣ ਸਕੇ: ਖੜਗੇ
ਨਵੀਂ ਦਿੱਲੀ:
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਅਜਿਹੀ ਥਾਂ ’ਤੇ ਕੀਤਾ ਜਾਵੇ ਜਿਥੇ ਉਨ੍ਹਾਂ ਦੀ ਯਾਦਗਾਰ ਬਣ ਸਕੇ। ਉਨ੍ਹਾਂ ਪ੍ਰਧਾਨ ਮੰਤਰੀ ਨਾਲ ਟੈਲੀਫੋਨ ’ਤੇ ਗੱਲਬਾਤ ਕਰਕੇ ਅਤੇ ਚਿੱਠੀ ਲਿਖ ਕੇ ਇਹ ਅਪੀਲ ਕੀਤੀ ਹੈ। ਖੜਗੇ ਨੇ ਕਿਹਾ ਕਿ ਇਹ ਅਪੀਲ ਰਾਜਸੀ ਆਗੂਆਂ ਅਤੇ ਸਾਬਕਾ ਪ੍ਰਧਾਨ ਮੰਤਰੀਆਂ ਦੇ ਅੰਤਿਮ ਸੰਸਕਾਰ ਵਾਲੀ ਥਾਂ ’ਤੇ ਹੀ ਉਨ੍ਹਾਂ ਦੀ ਯਾਦਗਾਰ ਬਣਾਉਣ ਦੀ ਰਵਾਇਤ ਨੂੰ ਧਿਆਨ ’ਚ ਰਖਦਿਆਂ ਕੀਤੀ ਗਈ ਹੈ। ਉਨ੍ਹਾਂ ਪੱਤਰ ’ਚ ਡਾਕਟਰ ਮਨਮੋਹਨ ਸਿੰਘ ਦੀਆਂ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ।’