ਕੁੱਲ 13 ਵਾਰਡਾਂ ਵਿਚੋਂ 9 ਵਾਰਡ ਆਮ ਆਦਮੀ ਪਾਰਟੀ ਨੇ ਜਿੱਤੇ, ਜਦਕਿ 4 ਵਾਰਡਾਂ ਵਿੱਚ ਕਾਂਗਰਸ ਜੇਤੂ ਰਹੀ
ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਚੋਣਾਂ ਦੌਰਾਨ ਕੁੱਲ 73.5 ਫ਼ੀਸਦੀ ਵੋਟਾਂ ਪੋਲ ਹੋਈਆਂ
ਡੇਰਾ ਬਾਬਾ ਨਾਨਕ, 02 ਮਾਰਚ ( ਪੰਜਾਬੀ ਅੱਖਰ / ਬਿਊਰੋ ) :- ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਆਮ ਚੋਣਾਂ ਅੱਜ ਪੂਰੇ ਅਮਨ-ਅਮਾਨ ਨਾਲ ਮੁਕੰਮਲ ਹੋ ਗਈਆਂ ਹਨ। ਸਵੇਰੇ 07:00 ਵਜੇ ਤੋਂ ਸ਼ਾਮ 04:00 ਵਜੇ ਤੱਕ ਕੁੱਲ 73.5 ਫ਼ੀਸਦੀ ਵੋਟਾਂ ਪੋਲ ਹੋਈਆਂ। ਵੋਟਾਂ ਪੈਣ ਦੀ ਸਮਾਪਤੀ ਤੋਂ ਐਲਾਨੇ ਚੋਣ ਨਤੀਜਿਆਂ ਦੌਰਾਨ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ 13 ਵਾਰਡਾਂ ਵਿੱਚੋਂ 9 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ, ਜਦਕਿ ਕਾਂਗਰਸ ਪਾਰਟੀ ਦੇ 4 ਉਮੀਦਵਾਰ ਜੇਤੂ ਰਹੇ ਹਨ।
ੁਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਚੋਣ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ 13 ਵਾਰਡਾਂ ਵਿਚੋਂ ਆਮ ਆਦਮੀ ਪਾਰਟੀ ਦੇ 9 ਉਮੀਦਵਾਰ ਜੇਤੂ ਰਹੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਵਿੱਚ ਵਾਰਡ ਨੰਬਰ 1 ਤੋਂ ਉਮੀਦਵਾਰ ਸੁਖਵਿੰਦਰ ਸਿੰਘ, ਵਾਰਡ ਨੰਬਰ 2 ਤੋਂ ਹਰਿੰਦਰ ਸਿੰਘ, ਵਾਰਡ ਨੰਬਰ 3 ਤੋਂ ਸੁਖਵਿੰਦਰ ਕੌਰ, ਵਾਰਡ ਨੰਬਰ 4 ਤੋਂ ਰਜਤ ਮਰਵਾਹਾ, ਵਾਰਡ ਨੰਬਰ 5 ਤੋਂ ਸ਼ਿਖਾ ਗੁਪਤਾ, ਵਾਰਡ ਨੰਬਰ 6 ਤੋਂ ਸਤ ਪਾਲ, ਵਾਰਡ ਨੰਬਰ 7 ਤੋਂ ਮੋਨਿਕਾ ਕੁਮਾਰੀ, ਵਾਰਡ ਨੰਬਰ 10 ਤੋਂ ਮਨੀਸ਼ਾ ਅਤੇ ਵਾਰਡ ਨੰਬਰ 11 ਤੋਂ ਉਮੀਦਵਾਰ ਕੁਲਵਿੰਦਰ ਸਿੰਘ ਸ਼ਾਮਲ ਹਨ।
ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅੱਗੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਚਾਰ ਉਮੀਦਵਾਰ ਜੇਤੂ ਰਹੇ ਹਨ ਜਿਨ੍ਹਾਂ ਵਿੱਚ ਵਾਰਡ ਨੰਬਰ 8 ਤੋਂ ਗੁਰਨਾਮ ਸਿੰਘ, ਵਾਰਡ ਨੰਬਰ 9 ਤੋਂ ਬਲਬੀਰ ਕੌਰ, ਵਾਰਡ ਨੰਬਰ 12 ਤੋਂ ਸੁਖਜੀਤ ਸਿੰਘ ਅਤੇ ਵਾਰਡ ਨੰਬਰ 13 ਤੋਂ ਪਰਮਜੀਤ ਕੌਰ ਸ਼ਾਮਲ ਹਨ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੀਆਂ ਚੋਣਾਂ ਅਮਨ-ਸ਼ਾਂਤੀ ਨਾਲ ਮੁਕੰਮਲ ਹੋਣ `ਤੇ ਸਮੂਹ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਕੀਤਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੀ ਚੋਣ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਅਤੇ ਸੁਰੱਖਿਆ ਕਰਮੀਆਂ ਦਾ ਵੀ ਧੰਨਵਾਦ ਕੀਤਾ ਹੈ।