Code Of Ethics

Download app

Subscribe To Print Edition

ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਸੰਪੰਨ ਹੋਇਆ

ਅੰਮ੍ਰਿਤਸਰ, 17 ਅਪ੍ਰੈਲ 2025 ( ਪੰਜਾਬੀ ਅੱਖਰ / ਬਿਊਰੋ ) :- ਇਥੇ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਣੇ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਸ਼ਬਦ ਗਾਇਨ ਕਰਦਿਆਂ ਨਗਰ ਕੀਰਤਨ ਦੀ ਸ਼ੋਭਾ ਵਧਾਈ। ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਪਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ 18 ਅਪਰੈਲ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਸ ਦੇ ਭੋਗ 18 ਅਪਰੈਲ ਨੂੰ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ ਮਹੀਨੇ ’ਚ ਮਨਾਈ ਜਾ ਰਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਦੀ ਆਰੰਭਤਾ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਜਾਣਗੇ। ਇਸ ਮੌਕੇ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਮੌਜੂਦ ਸਨ।

Advertisment