ਰਾਜਪਾਲ ਦੀ ਪੈਦਲ ਯਾਤਰਾ ’ਚ ਨਵੀਆਂ ਸਿਆਸੀ ਪੈੜਾਂ

ਸੁਖਬੀਰ ਤੇ ਡੇਰਾ ਬਿਆਸ ਮੁਖੀ ਯਾਤਰਾ ’ਚ ਸ਼ਾਮਲ; ਅਕਾਲੀ-ਭਾਜਪਾ ਗੱਠਜੋੜ ਦੀ ਚਰਚਾ

featured-img

ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦੀ ਪੈਦਲ ਯਾਤਰਾ ਦੇ ਦੂਜੇ ਦਿਨ ਅੱਜ ਫ਼ਿਰੋਜ਼ਪੁਰ ’ਚ ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੀ ਵਿਚਰੇ ਜਿਸ ਨੇ ਨਵੇਂ ਸਿਆਸੀ ਸੰਕੇਤ ਦਿੱਤੇ ਹਨ। ਪੈਦਲ ਯਾਤਰਾ ’ਚ ਭਾਜਪਾ ਦੇ ਸੀਨੀਅਰ ਆਗੂ ਵੀ ਸ਼ਾਮਲ ਸਨ। ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਸ਼ਾਇਦ ਪਹਿਲੀ ਵਾਰ ਕਿਸੇ ਜਨਤਕ ਯਾਤਰਾ ’ਚ ਸ਼ਾਮਲ ਹੋਏ ਹਨ।ਰਾਜਪਾਲ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦੇ ਮਕਸਦ ਨਾਲ ਸ਼ੁਰੂ ਕੀਤੀ ਇਸ ਯਾਤਰਾ ’ਚੋਂ ਸਿਆਸੀ ਨਕਸ਼ ਵੀ ਉਘੜਨ ਲੱਗੇ ਹਨ।

 

ਅੱਜ ਫ਼ਿਰੋਜ਼ਪੁਰ ’ਚ ਪੈਦਲ ਯਾਤਰਾ ਵੀ ਹੋਈ ਅਤੇ ਸਮਾਗਮ ਵੀ ਹੋਏ। ਡੇਰਾ ਮੁਖੀ ਅਤੇ ਸ਼੍ਰੀ ਕਟਾਰੀਆ ਦਰਮਿਆਨ ਮੀਟਿੰਗ ਹੋਣ ਦੀ ਵੀ ਚਰਚਾ ਹੈ। ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅੱਜ ਵੱਖਰੇ ਤੌਰ ’ਤੇ ਪੈਦਲ ਯਾਤਰਾ ’ਚ ਪੁੱਜੇ; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਫ਼ਰੀਦਕੋਟ ਤੋਂ ਫ਼ਿਰੋਜ਼ਪੁਰ ਪਹੁੰਚੇ। ਸਿਆਸੀ ਹਲਕਿਆਂ ’ਚ ਘੁਸਰ-ਮੁਸਰ ਸ਼ੁਰੂ ਹੋ ਗਈ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲੀ ਵਾਰ ਰਾਜਪਾਲ ਦੀ ਪੈਦਲ ਯਾਤਰਾ ’ਚ ਸ਼ਮੂਲੀਅਤ ਕਿਤੇ ਆਗਾਮੀ ਵਿਧਾਨ ਸਭਾ ਲਈ ਭਾਜਪਾ-ਅਕਾਲੀ ਗੱਠਜੋੜ ਹੋਣ ਦਾ ਮੁੱਢ ਤਾਂ ਨਹੀਂ ਹੈ।

 

ਪੰਜਾਬ ਦੇ ਰਾਜਪਾਲ ਵੱਲੋਂ ਹੁਣ ਤੱਕ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਸਮਾਜਿਕ ਮੁੱਦੇ ਦੇ ਤੌਰ ’ਤੇ ਹੀ ਲਿਆ ਹੋਇਆ ਸੀ ਅਤੇ ਇਸ ਮੁਹਿੰਮ ’ਚ ਸਿਰਫ਼ ਭਾਜਪਾ ਦੇ ਆਗੂ ਹੀ ਨਜ਼ਰ ਆਉਂਦੇ ਰਹੇ ਹਨ। ਅੱਜ ਪੈਦਲ ਯਾਤਰਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਸੂਤਰ ਆਖਦੇ ਹਨ ਕਿ ਡੇਰਾ ਬਿਆਸ ਦੇ ਮੁਖੀ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਰਮਿਆਨ ਸਿਆਸੀ ਗੱਠਜੋੜ ਲਈ ਸੂਤਰਧਾਰ ਦੀ ਭੂਮਿਕਾ ਨਿਭਾਅ ਸਕਦੇ ਹਨ। ਚੇਤੇ ਰਹੇ ਕਿ ਡੇਰਾ ਬਿਆਸ ਦੇ ਮੁਖੀ ਨੇ ਨਾਭਾ ਜੇਲ੍ਹ ’ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸੀ ਤੇ ਉਸ ਨੂੰ ਬੇਕਸੂਰ ਦੱਸਿਆ ਸੀ। ਇਸ ਮੁਲਾਕਾਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਤਨਜ਼ ਤੋਂ ਵੀ ਸਿਆਸਤ ’ਚ ਕਾਫ਼ੀ ਹਲਚਲ ਹੋਈ ਸੀ। ਡੇਰਾ ਬਿਆਸ ਦੇ ਮੁਖੀ ਪਿਛਲੇ ਕੁਝ ਦਿਨਾਂ ਤੋਂ ਸਿਆਸੀ ਤੌਰ ’ਤੇ ਕਾਫ਼ੀ ਚਰਚਾ ’ਚ ਆ ਗਏ ਹਨ।

 

Leave a Comment

Advertisment

You May Like This