ਅਕਾਲ ਤਖ਼ਤ ’ਤੇ ਪੇਸ਼ ਹੋਏ
ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਪ੍ਰਬੰਧਕਾਂ ਦੀ ਆਗਿਆ ਤੋਂ ਬਿਨਾਂ ਪੁਲੀਸ ਕਾਰਵਾਈ ਕਰਕੇ ਦੋ ਵਿਅਕਤੀਆਂ ਨੂੰ ਚੁੱਕਣ ਦੇ ਮਾਮਲੇ ਵਿੱਚ ਅੱਜ ਫਾਜ਼ਿਲਕਾ ਦੇ ਐਸਐਸਪੀ ਗੁਰਮੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਪੁੱਜੇ ਅਤੇ ਇਸ ਮਾਮਲੇ ਸਬੰਧੀ ਆਪਣਾ ਪੱਖ ਰੱਖਿਆ। ਉਨ੍ਹਾਂ ਨੇ ਪੁਲੀਸ ਵੱਲੋਂ ਹੋਈ ਗਲਤੀ ਦੀ ਖਿਮਾ ਜਾਚਨਾ ਕੀਤੀ ਹੈ।
ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪੁਲੀਸ ਕਾਰਵਾਈ ਦਾ ਸਖਤ ਵਿਰੋਧ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਪਰਿਕਰਮਾ ਵਿੱਚ ਤਾਇਨਾਤ ਟਾਸਕ ਫੋਰਸ ਦੇ ਕਰਮਚਾਰੀਆਂ ਨੇ ਪੁਲੀਸ ਕਾਰਵਾਈ ਦੇ ਵਿਰੋਧ ਵਿੱਚ ਪੁਲੀਸ ਦੇ ਕੁਝ ਕਰਮਚਾਰੀਆਂ ਨੂੰ ਪਰਿਕਰਮਾ ਦੇ ਇੱਕ ਕਮਰੇ ਵਿੱਚ ਰੋਕ ਲਿਆ ਸੀ ਜਿਨ੍ਹਾਂ ਨੂੰ ਉਚ ਪੁਲੀਸ ਅਧਿਕਾਰੀਆਂ ਦੀ ਦਖਲਅੰਦਾਜ਼ੀ ਤੋਂ ਬਾਅਦ ਬਾਹਰ ਭੇਜਿਆ ਗਿਆ ਸੀ। ਇਸ ਮਾਮਲੇ ਵਿੱਚ ਸਿੱਖ ਭਾਈਚਾਰੇ ਵੱਲੋਂ ਵੀ ਇਤਰਾਜ਼ ਕੀਤਾ ਗਿਆ ਸੀ ਅਤੇ ਸਰਕਾਰ ਨੂੰ ਸਿੱਖਾਂ ਦੀ ਨਰਾਜ਼ਗੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਇਸ ਮਾਮਲੇ ਵਿੱਚ ਅੱਜ ਐੱਸਐੱਸਪੀ ਗੁਰਮੀਤ ਸਿੰਘ ਨੇ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣਾ ਸਪੱਸ਼ਟੀਕਰਨ ਦਿੱਤਾ ਅਤੇ ਹੋਈ ਭੁੱਲ ਦੀ ਖਿਮਾ ਜਾਚਨਾ ਕੀਤੀ।
ਮਿਲੀ ਜਾਣਕਾਰੀ ਦੇ ਮੁਤਾਬਕ ਐਸਐਸਪੀ ਜਦੋਂ ਇਸ ਮਾਮਲੇ ਸੰਬੰਧੀ ਖਿਮਾ ਯਾਚਨਾ ਕਰਨ ਲਈ ਪੁੱਜੇ ਤਾਂ ਉਹਨਾਂ ਆਪਣੀ ਦਾੜੀ ਬੰਨ੍ਹੀ ਹੋਈ ਸੀ ਪਰ ਸ੍ਰੀ ਅਕਾਲ ਤਖਤ ਦੀ ਮਰਿਆਦਾ ਦੇ ਮੁਤਾਬਕ ਇੱਕ ਗੁਰਸਿੱਖ ਨੂੰ ਅਕਾਲ ਤਖਤ ਵਿਖੇ ਪੇਸ਼ ਹੋਣ ਸਮੇਂ ਦਾੜੀ ਖੋਲ੍ਹਣੀ ਪੈਂਦੀ ਹੈ। ਇਸ ਲਈ ਉਹ ਵੀ ਦਾੜੀ ਖੋਲ੍ਹ ਕੇ ਪੇਸ਼ ਹੋਏ।




















