Punjab Govt ਨੇ ਮਹਿਲਾ ਸ਼ਕਤੀਕਰਨ ਲਈ ਸਭ ਤੋਂ ਵੱਡਾ ਕਦਮ ਚੁੱਕਿਆ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ਮਾਸਿਕ ਸਹਾਇਤਾ ਯੋਜਨਾ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਇਸ ਨੂੰ ਪੰਜਾਬ ਦੇ ਇਤਿਹਾਸ ਵਿੱਚ ਮਹਿਲਾ ਸ਼ਕਤੀਕਰਨ ਦੇ ਖੇਤਰ ਵਿੱਚ ਚੁੱਕਿਆ ਗਿਆ ਹੁਣ ਤੱਕ ਦਾ ਸਭ ਤੋਂ ਵੱਡਾ ਕਦਮ ਦੱਸਿਆ ਹੈ। ਕੇਜਰੀਵਾਲ ਅਨੁਸਾਰ ਪੰਜਾਬ ਦੀ ‘ਆਪ’ ਸਰਕਾਰ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਨੇ ਆਪਣੀ ਸਭ ਤੋਂ ਵੱਡੀ ਗਾਰੰਟੀ ਪੂਰੀ ਕਰ ਦਿੱਤੀ ਹੈ। ਬਜਟ ਵਿੱਚ ਕੀਤੇ ਗਏ ਐਲਾਨ ਮੁਤਾਬਕ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਅਤੇ ਐਸ.ਸੀ. ਭਾਈਚਾਰੇ ਦੀਆਂ ਮਹਿਲਾਵਾਂ ਨੂੰ 1500 ਰੁਪਏ ਦਿੱਤੇ ਜਾਣਗੇ। ਇਹ ਰਾਸ਼ੀ ਜਲਦੀ ਹੀ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋਣੀ ਸ਼ੁਰੂ ਹੋ ਜਾਵੇਗੀ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ ਸੂਬੇ ਦਾ ਪੰਜਵਾਂ ਬਜਟ ਪੇਸ਼ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਮਹਿਲਾ ਦਿਵਸ ਵਾਲੇ ਦਿਨ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਨੇ ਸਾਰੀਆਂ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਇਹ ਬਜਟ ਖਾਸ ਤੌਰ ’ਤੇ ਮਹਿਲਾਵਾਂ ਦੇ ਸਨਮਾਨ ਨੂੰ ਸਮਰਪਿਤ ਹੈ।





















