ਐਪ ਜ਼ਰੀਏ ਕਰੋੜਾਂ ਰੁਪਏ ਦੇ ਜੀ ਐੱਸ ਟੀ ਚੋਰੀ ਦੀ ਪੁਸ਼ਟੀ ਹੋਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੇਟ ਪੂਜਾ ਐਪ ਰਾਹੀਂ ਟੈਕਸ ਚੋਰੀ ਕਰਨ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਜਰਾਤ ਦੀ ਪੇਟ ਪੂਜਾ ਐਪ ਵਿਰੁੱਧ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ ।
ਉਨ੍ਹਾਂ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ ਪੰਜਾਬ ਦੇ ਹੋਟਲਾਂ ਤੇ ਰੈਸਤਰਾਂ ਵਾਲਿਆਂ ਨੇ ਜੀ ਐੱਸ ਟੀ ਦੀ ਚੋਰੀ ਕੀਤੀ ਹੈ । ਹੁਣ ਤੱਕ 500 ਕਰੋੜ ਦੀ ਟਰਨਓਵਰ ਛੁਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ । ਉਨ੍ਹਾਂ ਦੱਸਿਆ ਕਿ ਹੁਣ ਤੱਕ 239 ਕੇਸਾਂ ਦੀ ਜਾਂਚ ਦੌਰਾਨ 2.54 ਕਰੋੜ ਦੀ ਚੋਰੀ ਫੜ੍ਹੀ ਗਈ ਹੈ ਜਿਸ ਵਿੱਚੋਂ 2.02 ਕਰੋੜ ਦੀ ਵਸੂਲੀ ਕੀਤੀ ਜਾ ਚੁੱਕੀ ਹੈ । ਚੀਮਾ ਨੇ ਕਿਹਾ ਕਿ ਪੰਜਾਬ ‘ਚ 882 ਅਦਾਰੇ ਪੇਟ ਪੂਜਾ ਐਪ ਦੀ ਵਰਤੋਂ ਕਰ ਰਹੇ ਸਨ ।
ਕਾਬਲੇਗੌਰ ਹੈ ਕਿ ਦੇਸ਼ ਵਿੱਚ ਕਰੀਬ 70 ਹਜ਼ਾਰ ਕਰੋੜ ਰੁਪਏ ਦੇ ਹੋਏ ‘ਪੇਟ ਪੂਜਾ ਜੀ ਐੱਸ ਟੀ’ ਘੁਟਾਲੇ ਦਾ ਸੇਕ ਪੰਜਾਬ ਨੂੰ ਵੀ ਲੱਗਿਆ ਹੈ। ਵੇਰਵਿਆਂ ਮੁਤਾਬਕ ਮੁੱਢਲੇ ਪੜਾਅ ’ਤੇ ‘ਪੇਟ ਪੂਜਾ’ ਐਪ ਜ਼ਰੀਏ ਕਰੋੜਾਂ ਰੁਪਏ ਜੀ ਐੱਸ ਟੀ ਚੋਰੀ ਦੀ ਪੁਸ਼ਟੀ ਹੋਈ ਹੈ। ਕਰ ਵਿਭਾਗ ਪੰਜਾਬ ਨੇ ਸੂਬੇ ਦੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਇਸ ਐਪ ਨਾਲ ਕਰੋੜਾਂ ਰੁਪਏ ਜੀ ਐੱਸ ਟੀ ਚੋਰੀ ਦੀ ਪੈੜ ਨੱਪੀ ਹੈ। ਹੁਣ ਤੱਕ ਪੰਜਾਬ ’ਚ ਸੈਂਕੜੇ ਢਾਬੇ/ਰੈਸਟੋਰੈਂਟਾਂ ਅਤੇ ਹੋਟਲਾਂ ਦੀ ਚੈਕਿੰਗ ਹੋ ਚੁੱਕੀ ਹੈ।




















