ਹਿੰਸਕ ਘਟਨਾ ਲਈ ਜੇਲ੍ਹ ਸੁਪਰਡੈਂਟ ਹੋਵੇਗਾ ਜ਼ਿੰਮੇਵਾਰ: ਰਵਜੋਤ ਸਿੰਘ
ਪੰਜਾਬ ਦੀਆਂ ਜੇਲ੍ਹਾਂ ਵਿੱਚ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਕਾਰਨ ਸੂਬਾ ਸਰਕਾਰ ਨੇ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਅੱਜ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੰਜਾਬ ਭਵਨ ਵਿੱਚ ਸੂਬੇ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਜੇਲ੍ਹਾਂ ਵਿੱਚ ਹਿੰਸਕ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬ ਦੀਆਂ ਜੇਲ੍ਹਾਂ ਵਿੱਚ ਹਿੰਸਕ ਘਟਨਾ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪ੍ਰਵਾਹੀ ਲਈ ਸਬੰਧਤ ਜੇਲ੍ਹ ਸੁਪਰਡੈਂਟ ਖ਼ੁਦ ਜ਼ਿੰਮੇਵਾਰ ਹੋਵੇਗਾ ਅਤੇ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਦਾ ਲਗਾਤਾਰ ਮੁਲਾਂਕਣ ਕਰਨ, ਕਮਜ਼ੋਰੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਦੂਰ ਕਰਨ ਅਤੇ ਉਪਲੱਬਧ ਸਰੋਤਾਂ ਦੀ ਪ੍ਰਭਾਵਸ਼ਾਲੀ ਵਰਤੋਂ ਰਾਹੀਂ ਬਿਹਤਰ ਨਤੀਜੇ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਜੇਲ੍ਹਾਂ ਦਾ ਮੁੱਖ ਉਦੇਸ਼ ਸਿਰਫ਼ ਬੰਦੀਆਂ ਨੂੰ ਹਿਰਾਸਤ ਵਿੱਚ ਰੱਖਣਾ ਨਹੀਂ, ਸਗੋਂ ਉਨ੍ਹਾਂ ਦੇ ਸੁਧਾਰ, ਪੁਨਰਵਾਸ ਅਤੇ ਸਮਾਜ ਦੀ ਮੁੱਖ ਧਾਰਾ ਨਾਲ ਮੁੜ ਜੋੜਨ ਲਈ ਚੰਗਾ ਮਾਹੌਲ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਜੇਲ੍ਹ ਪ੍ਰਸ਼ਾਸਨ ਨੂੰ ਬੰਦੀਆਂ ਲਈ ਸਿੱਖਿਆ, ਹੁਨਰ ਵਿਕਾਸ, ਸਿਹਤ ਸਹੂਲਤਾਂ ਅਤੇ ਮਨੋਵਿਗਿਆਨਕ ਸਹਾਇਤਾ ਵਰਗੇ ਉਪਰਾਲਿਆਂ ’ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਵੀ ਦਿੱਤੇ।





















