ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਮਤਾ ਪਾਸ ਕੀਤਾ
ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਹਰੀਕੇ ਪੱਤਣ ਵਿਖੇ ਕੀਤੇ ਫ਼ੈਸਲਿਆਂ ਦੀ ਪ੍ਰੋੜ੍ਹਤਾ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਣ ਲਈ ਰੂਪ-ਰੇਖਾ ਜਲਦੀ ਉਲੀਕੀ ਜਾਵੇਗੀ। ਅੰਤ੍ਰਿਗ ਕਮੇਟੀ ਦੀ ਮੀਟਿੰਗ ਅੱਜ ਇੱਥੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ।
ਮੀਟਿੰਗ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਮੰਗਲਵਾਰ ਹਰੀਕੇ ਪੱਤਣ ਵਿਖੇ ਹੋਏ ਅਰਦਾਸ ਸਮਾਗਮ ਸਮੇਂ ਜਥੇਦਾਰ ਵੱਲੋਂ ਜਸਵੰਤ ਸਿੰਘ ਖਾਲੜਾ ਅਤੇ ਹੋਰਨਾਂ ਦੀ ਯਾਦ ਵਿੱਚ ਹਰੀਕੇ ਪੱਤਣ ’ਤੇ ਸ਼ਹੀਦੀ ਸਮਾਰਕ ਬਣਾਉਣ ਦਾ ਐਲਾਨ ਕੀਤਾ ਗਿਆ ਸੀ। ਉਸ ਸਮੇਂ ਦੌਰਾਨ ਹੋਈਆਂ ਮੌਤਾਂ ਦਾ ਪਤਾ ਲਾ ਕੇ ਦਸਤਾਵੇਜ਼ ਤਿਆਰ ਕਰਨ ਦਾ ਫੈਸਲਾ ਵੀ ਕੀਤਾ ਗਿਆ ਸੀ। ਉਨ੍ਹਾਂ ਹਰੀਕੇ ਪੱਤਣ ਨੂੰ ਸ਼ਹੀਦੀ ਪੱਤਣ ਵਜੋਂ ਸੰਬੋਧਨ ਕਰਨ ਲਈ ਵੀ ਕਿਹਾ ਸੀ।
ਇਕੱਤਰਤਾ ਦੇ ਫੈਸਲਿਆਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਦੀ ਅੰਤ੍ਰਿੰਗ ਕਮੇਟੀ ’ਚ ਮਤਾ ਪਾਸ ਕਰਦਿਆਂ 80 ਤੇ 90 ਦੇ ਦਹਾਕਿਆਂ ਦੌਰਾਨ ਸਿੱਖਾਂ ’ਤੇ ਹੋਏ ਪੁਲੀਸ ਅਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਗਿਆ ਹੈ। ਇਹ ਕਾਲਾ ਸੱਚ ਹੈ ਕਿ ਇਸ ਦੌਰ ਦੌਰਾਨ ਸਿੱਖ ਨੌਜਵਾਨੀ ਦਾ ਮਿੱਥ ਕੇ ਘਾਣ ਕੀਤਾ ਗਿਆ। ਇਸੇ ਤਰ੍ਹਾਂ ਇਕ ਹੋਰ ਮਤਾ ਪਾਸ ਕਰਦਿਆਂ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਲਈ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਅੱਜ ਤਿੰਨ-ਤਿੰਨ ਦਹਾਕੇ ਦੀਆਂ ਸਜ਼ਾਵਾਂ ਭੁਗਤਣ ਦੇ ਬਾਅਦ ਵੀ ਜੇਲ੍ਹਾਂ ਵਿਚ ਬੰਦ ਹਨ। ਦੂਜੇ ਪਾਸੇ ਸਿੱਖ ਨੌਜਵਾਨਾਂ ’ਤੇ ਤਸ਼ੱਦਦ ਕਰਨ ਅਤੇ ਬੇਕਸੂਰਾਂ ਨੂੰ ਸ਼ਹੀਦ ਕਰਨ ਵਾਲੇ ਪੁਲੀਸ ਅਧਿਕਾਰੀ ਜਿਨ੍ਹਾਂ ਨੂੰ ਅਦਾਲਤਾਂ ਨੇ ਦੋਸ਼ੀ ਮੰਨਿਆ ਹੈ, ਨੂੰ ਮੌਜੂਦਾ ਸਰਕਾਰ ਵੱਲੋਂ ਵਿਸ਼ੇਸ਼ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਹਰ ਤਰੀਕਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਦੋਹਰੀ ਨੀਤੀ ਸਰਕਾਰਾਂ ਦੇ ਸਿੱਖ ਵਿਰੋਧੀ ਚਿਹਰੇ ਨੂੰ ਨੰਗਾ ਕਰਦੀ ਹੈ।




















