Majithia NIA Probe: ਪੁਲੀਸ ਦੀ ਪੁੱਛਗਿੱਛ ਤੋਂ ਬਾਅਦ ਵੀ ਹਮਲੇ ਦਾ ਠੋਸ ਕਾਰਨ ਨਾਲ ਮਿਲ ਸਕਿਆ: ਪੁਲੀਸ; ਮਜੀਠੀਆ ਨੇ ਐਨ ਆਈ ਏ ਜਾਂਚ ਮੰਗੀ
Sukhbir Badal Attack: ਮਹਾਰਾਸ਼ਟਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਜਸਪਾਲ ਸਿੰਘ ਨੂੰ 24 ਅਗਸਤ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਸਪਾਲ ਸਿੰਘ ਨੂੰ ਵੀਰਵਾਰ ਨੂੰ ਇੱਥੇ ਮਾਤਾ ਸਾਹਿਬ ਗੁਰਦੁਆਰੇ ਦੇ ਅੰਦਰ ਸੁਖਬੀਰ ਬਾਦਲ ’ਤੇ ਹਮਲਾ ਕਰਨ ਦੇ ਤੁਰੰਤ ਬਾਅਦ ਕਾਬੂ ਕਰ ਲਿਆ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਉਸ ਤੋਂ ਘੰਟਿਆਂਬੱਧੀ ਪੁੱਛਗਿੱਛ ਕੀਤੀ ਗਈ ਪਰ ਪੁਲੀਸ ਨੂੰ ਅਜੇ ਤੱਕ ਉਸ ਦੇ ਹਮਲੇ ਕਰਨ ਪਿੱਛੇ ਕੋਈ ਠੋਸ ਕਾਰਨ ਨਹੀਂ ਮਿਲਿਆ ਹੈ। ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਨੇ ਹਮਲੇ ਦੀ ਐਨ ਆਈ ਏ ਜਾਂਚ ਦੀ ਮੰਗ ਕੀਤੀ ਹੈ।
ਜਾਣਕਾਰੀ ਅਨੁਸਾਰ ਜਸਪਾਲ ਸਿੰਘ ਨੂੰ ਸ਼ਾਮ 4 ਵਜੇ ਦੇ ਕਰੀਬ ਮੁਦਖੇੜ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 24 ਅਗਸਤ ਤੱਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ। ਦੂਜੇ ਪਾਸੇ ਸੁਖਬੀਰ ਬਾਦਲ ਸਥਾਨਕ ਹਸਪਤਾਲ ਵਿੱਚ ਇਲਾਜ ਕਰਵਾਉਣ ਤੋਂ ਬਾਅਦ ਦਿੱਲੀ ਲਈ ਰਵਾਨਾ ਹੋ ਗਏ।
ਦੱਸਣਾ ਬਣਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ (64) ’ਤੇ ਬੀਤੇ ਕੱਲ੍ਹ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰੇ ’ਚ ਇੱਕ ਨਿਹੰਗ ਵੱਲੋਂ ਕਿਰਪਾਨ ਨਾਲ ਹਮਲੇ ਕੀਤਾ ਗਿਆ ਸੀ। ਸੁਖਬੀਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਦੇ ਸੱਜੇ ਹੱਥ ’ਤੇ ਟਾਂਕੇ ਲੱਗੇ।
ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਪੁਲੀਸ ਅਧਿਕਾਰੀ ਸੰਤੋਸ਼ ਕੇਂਦਰੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ’ਚ ਜ਼ਖ਼ਮੀ ਹੋ ਗਿਆ ਸੀ।
ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸੰਸਦ ਮੈਂਬਰ ਅਤੇ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਨਾਲ ਨਾਂਦੇੜ ਸਥਿਤ ਤਖ਼ਤ ਹਜ਼ੂਰ ਸਾਹਿਬ ’ਚ ਮੱਥਾ ਟੇਕਿਆ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਹਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਫੋਨ ਕਰ ਕੇ ਹਾਲ-ਚਾਲ ਜਾਣਿਆ।
ਯਾਦ ਰਹੇ ਕਿ ਉਨ੍ਹਾਂ ’ਤੇ ਦਸੰਬਰ 2024 ’ਚ ‘ਤਨਖ਼ਾਹ’ ਲੱਗੀ ਹੋਣ ਸਮੇਂ ਸੇਵਾਦਾਰ ਦੀ ਡਿਊਟੀ ਨਿਭਾਉਣ ਵੇਲੇ ਸਾਬਕਾ ਖਾੜਕੂ ਨਰਾਇਣ ਸਿੰਘ ਚੌੜਾ ਨੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਨੂੰ ਫੜ ਲਿਆ ਸੀ।
ਇਹ ਵੀ ਪੜ੍ਹੋ: “ਮੈਂ ਡਰਿਆ ਨਹੀਂ…” : ਹਮਲੇ ਤੋਂ ਬਾਅਦ Sukhbir Badal ਦਾ ਪਹਿਲਾ ਬਿਆਨ
ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਸੁਖਬੀਰ ਸਿੰਘ ਬਾਦਲ ਦੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਖ਼ੁਫ਼ੀਆ ਵਿਭਾਗ ਦੀ ਨਾਕਾਮੀ ਹੈ। ਮਜੀਠੀਆ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਨੇ ਹਮਲੇ ਦੀ ਸੀ ਬੀ ਆਈ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਪਾਰਟੀ ਦੇ ਤਰਜਮਾਨ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪੰਥਕ ਆਗੂਆਂ ਨੂੰ ਸਾਜ਼ਿਸ਼ ਤਹਿਤ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇੱਕ ਹੋਰ ਪਾਰਟੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹਮਲੇ ਦੀ ਮੁਕੰਮਲ ਜਾਂਚ ਹੋਣੀ ਚਾਹੀਦੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਭਾਜਪਾ ਦੇ ਸੀਨੀਅਰ ਆਗੂ ਆਰ ਪੀ ਸਿੰਘ ਨੇ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿਆਸੀ ਮਤਭੇਦ ਅਤੇ ਅਸਹਿਮਤੀ ਲੋਕਤੰਤਰ ਦਾ ਕੁਦਰਤੀ ਹਿੱਸਾ ਹਨ ਪਰ ਕਿਸੇ ਤਰ੍ਹਾਂ ਦੀ ਹਿੰਸਾ ਨੂੰ ਕਦੇ ਵੀ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।




















