ਸੰਯੁਕਤ ਕਿਸਾਨ ਮੋਰਚੇ ਨੇ ਸਰਕਾਰ ਦਾ ਸਹਿਮਤੀ ਪੱਤਰ ਕੀਤਾ ਪ੍ਰਵਾਨ
ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਬਣੀ ਸਹਿਮਤੀ ਮਗਰੋਂ ਚੰਡੀਗੜ੍ਹ ਦੀ ਸਰਹੱਦ ’ਤੇ ਪਿਛਲੇ ਸੱਤ ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਅਧਿਕਾਰਤ ਤੌਰ ’ਤੇ ਸਮਾਪਤ ਹੋ ਗਿਆ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖ਼ੁਦ ਧਰਨੇ ਵਾਲੇ ਸਥਾਨ ’ਤੇ ਪਹੁੰਚ ਕੇ ਕਿਸਾਨ ਆਗੂਆਂ ਨੂੰ ਪੰਜਾਬ ਸਰਕਾਰ ਦਾ ਪ੍ਰਵਾਨਗੀ ਪੱਤਰ ਸੌਂਪਿਆ ਅਤੇ ਸਟੇਜ ਤੋਂ ਸਰਕਾਰ ਨਾਲ ਸਬੰਧਤ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰਨ ਦਾ ਐਲਾਨ ਕੀਤਾ।
ਇਸ ਮੌਕੇ ਖੇਤੀਬਾੜੀ ਮੰਤਰੀ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਸਮਝੌਤਿਆਂ ਨੂੰ ਰੱਦ ਕਰਨ ਲਈ ਸੂਬਾ ਸਰਕਾਰ ਇਸੇ ਮਹੀਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦੇਗੀ। ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਅਤੇ ਸਹਿਮਤੀ ਪੱਤਰ ਮਿਲਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਸਮੁੱਚੇ ਆਗੂਆਂ ਅਤੇ ਧਰਨੇ ਵਿੱਚ ਸ਼ਾਮਲ ਹਜ਼ਾਰਾਂ ਕਿਸਾਨਾਂ ਨੇ ਰਾਹਤ ਦਾ ਸਾਹ ਲਿਆ ਹੈ ਅਤੇ ਹੁਣ ਉਹ ਆਪੋ-ਆਪਣੇ ਘਰਾਂ ਨੂੰ ਰਵਾਨਾ ਹੋ ਗਏ ਹਨ।
ਖੇਤੀਬਾੜੀ ਮੰਤਰੀ ਦੇ ਐਲਾਨ ਤੋਂ ਬਾਅਦ ਪਿਛਲੇ ਸੱਤ ਦਿਨਾਂ ਤੋਂ ਚੰਡੀਗੜ੍ਹ ਦੀ ਬਰੂਹਾਂ ਉੱਤੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਸਮਾਪਤ ਹੋ ਗਿਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਇੱਥੇ ਪਹੁੰਚੇ ਕਿਸਾਨ ਆਪੋ-ਆਪਣੇ ਘਰਾਂ ਨੂੰ ਰਵਾਨਾ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨਾਲ ਐਤਵਾਰ ਰਾਤੀਂ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਕਿਸਾਨ ਜਥੇਬੰਦੀਆਂ ਦੀ ਪ੍ਰਮੁੱਖ ਮੰਗ ਦਰਿਆਈ ਪਾਣੀਆਂ ਦੇ ਸਮਝੌਤਿਆਂ ਦੀਆਂ ਕੁਝ ਮੱਦਾਂ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਰੱਦ ਕਰਨ ਦੀ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕਰ ਲਈ ਗਈ ਸੀ। ਇਸ ਦੇ ਨਾਲ ਬਿਜਲੀ ਸੋਧ ਬਿਲ, ਬੀਜ ਬਿਲ ਅਤੇ ਕਿਸਾਨਾਂ ਦੇ ਕਰਜ਼ਿਆਂ ਲਈ ਇੱਕ ਮੁਸ਼ਤ ਸੈਟਲਮੈਂਟ ਸਮੇਤ ਕੁਝ ਹੋਰ ਮੰਗਾਂ ਵੀ ਪ੍ਰਵਾਨੀਆਂ ਗਈਆਂ ਸਨ। ਜਿਨਾਂ ਵਿੱਚ ਗੰਨੇ ਦਾ ਭਾਅ ਵਧਾਉਣ ਮੰਗ ਵੀ ਸ਼ਾਮਿਲ ਸੀ ।




















