ਕਈ ਸਕੂਲਾਂ ਵਿੱਚ ਅਧਿਆਪਕਾਂ ਨੂੰ ਉਡੀਕਦੇ ਰਹੇ ਵਿਦਿਆਰਥੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਨਸਾ ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਵਿਖੇ ਫੇਰੀ ਦੇ ਮੱਦੇਨਜ਼ਰ ਅੱਜ ਤੜਕਸਾਰ ਪੁਲੀਸ ਵੱਲੋਂ ਵੱਖ-ਵੱਖ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਹਿਰਾਸਤ ਵਿੱਚ ਲਏ ਜਾਣ ਦੀਆਂ ਸੂਚਨਾਵਾਂ ਮਿਲੀਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰੈੱਸ ਸਕੱਤਰ ਰਾਜੇਸ਼ ਬੁਢਲਾਡਾ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ, ਮੀਤ ਪ੍ਰਧਾਨ ਨਵਨੀਤ ਬੋਹਾ, ਪੁਰਾਣੀ ਪੈਨਸ਼ਨ ਬਹਾਲੀ ਨਾਲ ਸਬੰਧਤ ਜ਼ਿਲ੍ਹਾ ਕਨਵੀਨਰ ਦਰਸ਼ਨ ਅਲੀਸ਼ੇਰ ਅਤੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਸ਼ਾਮਲ ਹਨ। ਵੱਖ-ਵੱਖ ਥਾਵਾਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਕਰੀਬ ਇੱਕ ਦਰਜਨ ਆਗੂਆਂ ਨੂੰ ਮਾਨਸਾ, ਬੁਢਲਾਡਾ ਅਤੇ ਹੋਰ ਪੁਲੀਸ ਥਾਣਿਆਂ ਵਿੱਚ ਲਿਜਾਇਆ ਗਿਆ ਹੈ।
ਅਧਿਆਪਕ ਜਥੇਬੰਦੀਆਂ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਤੜਕਸਾਰ ਸ਼ੁਰੂ ਹੋਈ ਇਸ ਕਾਰਵਾਈ ਮਗਰੋਂ ਕਈ ਅਧਿਆਪਕ ਆਗੂ ਘਰਾਂ ਤੋਂ ਇਧਰ-ਉਧਰ ਹੋ ਗਏ। ਇਸ ਕਾਰਨ ਕੁਝ ਸਕੂਲਾਂ ਵਿੱਚ ਅਧਿਆਪਕਾਂ ਦੀ ਗ਼ੈਰ-ਹਾਜ਼ਰੀ ਦੀਆਂ ਸੂਚਨਾਵਾਂ ਵੀ ਮਿਲੀਆਂ ਅਤੇ ਵਿਦਿਆਰਥੀ ਆਪਣੇ ਅਧਿਆਪਕਾਂ ਦੀ ਉਡੀਕ ਕਰਦੇ ਰਹੇ।
ਪੁਲੀਸ ਵੱਲੋਂ ਇਨ੍ਹਾਂ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਦੇ ਕਾਰਨਾਂ ਅਤੇ ਕੁੱਲ ਹਿਰਾਸਤਾਂ ਦੀ ਗਿਣਤੀ ਬਾਰੇ ਅਧਿਕਾਰਤ ਜਾਣਕਾਰੀ ਮਿਲਣੀ ਬਾਕੀ ਹੈ। ਇਸੇ ਦੌਰਾਨ ਪੁਲੀਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਦੇ ‘ਲੋਕ ਮਿਲਣੀ’ ਪ੍ਰੋਗਰਾਮ ਵਿੱਚ ਸੁਖਾਵੇਂ ਮਾਹੌਲ ਲਈ ਪੁਲੀਸ ਵੱਲੋਂ ਇੱਕ-ਦੋ ਅਧਿਆਪਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।




















