ਹਰਮੀਤ ਸਿੰਘ ਪਠਾਣਮਾਜਰਾ ਨੇ ਵਿਧਾਇਕੀ ਤੋਂ ਅਸਤੀਫ਼ਾ ਦਿੱਤਾ
‘ਆਪ’ ਵਿਧਾਇਕਾਂ ਵੱਲੋਂ ਭਾਜਪਾ ’ਚ ਸ਼ਮੂਲੀਅਤ ਕੀਤੇ ਜਾਣ ਮਗਰੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕੋਲ ਦੋ ਵਿਧਾਇਕਾਂ ਦੀ ਮੈਂਬਰੀ ਨੂੰ ਅਯੋਗ ਕਰਾਰ ਦੇਣ ਲਈ ਪਟੀਸ਼ਨ ਦਾਇਰ ਕੀਤੀ ਹੈ। ਅੱਜ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫ਼ਾ ਪ੍ਰਵਾਨ ਕੀਤਾ ਹੈ ਜਦੋਂ ਕਿ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹਾਲੇ ਤੱਕ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਨਹੀਂ ਦਿੱਤਾ ਹੈ। ਹਾਲਾਂਕਿ ਹਰਮੀਤ ਸਿੰਘ ਪਠਾਣਮਾਜਰਾ ਨੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਕੁੱਝ ਸਮੇਂ ਮਗਰੋਂ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਪੰਜਾਬ ਵਿਧਾਨ ਸਭਾ ’ਚ ਆਮ ਆਦਮੀ ਪਾਰਟੀ ਦੀ ਚੀਫ਼ ਵ੍ਹਿੱਪ ਬਲਜਿੰਦਰ ਕੌਰ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਕੋਲ ਪਟੀਸ਼ਨ ਦਾਇਰ ਕੀਤੀ ਹੈ ਜਿਸ ’ਚ ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਦਸਵੇਂ ਸ਼ਡਿਊਲ ਤਹਿਤ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਕਰਾਰ ਦਿੱਤੇ ਜਾਣ ਦੀ ਅਪੀਲ ਕੀਤੀ ਹੈ। ਹੁਣ ਗੇਂਦ ਵਿਧਾਨ ਸਭਾ ਦੇ ਸਪੀਕਰ ਦੇ ਹੱਥ ਹੈ।
ਦੱਸਣਯੋਗ ਹੈ ਕਿ ਸਮਾਣਾ ਤੋਂ ‘ਆਪ’ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਲੰਘੇ ਕੱਲ੍ਹ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ ਸੀ। ਅੱਜ ‘ਆਪ’ ਵਿਧਾਇਕਾਂ ਦੀ ਇਸ ਤਿੱਕੜੀ ਨੇ ਦਿੱਲੀ ਵਿਖੇ ਭਾਜਪਾ ਦਫ਼ਤਰ ’ਚ ਭਾਜਪਾ ’ਚ ਸ਼ਮੂਲੀਅਤ ਕਰ ਲਈ ਹੈ। ਭਾਜਪਾ ਦੇ ਪੰਜਾਬ ਇੰਚਾਰਜ ਸਤੀਸ਼ ਪੂਨੀਆ ਅਤੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਇਸ ਸ਼ਮੂਲੀਅਤ ਮੌਕੇ ਇਨ੍ਹਾਂ ਤਿੰਨੋਂ ਵਿਧਾਇਕਾਂ ਨੂੰ ਪਾਰਟੀ ’ਚ ਜੀ ਆਇਆ ਨੂੰ ਆਖਿਆ।




















