ਸੂਝਵਾਨ ਕਿਸਾਨਾਂ ਵੱਲੋਂ ਪਰਾਲੀ ਦਾ ਪਰਬੰਧਨ ਖੇਤਾਂ ਵਿਚ ਵਾਹ ਕੇ ਅਤੇ ਗੱਠਾਂ ਬਣਾ ਕੇ ਕੀਤਾ ਜਾ ਰਿਹਾ ਹੈ

ਗੁਰਦਾਸਪੁਰ, 7 ਨਵੰਬਰ
ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਮੋਨੀਟਰਿੰਗ ਦਾ ਕੰਮ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਨੂੰ ਅੱਗ ਲਗਾਉਣ ਕਾਰਣ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਲਗਾਤਾਰ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ‘ਤੇ ਠੱਲ੍ਹ ਪਾਈ ਜਾ ਸਕੇ।
ਇਸ ਤੋਂ ਇਲਾਵਾ ਪਿੰਡ-ਪਿੰਡ ਤੱਕ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦਿੰਦੇ ਹੋਏ ਨੋਡਲ ਅਫਸਰਾਂ ਵੱਲੋਂ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਸਬੰਧੀ ਪ੍ਰੇਰਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਹੁਤ ਸਾਰੇ ਕਿਸਾਨ ਵੀਰਾਂ ਵੱਲੋਂ ਪਰਾਲੀ ਦਾ ਪ੍ਰਬੰਧਨ ਖੇਤਾਂ ਵਿਚ ਹੀ ਕਰਕੇ ਬਾਕੀ ਕਿਸਾਨਾਂ ਲਈ ਮਿਸਾਲ ਬਣ ਰਹੇ ਹਨ। ਕਿਸਾਨਾਂ ਵਲੋਂ ਪਰਾਲੀ ਦੇ ਕਰਚਿਆਂ ਦੀ ਮਲਚਿੰਗ ਕਰਕੇ ਉਲਟਾਵੇਂ ਹਲਾਂ ਨਾਲ ਪਰਾਲੀ ਧਰਤੀ ਵਿਚ ਦੱਬੀ ਹੈ । ਹੁਣ ਹੈਪੀ ਸੀਡਰ ਜਾਂ ਰੋਟਾਵੇਟਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰੇਗਾ। ਇਸ ਕਿਸਾਨ ਵੀਰ ਪਰਾਲੀ ਨੂੰ ਅੱਗ ਲਗਾਏ ਉਸ ਦਾ ਨਿਬੇੜਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ 118 ਰੇਕ ਬੇਲਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਜਿਲ੍ਹੇ ਵਿੱਚ ਲੋੜੀਂਦੀ ਮਸ਼ੀਨਰੀ ਉਪਲੱਬਧ ਹੈ। ਪਰੀਲੀ ਦੀ ਸੁਚੱਜੀ ਸਾਂਭ ਸੰਭਾਲ ਲਈ 1647 ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ, ਜਿਸ ਵਿੱਚ 1430 ਸੁਪਰ ਸੀਡਰ ਵੀ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਪਰਾਲੀ ਦੇ ਪ੍ਰਬੰਧਨ ਲਈ ਬੇਲਰ, ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਡ੍ਰਿੱਲ ਆਦਿ ਆਧੁਨਿਕ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਉਪਰੰਤ ਕਣਕ ਦੀ ਬਿਜਾਈ ਸਮੇਂ ਸਿਰ ਅਤੇ ਵਾਤਾਵਰਣ ਪੱਖੀ ਢੰਗ ਨਾਲ ਕੀਤੀ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਸੰਭਾਲਿਆ ਜਾਵੇ ਜਾਂ ਬੇਲਰਾਂ ਰਾਹੀਂ ਗੱਠਾਂ ਬਣਵਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਇਸ ਨਾਲ ਜਿੱਥੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਮਿੱਟੀ ਦੀ ਸਿਹਤ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ।




















