ਰਾਸ਼ਟਰਪਤੀ ਦਰੌਪਦੀ ਮੁਰਮੂ ਨੇ ਦਿੱਲੀ ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਨੂੰ ਕੀਤਾ ਸਨਮਾਨਿਤ
ਭਾਰਤ ਸਰਕਾਰ ਵੱਲੋਂ ਕਰਵਾਏ ਗਏ ਸਵੱਛ ਸਰਵੇਖਣ 2025-26 ਵਿੱਚ ਸ੍ਰੀ ਆਨੰਦਪੁਰ ਸਾਹਿਬ ਨੂੰ ਪੰਜਾਬ ਸੂਬੇ ਦਾ ਪਹਿਲਾ ਸਾਫ਼ ਸ਼ਹਿਰ ਹੋਣ ਦਾ ਐਵਾਰਡ ਪ੍ਰਾਪਤ ਹੋਇਆ ਹੈ। ਨਵੀਂ ਦਿੱਲੀ ਵਿਖੇ ਬੁੱਧਵਾਰ ਨੂੰ ਕਰਵਾਏ ਗਏ ਕੌਮੀ ਐਵਾਰਡ ਸਮਾਰੋਹ ਦੌਰਾਨ ਰਾਸ਼ਟਰਪਤੀ ਸ੍ਰੀਮਤੀ ਦਰੌਪਦੀ ਮੁਰਮੂ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਨਗਰ ਕੌਂਸਲ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੂੰ ਇਹ ਸਨਮਾਨ ਪ੍ਰਦਾਨ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖਾਲਸੇ ਦੀ ਜਨਮ ਭੂਮੀ ਨੂੰ ਮਿਲਿਆ ਇਹ ਕੌਮੀ ਸਨਮਾਨ ਸਮੁੱਚੇ ਇਲਾਕੇ ਅਤੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਪਿੱਛੇ ਸ਼ਹਿਰ ਵਾਸੀਆਂ, ਨਗਰ ਕੌਂਸਲ ਦੇ ਅਧਿਕਾਰੀਆਂ, ਸਫ਼ਾਈ ਕਰਮਚਾਰੀਆਂ ਅਤੇ ਸਹਿਯੋਗ ਦੇਣ ਵਾਲੇ ਹਰ ਵਿਅਕਤੀ ਦੀ ਮਿਹਨਤ ਸ਼ਾਮਲ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ ਦੇ ਨਾਲ-ਨਾਲ ਸਫ਼ਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਐਵਾਰਡ ਨਗਰ ਕੌਂਸਲ ਦੀ ਸਮੁੱਚੀ ਟੀਮ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਸ਼ਹਿਰ ਦੀ ਸਫ਼ਾਈ, ਸੁੰਦਰਤਾ ਅਤੇ ਵਾਤਾਵਰਨ ਦੀ ਸੰਭਾਲ ਨੂੰ ਪਹਿਲ ਦਿੱਤੀ ਜਾਵੇਗੀ।




















